ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਜੂਨ
ਵਰ੍ਹਦੇ ਮੀਂਹ ਦਰਮਿਆਨ ਅੱਜ ਦਿੱਲੀ ਦੇ ਮੋਰਚੇ ’ਤੇ ਬੀਕੇਯੂ (ਏਕਤਾ ਉਗਰਾਹਾਂ) ਵੱਲੋਂ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ਨੂੰ ਬੁਲੰਦ ਕਰਦਿਆਂ ਗ੍ਰਿਫ਼ਤਾਰ ਕੀਤੇ ਗਏ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ। ਵਿਸ਼ੇਸ਼ ਇਕੱਤਰਤਾ ਦੌਰਾਨ ਜਮਹੂਰੀ ਹੱਕਾਂ ਦਾ ਦਮਨ ਕਰਨ ਵਾਲੇ ਯੂਏਪੀਏ, ਐੱਨਐੱਸਏ ਅਤੇ ਦੇਸ਼ਧ੍ਰੋਹ ਵਰਗੇ ਕਾਲੇ ਕਾਨੂੰਨਾਂ ਖ਼ਿਲਾਫ਼ ਵੀ ਆਵਾਜ਼ ਉਠਾਈ ਗਈ। ਇਹ ਵਿਸ਼ੇਸ਼ ਇਕੱਤਰਤਾ ਕੌਮੀ ਪੱਧਰ ’ਤੇ ਜਮਹੂਰੀ ਜਥੇਬੰਦੀਆਂ ਵੱਲੋਂ ਪੰਦਰਵਾੜਾ ਮਨਾਉਣ ਦੇ ਦਿੱਤੇ ਗਏ ਸੱਦੇ ਤਹਿਤ ਕੀਤੀ ਗਈ ਸੀ ਜਿਸ ਵਿੱਚ ਪੰਜਾਬ ਦੇ ਨਾਮਵਰ ਲੇਖਕਾਂ ਅਤੇ ਬੁੱਧੀਜੀਵੀਆਂ ਨੇ ਸ਼ਮੂਲੀਅਤ ਕੀਤੀ। ਇਕੱਠ ਨੂੰ ਸੰਬੋਧਨ ਕਰਨ ਵਾਲਿਆਂ ’ਚ ਸ਼ਹੀਦ ਭਗਤ ਸਿੰਘ ਦੇ ਭਾਣਜੇ ਤੇ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਸਕੱਤਰ ਪ੍ਰੋਫੈਸਰ ਜਗਮੋਹਨ ਸਿੰਘ, ਉੱਘੇ ਵਕੀਲ ਤੇ ਜਮਹੂਰੀ ਹੱਕਾਂ ਦੇ ਕਾਰਕੁਨ ਐਨ ਕੇ ਜੀਤ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਆਗੂ ਡਾ. ਸੁਖਦੇਵ ਸਿੰਘ ਸਿਰਸਾ, ਪੰਜਾਬ ਕਿਸਾਨ ਸਭਾ ਦੇ ਕੌਮੀ ਪ੍ਰਧਾਨ ਡਾ. ਅਸ਼ੋਕ ਧਾਵਲੇ ਤੇ ਪੰਜਾਬੀ ਨਾਟਕਕਾਰ ਡਾ. ਸਾਹਿਬ ਸਿੰਘ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਅੰਦਰ ਲੋਕਾਂ ਦੇ ਜਮਹੂਰੀ ਹੱਕਾਂ ਦਾ ਬੁਰੀ ਤਰ੍ਹਾਂ ਦਮਨ ਕਰ ਰਹੀ ਹੈ। ਲੋਕਾਂ ਦੇ ਹੱਕਾਂ ਲਈ ਲਿਖਣ ਤੇ ਬੋਲਣ ਵਾਲੇ ਬੁੱਧੀਜੀਵੀਆਂ ਅਤੇ ਹੋਰ ਕਾਰਕੁਨਾਂ ਨੂੰ ਮੋਦੀ ਹਕੂਮਤ ਨੇ ਦੇਸ਼ਧ੍ਰੋਹ ਵਰਗੇ ਝੂਠੇ ਕੇਸਾਂ ਤਹਿਤ ਜੇਲ੍ਹ ’ਚ ਡੱਕਿਆ ਹੋਇਆ ਹੈ। ਜਮਹੂਰੀ ਹੱਕਾਂ ਦੀ ਕਾਰਕੁਨ ਡਾ. ਨਵਸ਼ਰਨ, ਪੰਜਾਬੀ ਦੇ ਕਹਾਣੀਕਾਰ ਜਸਪਾਲ ਮਾਨਖੇੜਾ, ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਨਜ਼ਰੀਆ ਮੈਗਜ਼ੀਨ ਦੇ ਸੰਪਾਦਕ ਗੁਲਜ਼ਾਰ ਪੰਧੇਰ, ਪੰਜਾਬੀ ਆਲੋਚਕ ਡਾ. ਅਰਵਿੰਦਰ ਕੌਰ ਕਾਕੜਾ, ਪੰਜਾਬੀ ਕਵੀ ਸੁਰਜੀਤ ਜੱਜ, ਲੇਖਕ ਡਾ. ਕੁਲਦੀਪ ਦੀਪ ਅਤੇ ਫੋਕਲੋਰ ਰਿਸਰਚ ਅਕੈਡਮੀ ਤੋਂ ਰਮੇਸ਼ ਯਾਦ ਨੇ ਕਿਹਾ ਕਿ ਪੰਜਾਬੀ ਦੇ ਕਲਮਕਾਰ ਤੇ ਕਲਾਕਾਰ ਜਮਹੂਰੀ ਹੱਕਾਂ ਦੀ ਲਹਿਰ ’ਚ ਹਮੇਸ਼ਾ ਅੰਗ-ਸੰਗ ਰਹੇ ਹਨ ਤੇ ਹੁਣ ਵੀ ਮੋਦੀ ਹਕੂਮਤ ਦੇ ਫਾਸ਼ੀ ਹਮਲੇ ਮੂਹਰੇ ਡਟ ਕੇ ਲੋਕਾਂ ਨਾਲ ਖੜ੍ਹੇ ਹਨ।
