ਸ਼ਗਨ ਕਟਾਰੀਆ
ਬਠਿੰਡਾ, 10 ਜੂਨ
ਵਿਵਾਦਤ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਲੋਕਾਂ ਨੂੰ ਨਿਆਂ ਦਿਵਾਉਣ ਲਈ ਗਠਿਤ ਵਿਧਾਨ ਸਭਾ ਦੀ ਵਿਸ਼ੇਸ਼ ਅੰਕਿਤ ਕਮੇਟੀ ਨੇ ਅੱਜ ਪੀੜਤ ਕਿਸਾਨਾਂ ਨਾਲ ਗੱਲਬਾਤ ਕਰਕੇ ਸ਼ਿਕਾਇਤਾਂ ਨੋਟ ਕੀਤੀਆਂ।
ਕਮੇਟੀ ਦੇ ਸਭਾਪਤੀ ਕੁਲਦੀਪ ਸਿੰਘ ਵੈਦ ਨੇ ਇੱਥੇ ਫੀਲਡ ਹੋਸਟਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 5 ਮੈਂਬਰੀ ਕਮੇਟੀ ਵਿੱਚੋਂ ਅੱਜ ਉਨ੍ਹਾਂ ਸਮੇਤ ਹਾਜ਼ਰ 2 ਮੈਂਬਰਾਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਜ਼ਿਲ੍ਹੇ ਨਾਲ ਸਬੰਧਤ 14 ਵੱਖ-ਵੱਖ ਕਿਸਾਨਾਂ ਦੇ ਬਿਆਨ ਦਰਜ ਕੀਤੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਮੇਟੀ ਵੱਲੋਂ ਲੁਧਿਆਣਾ ਅਤੇ ਮੋਗਾ ਵਿੱਚ ਵਿਸ਼ੇਸ਼ ਮੀਟਿੰਗਾਂ ਕਰਕੇ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਲਗਭਗ 35 ਕਿਸਾਨਾਂ ਦੇ ਬਿਆਨ ਦਰਜ ਕਰ ਚੁੱਕੀ ਹੈ।
ਸ੍ਰੀ ਵੈਦ ਨੇ ਇੱਕ ਸਵਾਲ ਦੇ ਜਵਾਬ ਵਿੱਚ ਸਪੱਸ਼ਟ ਕੀਤਾ ਕਿ ਇਸ ਕਮੇਟੀ ਵੱਲੋਂ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਤੋਂ ਇਲਾਵਾ ਲੱਖਾ ਸਿਧਾਣਾ ਦੇ ਭਰਾ, ਅਦਾਕਾਰ ਦੀਪ ਸਿੱਧੂ ਅਤੇ ਨੌਦੀਪ ਕੌਰ ਦੇ ਵੀ ਬਿਆਨ ਦਰਜ ਕੀਤੇ ਜਾਣਗੇ। ਕਮੇਟੀ ਦਾ ਮੁੱਖ ਮਕਸਦ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਨਿਆਂ ਦਿਵਾਉਣਾ ਹੈ।
ਉਨ੍ਹਾਂ ਕਿਹਾ ਕਿ ਇਸ ਕਮੇਟੀ ਵੱਲੋਂ ਅਗਲੀਆਂ ਮੀਟਿੰਗਾਂ ਮਾਲਵੇ ਦੇ ਮਾਨਸਾ, ਦੋਆਬੇ ਦੇ ਜਲੰਧਰ ਜਾਂ ਨਵਾਂ ਸ਼ਹਿਰ ਅਤੇ ਮਾਝੇ ਦੇ ਗੁਰਦਾਸਪੁਰ ਜਾਂ ਅੰਮ੍ਰਿਤਸਰ ਵਿੱਚ ਕੀਤੀਆਂ ਜਾਣਗੀਆਂ ਅਤੇ ਉੱਥੋਂ ਦੇ ਪ੍ਰਭਾਵਿਤ ਕਿਸਾਨਾਂ ਦੇ ਬਿਆਨ ਲਏ ਜਾਣਗੇ।
ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਸਪੱਸ਼ਟ ਕੀਤਾ ਕਿ 5 ਮਹੀਨਿਆਂ ਵਿੱਚ ਕਮੇਟੀ ਰਿਪੋਰਟ ਤਿਆਰ ਕਰਕੇ ਵਿਧਾਨ ਸਭਾ ਵਿੱਚ ਜਮ੍ਹਾਂ ਕਰਵਾਏਗੀ। ਇਸ ਮੌਕੇ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ ਗੌਰਵ ਬਾਬਾ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਹਾਦਰ ਸਿੰਘ ਹਾਜ਼ਰ ਸਨ।