ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਜੂਨ
ਧਰਮ ਪ੍ਰਚਾਰ ਕਮੇਟੀ ਵੱਲੋਂ ਧਰਮ ਅਧਿਐਨ ਵਿੱਚ ਐਮਏ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਸਾਲਾਨਾ ਵਜ਼ੀਫ਼ਾ ਰਾਸ਼ੀ ਦੇ ਚੈੱਕ ਦਿੱਤੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਐਮਏ ਧਰਮ ਅਧਿਐਨ ਦੇ ਵਿਦਿਆਰਥੀਆਂ ਨੂੰ ਸਾਲਾਨਾ 24 ਹਜ਼ਾਰ ਰੁਪਏ ਪ੍ਰਤੀ ਵਿਦਿਆਰਥੀ ਵਜ਼ੀਫ਼ਾ ਦਿੱਤਾ ਜਾਂਦਾ ਹੈ। ਇਸੇ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 10 ਵਿਦਿਆਰਥੀਆਂ 2 ਲੱਖ 40 ਹਜ਼ਾਰ ਰੁਪਏ ਦੀ ਵਜ਼ੀਫ਼ਾ ਰਾਸ਼ੀ ਦਿੱਤੀ ਗਈ।
ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇਣ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਧਰਮ ਦੇ ਖੇਤਰ ਵਿੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਮੱਦਦਗਾਰ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਧਰਮ ਅਧਿਐਨ ਦੀ ਐਮਏ ਕਰਨ ਵਾਲੇ ਵਿਦਿਆਰਥੀਆਂ ਨੂੰ ਸਾਲਾਨਾ 24 ਹਜ਼ਾਰ ਰੁਪਏ ਦਾ ਵਜ਼ੀਫ਼ਾ ਦਿੱਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਧਾਰਮਿਕ ਪ੍ਰੀਖਿਆ ਦੇਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਨੂੰ ਹਰ ਸਾਲ ਵਜ਼ੀਫ਼ੇ ਅਤੇ ਸਨਮਾਨ ਪੱਤਰ ਦਿੱਤੇ ਜਾਂਦੇ ਹਨ। ਇਸ ਮੌਕੇ ਮੀਤ ਸਕੱਤਰ ਸਿਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਕੱਤਰੇਤ ਦੇ ਆਨਰੇਰੀ ਸਕੱਤਰ ਗੁਰਮੀਤ ਸਿੰਘ ਆਦਿ ਹਾਜ਼ਰ ਸਨ।