ਪੰਚਕੂਲਾ (ਪੱਤਰ ਪ੍ਰੇਰਕ): ਹਰਿਆਣਾ ਦੇ ਸਿੱਖਿਆ ਅਤੇ ਜੰਗਲਾਤ ਮੰਤਰੀ ਕੰਵਰਪਾਲ ਨੇ ਕਿਹਾ ਕਿ ਕਰੋਨਾ ਤੋਂ ਪੈਦਾ ਹੋਈ ਮੌਜੂਦਾ ਸਥਿਤੀ ਵਿੱਚ ਸਕੂਲ ਖੋਲ੍ਹਣਾ ਜਲਦਬਾਜ਼ੀ ਹੋਵੇਗੀ ਕਿਉਂਕਿ ਨਾ ਤਾਂ ਬੱਚੇ ਸਕੂਲ ਆਉਣ ਲਈ ਤਿਆਰ ਹਨ ਅਤੇ ਨਾ ਹੀ ਉਨ੍ਹਾਂ ਦੇ ਮਾਪੇ ਉਨ੍ਹਾਂ ਨੂੰ ਸਕੂਲ ਭੇਜਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਹਾਲਾਤ ਠੀਕ ਹੋਣ ’ਤੇ ਹੀ ਇਸ ’ਤੇ ਵਿਚਾਰ ਕੀਤਾ ਜਾਵੇਗਾ। ਕੰਵਰਪਾਲ ਨੇ ਦੱਸਿਆ ਕਿ ਹਰਿਆਣਾ ਸਕੂਲ ਸਿੱਖਿਆ ਬੋਰਡ ਨੇ ਪਿਛਲੇ ਦਿਨੀਂ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਹੁਣ 12ਵੀਂ ਜਮਾਤ ਦੇ ਨਤੀਜੇ ਦੀ ਤਿਆਰੀ ਸ਼ੁਰੂ ਹੋ ਗਈ ਹੈ। ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 12ਵੀਂ ਦੇ ਨਤੀਜਿਆਂ ਦੀ ਤਿਆਰੀ ਸ਼ੁਰੂ ਹੋ ਗਈ ਹੈ।