ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਜੂਨ
ਕਰੋਨਾ ਕਾਰਨ ਅੱਜ ਮੁੜ ਨੌਂ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 133 ਹੋਰ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਅੱਜ ਕਰੋਨਾ ਕਾਰਨ ਮੌਤ ਦੇ ਮੂੰਹ ਵਿਚ ਗਏ ਨੌਂ ਮਰੀਜ਼ਾਂ ਵਿਚ 6 ਮਰਦ ਅਤੇ 3 ਔਰਤਾਂ ਸ਼ਾਮਲ ਹਨ । ਹੁਣ ਤਕ ਜ਼ਿਲ੍ਹੇ ਵਿਚ ਕਰੋਨਾ ਕਾਰਨ 1499 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਵੇਲੇ ਇੱਥੇ 1993 ਕਰੋਨਾ ਦੇ ਐਕਟਿਵ ਕੇਸ ਹਨ ਅਤੇ ਇਸ ਦੌਰਾਨ ਅੱਜ 192 ਮਰੀਜ਼ ਕਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਵੀ ਹੋਏ ਹਨ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਅੱਜ ਕੋਵਿਡ ਦੇ 86 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਜਦੋਂਕਿ ਦੋ ਮਰੀਜ਼ਾਂ ਦੀ ਕੋਵਿਡ ਕਾਰਨ ਮੌਤ ਹੋ ਗਈ। ਸਿਵਲ ਸਰਜਨ ਦਫ਼ਤਰ ਤੋਂ ਜਾਰੀ ਸੂਚਨਾ ਮੁਤਾਬਿਕ ਜ਼ਿਲ੍ਹੇ ਵਿਚ ਹੁਣ ਤੱਕ 29,403 ਕੇਸ ਪਾਜ਼ੇਟਿਵ ਪਾਏ ਗਏ ਅਤੇ 932 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਵਿਚ 973 ਕੇਸ ਐਕਟਿਵ ਹਨ ਅਤੇ 27,498 ਮਰੀਜ਼ ਤੰਦਰੁਸਤ ਹੋ ਚੁੱਕੇ ਹਨ।
ਫਗਵਾੜਾ (ਪੱਤਰ ਪ੍ਰੇਰਕ): ਇੱਥੇ ਕਰੋਨਾ ਦੇ 15 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਕਰਦਿਆਂ ਐਸਐਮਓ ਡਾ. ਕਮਲ ਕਿਸ਼ੋਰ ਨੇ ਦੱਸਿਆ ਕਿ ਪਾਜ਼ੇਟਿਵ ਆਏ ਵਿਅਕਤੀਆਂ ਨੂੰ ਅੱਜ ਇਕਾਂਤਵਾਸ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਅੱਜ 571 ਜਣਿਆਂ ਦੇ ਕਰੋਨਾ ਜਾਂਚ ਲਈ ਨਮੂਨੇ ਲਏ ਗਏ ਹਨ।
ਤਰਨ ਤਾਰਨ (ਪੱਤਰ ਪ੍ਰੇਰਕ): ਇੱਥੇ ਕਰੋਨਾ ਤੋਂ ਪੀੜਤ ਇਕ ਜਣੇ ਦੀ ਅੱਜ ਮੌਤ ਹੋ ਜਾਣ ਨਾਲ ਜਿਲ੍ਹੇ ਵਿਚ ਇਸ ਮਹਾਮਾਰੀ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 330 ਹੋ ਗਈ ਹੈ| ਅੱਜ ਜਿਲ੍ਹੇ ਵਿੱਚ ਕਰੋਨਾ ਤੋਂ ਪੀੜਤ 21 ਹੋਰ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 350 ਹੋ ਗਈ ਹੈ| 192 ਮਰੀਜ਼ ਘਰਾਂ ਵਿਚ ਇਕਾਂਤਵਾਸ ’ਤੇ ਹਨ| ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿੱਚ 2347 ਜਣਿਆਂ ਨੂੰ ਕਰੋਨਾ ਰੋਕੂ ਟੀਕਾ ਲਾਇਆ ਗਿਆ| ਇਸ ਸਬੰਧੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1,41,670 ਜਣਿਆਂ ਨੂੰ ਕਰੋਨਾ ਰੋਕੂ ਦਵਾਈ ਦੇ ਟੀਕੇ ਲਾਏ ਜਾ ਚੁੱਕੇ ਹਨ। ਕੋਵਿਡ-19 ਦੀ ਜਾਂਚ ਲਈ ਅੱਜ 1188 ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।