ਬੀਕੇਯੂ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਰੌਸ਼ਨ ਦਿਮਾਗ ਲੋਕਾਂ ਨੂੰ ਜੇਲ੍ਹ ’ਚ ਡੱਕਣ ਦਾ ਕਾਰਨ ਉਨ੍ਹਾਂ ਵੱਲੋਂ ਮੋਦੀ ਹਕੂਮਤ ਦੀਆਂ ਫਿਰਕੂ ਫਾਸ਼ੀ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਤੇ ਚੇਤਨ ਕਰਨਾ ਹੈ। ਨੌਜਵਾਨ ਭਾਰਤ ਸਭਾ ਤੇ ਪੀਐੱਸਯੂ ਸ਼ਹੀਦ ਰੰਧਾਵਾ ਵੱਲੋਂ ਬੁੱਧੀਜੀਵੀਆਂ ਦੀਆਂ ਤਸਵੀਰਾਂ ਵਾਲਾ ਇਕ ਪੋਸਟਰ ਵੀ ਜਾਰੀ ਕੀਤਾ ਗਿਆ ਜਿਸ ਨੂੰ ਪ੍ਰੋ. ਜਗਮੋਹਨ ਸਿੰਘ ਨੇ ਡਾ. ਨਵਸ਼ਰਨ ਨੂੰ ਭੇਂਟ ਕੀਤਾ।
ਦਿੱਲੀ ਦੇ ਮੋਰਚਿਆਂ ’ਤੇ ਅੱਜ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ
ਨਵੀਂ ਦਿੱਲੀ: ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੋਘ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਫੈਸਲਾ ਲਿਆ ਗਿਆ ਕਿ ਭਲਕੇ ਦਿੱਲੀ ’ਚ ਚੱਲ ਰਹੇ ਮੋਰਚਿਆਂ ’ਤੇ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਰਚਿਆਂ ’ਤੇ ਕੀਰਤਨ ਦਰਬਾਰ ਸਜਾਏ ਜਾਣਗੇ। ਉਨ੍ਹਾਂ ਕਿਹਾ ਕਿ 26 ਜੂਨ ਨੂੰ ਅੰਦੋਲਨ ਨੂੰ ਸੱਤ ਮਹੀਨੇ ਪੂਰੇ ਹੋਣ ’ਤੇ ਸੰਯੁਕਤ ਮੋਰਚੇ ਵੱਲੋਂ ਪੂਰੇ ਮੁਲਕ ਦੇ ਗਵਰਨਰਾਂ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜੇ ਜਾਣਗੇ। ਇਸ ਦੌਰਾਨ ਅੱਜ ਪੀਰ ਬੁੱਧੂ ਸ਼ਾਹ ਦੀ ਜੈਅੰਤੀ ਸਿੰਘੂ ਬਾਰਡਰ ’ਤੇ ਮਨਾਈ ਗਈ। ਉਧਰ ਟਿਕਰੀ ਬਾਰਡਰ ’ਤੇ ਵੀ ਪੀਰ ਬੁੱਧੂਸ਼ਾਹ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਮਹਿਲਾ ਸੁਰੱਖਿਆ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਸੁਮਨ ਹੁੱਡਾ, ਸੁਦੇਸ਼ ਗੋਇਤ, ਸ਼ਾਰਦਾ ਦੀਕਸ਼ਤ, ਅੰਮਿ੍ਤਾ ਕੌਰ ਕੁੰਡੂ, ਸੁਦੇਸ਼ ਕੰਡੇਲਾ ਨੂੰ ਕਮੇਟੀ ਮੈਂਬਰ ਲਿਆ ਗਿਆ। ਇਹ ਕਮੇਟੀ ਟਿਕਰੀ ਬਾਰਡਰ ’ਤੇ ਅੰਦੋਲਨ ਦੌਰਾਨ ਔਰਤਾਂ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੋਵੇਗੀ।