ਜੋਗਿੰਦਰ ਕੁੱਲੇਵਾਲ
ਗੜ੍ਹਸ਼ੰਕਰ, 11 ਜੂਨ
ਅੱਜ ਇੱਥੇ ਮੈਂਬਰ ਪਾਰਲੀਮੈਂਟ ਤੇ ਸਾਬਕਾ ਕੇਂਦਰੀ ਮੰਤਰੀ ਮੁਨੀਸ਼ ਤਿਵਾੜੀ ਵੱਲੋਂ ਪਿੰਡ ਢਾਡਾ ਕਲਾਂ ਅਤੇ ਢਾਡਾ ਖੁਰਦ ਵਿੱਚ ਪੈਂਦੇ ਢਾਡਾ ਕਲਾਂ ਚੋਅ ਉੱਪਰ ਪੁਲ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਹਾਈ ਲੈਵਲ ਬ੍ਰਿੱਜ ਦਾ ਨਿਰਮਾਣ ਛੇ ਮਹੀਨਿਆਂ ਵਿੱਚ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਐਮ.ਪੀ ਤਿਵਾੜੀ ਨੇ ਕਿਹਾ ਕਿ ਹਲਕੇ ਦਾ ਵਿਕਾਸ ਉਨ੍ਹਾਂ ਦੀ ਪ੍ਰਾਥਮਿਕਤਾ ਹੈ। ਢਾਡਾ ਕਲਾਂ ਅਤੇ ਢਾਡਾ ਖੁਰਦ ਵਿੱਚ ਪੈਂਦੇ ਚੋਅ ਉੱਪਰ ਕਰੀਬ 2.67 ਕਰੋੜ ਰਪਏ ਦੀ ਲਾਗਤ ਨਾਲ ਬਣਨ ਵਾਲੇ 1.07 ਕਿਲੋਮੀਟਰ ਲੰਬੇ ਹਾਈ ਲੇਵਲ ਬ੍ਰਿਜ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਲਕੇ ਨਾਲ ਜੁੜੀਆਂ ਕੁਝ ਹੋਰ ਸਮੱਸਿਆਵਾਂ ਵੀ ਹਨ ਜਿਨ੍ਹਾਂ ਨੂੰ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਦੇ ਸਹਿਯੋਗ ਨਾਲ ਜਲਦੀ ਹੀ ਸੁਲਝਾ ਲਿਆ ਜਾਵੇਗਾ। ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਨਾਲ ਸਬੰਧਤ ਹੀ ਦੋ ਪਿੰਡਾਂ ਨਾਜਰਪੁਰ ਅਤੇ ਰਾਵਲ ਪਿੰਡੀ ਵੱਲੋਂ 100 ਪ੍ਰਤੀਸ਼ਤ ਕਰੋਨਾ ਵੈਕਸੀਨੇਸ਼ਨ ਦਾ ਟੀਚਾ ਪੂਰਾ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ 10-10 ਲੱਖ ਰੁਪਇਆਂ ਦੀ ਗਰਾਂਟ ਜਾਰੀ ਕਰਨ ਵਾਸਤੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਕੈਪਟਨ ਦੀ ਅਗਵਾਈ ’ਚ ਲੜੀਆਂ ਜਾਣਗੀਆਂ: ਤਿਵਾੜੀ
ਗੜ੍ਹਸ਼ੰਕਰ: ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿੱਚ ਨਵੇਂ ਬਣ ਰਹੇ ਡਾਇਲਸਿਸ ਯੂਨਿਟ ਦਾ ਨਿਰੀਖਣ ਕਰਨ ਆਏ ਸ੍ਰੀ ਅਨੰਦ ਪੁਰ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਇੱਥੇ ਸਿਵਲ ਹਸਪਤਾਲ ਗੜ੍ਹਸ਼ੰਕਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਲੜੀਆਂ ਜਾਣਗੀਆਂ ਤੇ ਉਹ ਦੁਬਾਰਾ ਮੁੱਖ ਮੰਤਰੀ ਬਣਨਗੇ। ਉਨ੍ਹਾਂ ਵੱਲੋਂ ਪਾਰਟੀ ਵੱਲੋਂ ਪੰਜਾਬ ਵਿਚ ਵੱਡੀ ਜ਼ਿੰਮੇਵਾਰੀ ਮਿਲਣ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਪਿਛਲੇ ਚਾਲੀ ਸਾਲ ਤੋਂ ਪਾਰਟੀ ਵੱਲੋਂ ਮਿਲੀਆਂ ਵੱਖ-ਵੱਖ ਡਿਊਟੀਆਂ ਨਿਭਾਈਆਂ ਹਨ ਅਤੇ ਪਾਰਟੀ ਜੋ ਵੀ ਸੇਵਾ ਲਗਾਵੇਗੀ ਉਹ ਉਸ ਨੂੰ ਨਿਭਾਉਣਗੇ।