ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 14 ਜੂਨ
ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਕੇਂਦਰ ਸਰਕਾਰ ਆਪਣੀ ਪੂਰੀ ਵਾਹ ਲਗਾ ਰਹੀ ਹੈ, ਜਿਸ ਤਹਿਤ ਕਿਸਾਨ ਜਥੇਬੰਦੀਆਂ ਵਿੱਚ ਫੁੱਟ ਪੈਣ ਦੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਇਹ ਦਾਅਵਾ ਅੱਜ ਸੋਹਾਣਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਲੜੀਵਾਰ ਭੁੱਖ-ਹੜਤਾਲ ਅਤੇ ਧਰਨੇ ਨੂੰ ਸੰਬੋਧਨ ਕਰਦਿਆਂ ਕੀਤਾ। ਅੱਜ ਯੂਥ ਕਲੱਬ ਸੋਹਾਣਾ ਦੇ ਪ੍ਰਧਾਨ ਗੁਰਦੀਪ ਸਿੰਘ ਗੁਰੀ ਬੈਦਵਾਨ ਦੀ ਅਗਵਾਈ ਵਿੱਚ ਨੌਜਵਾਨਾਂ ਦਾ ਜਥਾ ਭੁੱਖ-ਹੜਤਾਲ ’ਤੇ ਬੈਠਾ।
ਕਿਸਾਨ ਆਗੂ ਨੇ ਭੁੱਖ ਹੜਤਾਲ ’ਤੇ ਬੈਠੇ ਨੌਜਵਾਨਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕਰਦਿਆਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਮਨਮਰਜ਼ੀਆਂ ਦੇਸ਼ ਲਈ ਘਾਤਕ ਹਨ ਅਤੇ ਹੁਕਮਰਾਨਾਂ ਨੂੰ ਦੇਸ਼ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਦਬਾਉਣ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ।
ਸ੍ਰੀ ਚੜੂਨੀ ਨੇ ਕਿਹਾ, ‘ਕਿਸਾਨ ਅੰਦੋਲਨ ਦੀ ਸ਼ੁਰੂਆਤ ਤੋਂ ਹੀ ਨੌਜਵਾਨਾਂ ਨੇ ਮਹੱਤਵਪੂਰਨ ਨਿਭਾਈ ਹੈ ਅਤੇ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਸਦਕਾ ਇਹ ਅੰਦੋਲਨ ਮਜ਼ਬੂਤ ਹੋਇਆ ਹੈ। ਵਾਹਿਗੁਰੂ ਦੀ ਮਿਹਰ ਸਦਕਾ ਦੇਸ਼-ਵਿਆਪੀ ਕਿਸਾਨੀ ਸੰਘਰਸ਼ ਕਾਮਯਾਬੀ ਨਾਲ ਚੱਲ ਰਿਹਾ ਹੈ ਜਦੋਂਕਿ ਭਾਜਪਾ ਸਰਕਾਰ ਆਏ ਦਿਨ ਕਿਸਾਨੀ-ਅੰਦੋਲਨ ਨੂੰ ਕਮਜ਼ੋਰ ਕਰਨ ਲਈ ਸਾਜ਼ਿਸ਼ਾਂ ਰਚ ਰਹੀ ਹੈ।’ ਉਨ੍ਹਾਂ ਐਲਾਨ ਕੀਤਾ ਕਿ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਅਤੇ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨਹੀਂ ਮਿਲਦਾ।
ਕਿਸਾਨ ਆਗੂ ਨੇ ਕਿਹਾ, ‘ਜਿਸ ਦੇਸ਼ ਦਾ ਰਾਜਾ ਮਨਮਰਜ਼ੀਆਂ ਕਰਨ ਲੱਗ ਜਾਵੇ, ਉਹ ਉਸ ਦੇਸ਼ ਦੇ ਲੋਕਾਂ ਲਈ ਘਾਤਕ ਸਿੱਧ ਹੁੰਦਾ ਹੈ। ਸੋਸ਼ਲ ਮੀਡੀਆ ’ਤੇ ਕਿਸਾਨਾਂ ਤੇ ਮਜ਼ਦੂਰਾਂ ਦੀ ਸਾਂਝ ਨੂੰ ਤੋੜਨ ਲਈ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਪਰ ਇਹ ਸਾਜ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ।
ਕੇਂਦਰ ਨੂੰ ਜ਼ਿੱਦ ਛੱਡ ਕੇ ਗੱਲਬਾਤ ਰਾਹੀਂ ਮਸਲਾ ਹੱਲ ਕਰਨਾ ਚਾਹੀਦਾ ਹੈ, ਨਹੀਂ ਤਾਂ ਆਉਣ ਵਾਲੇ ਸਮੇਂ ’ਚ ਹੋਰ ਸੂਬਿਆਂ ਅੰਦਰ ਭਾਜਪਾ ਦਾ ਹਸ਼ਰ ਪੱਛਮੀ ਬੰਗਾਲ ਤੋਂ ਵੀ ਮਾੜਾ ਹੋਵੇਗਾ।’ ਅਖੀਰ ਵਿੱਚ ਕਿਸਾਨਾਂ ਵੱਲੋਂ ਗੁਰਨਾਮ ਸਿੰਘ ਚੜੂਨੀ ਨੂੰ ਸਿਰੋਪਾ ਅਤੇ ਕਿਰਪਾਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੇਬਰਫੈੱਡ ਪੰਜਾਬ ਦੇ ਸਾਬਕਾ ਐਮਡੀ ਪਰਵਿੰਦਰ ਸਿੰਘ ਬੈਦਵਾਨ, ਕੌਂਸਲਰ ਹਰਜਿੰਦਰ ਕੌਰ ਸੋਹਾਣਾ ਆਦਿ ਮੌਜੂਦ ਸਨ।