ਪੱਤਰ ਪ੍ਰੇਰਕ
ਬਰੇਟਾ, 11 ਜੂਨ
ਸਿਵਲ ਸਰਜਨ ਮਾਨਸਾ ਡਾ. ਸੁਖਵਿੰਦਰ ਸਿੰਘ ਦੀਆਂ ਹਦਾਇਤਾਂ ਤੇ ਸੀ.ਐਚ.ਸੀ. ਬਰੇਟਾ ਵਿੱਚ ਦਿਵਿਆਂਗ ਵਿਅਕਤੀਆਂ ਲਈ ਵਿਸ਼ੇਸ਼ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਮੌਕੇ ਮੈਡੀਕਲ ਅਫਸਰ ਡਾ. ਸੁਧੀਰ ਅਰੋੜਾ ਨੇ ਦੱਸਿਆ ਕਿ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਵੈਕਸੀਨੇਸ਼ਨ ਲਈ ਸਪੈਸ਼ਲ ਕੈਂਪ ਲਗਾਏ ਗਏ ਹਨ ਤਾਂ ਕਿ ਇਹ ਕੋਵਿਡ ਵਰਗੀ ਮਹਾਮਾਰੀ ਤੋਂ ਸੁਰੱਖਿਅਤ ਰਹਿ ਸਕਣ। ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਡਾ. ਗੁਰਚੇਤਨ ਪ੍ਰਕਾਸ਼ ਅਤੇ ਸੀਨੀਅਰ ਮੈਡੀਕਲ ਅਫਸਰ ਬਰੇਟਾ ਡਾ. ਜਗੇਸ਼ ਚਾਂਦਨਾ ਦਾ ਕਹਿਣਾ ਸੀ ਕਿ ਸਮੂਹ ਹੈਲਥ ਸਟਾਫ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਕਿ ਕੋਈ ਵੀ ਯੋਗ ਵਿਅਕਤੀ ਵੈਕਸੀਨ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਕੋਆਡੀਨੇਟਰ ਸੰਜੀਵ ਗੋਇਲ ਨੇ ਸਿਹਤ ਵਿਭਾਗ ਦੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਦੱਸਦਿਆ ਆਪਣੇ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ।