ਆਤਿਸ਼ ਗੁਪਤਾ
ਚੰਡੀਗੜ੍ਹ, 13 ਜੂਨ
ਖੇਤੀ ਕਾਨੂੰਨਾਂ ਖ਼ਿਲਾਫ਼ ਰਾਜਧਾਨੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਾਢੇ 6 ਮਹੀਨੇ ਪੂਰੇ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਪੰਜਾਬ ਅਤੇ ਹਰਿਆਣਾ ਤੋਂ ਕਿਸਾਨਾਂ ਦੇ ਵੱਡੇ ਕਾਫ਼ਲੇ ਰੋਜ਼ਾਨਾ ਦਿੱਲੀ ਲਈ ਰਵਾਨਾ ਹੋ ਰਹੇ ਹਨ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੇ 26 ਜੂਨ ਨੂੰ ਸੰਘਰਸ਼ ਦੇ 7 ਮਹੀਨੇ ਪੂਰੇ ਹੋਣ ’ਤੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਧਰਨੇ ਦੇਣ ਦਾ ਐਲਾਨ ਕੀਤਾ।
ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਟੌਲ ਪਲਾਜ਼ਿਆਂ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ, ਸ਼ਾਪਿੰਗ ਮਾਲਜ਼, ਰੇਲਵੇ ਪਾਰਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਸਮੇਤ ਸਵਾ ਸੌ ਦੇ ਕਰੀਬ ਥਾਵਾਂ ’ਤੇ ਭਾਰੀ ਮੀਂਹ ਦੇ ਬਾਵਜੂਦ ਧਰਨੇ 256ਵੇਂ ਦਿਨ ਵੀ ਜਾਰੀ ਰਹੇ, ਜਿੱਥੇ ਪੀਰ ਬੁੱਧੂ ਸ਼ਾਹ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਕਿਸਾਨ ਅੰਦੋਲਨ ਝੁਕਣ ਦੀ ਥਾਂ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ ਜਾਂ ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਗਾਰੰਟੀ ਦਾ ਕਾਨੂੰਨ ਨਹੀਂ ਬਣਾਇਆ ਜਾਵੇਗਾ, ਉੱਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।
ਇਸੇ ਦੌਰਾਨ ਹਰਿਆਣਾ ਵਿੱਚ ਵੀ ਤੇਜ਼ ਮੀਂਹ ਅਤੇ ਹਨੇਰੀ ਦੇ ਬਾਵਜੂਦ ਕਿਸਾਨ ਧਰਨੇ ਜਾਰੀ ਰਹੇ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਦੇ ਵੱਡੇ ਕਾਫ਼ਲੇ ਦਿੱਲੀ ਲਈ ਰਵਾਨਾ ਹੋਏ। ਭਾਰਤੀ ਕਿਸਾਨ ਏਕਤਾ ਦੇ ਆਗੂ ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਕਿਸਾਨਾਂ ਦਾ ਵੱਡਾ ਕਾਫ਼ਲਾ ਸਿਰਸਾ ਤੋਂ ਚੱਲ ਕੇ ਦਿੱਲੀ ਪਹੁੰਚਿਆ। ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਜ਼ਬਰੀ ਕਿਸਾਨਾਂ ’ਤੇ ਕਿਸਾਨ ਵਿਰੋਧੀ ਕਾਨੂੰਨ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ। ਇਨ੍ਹਾਂ ਕਾਨੂੰਨਾਂ ਨਾਲ ਕਿਸਾਨੀ ਹੀ ਨਹੀਂ ਆਮ ਲੋਕਾਂ ਦੇ ਜੀਵਨ ’ਤੇ ਬਹੁਤ ਅਸਰ ਪਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦਾ ਅੰਨਦਾਤਾ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ ਤਾਂ ਕੇਂਦਰ ਸਰਕਾਰ ਨੂੰ ਤਿੰਨੋਂ ਕਾਨੂੰਨ ਰੱਦ ਕਰਨੇ ਚਾਹੀਦੇ ਹਨ।