ਨਿੱਜੀ ਪੱਤਰ ਪ੍ਰੇਰਕ
ਕੋਟਕਪੂਰਾ, 16 ਜੂਨ
ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਦੇ ਸੱਦੇ ‘ਤੇ ਫ਼ਰੀਦਕੋਟ ਅਤੇ ਮੁਕਤਸਰ ਜ਼ਿਲ੍ਹੇ ਦੇ ਕੁਝ ਪਿੰਡਾਂ, ਸੰਧਵਾਂ, ਮੌੜ, ਵਾਂਦਰ ਜਟਾਣਾ, ਸਮਾਘ, ਹਰੀਕੇ ਕਲ੍ਹਾਂ ਆਦਿ ਵਿੱਚ ਬੇਰੁਜ਼ਗਾਰਾਂ ਵੱਲੋਂ ਆਪਣੇ ਬੂਹਿਆਂ ਅੱਗੇ ਕਾਂਗਰਸ ਸਰਕਾਰ ਦਾ ਬਾਈਕਾਟ ਕਰਦੇ ਹੋਏ ਫਲੈਕਸ ਲਗਾਏ ਗਏ ਹਨ ਅਤੇ 19 ਜੂਨ ਨੂੰ ਫਿਰ ਤੋਂ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਮੌੜ ਨੇ ਦੱਸਿਆ ਕਿ 8 ਜੂਨ ਨੂੰ ਬੇਰੁਜ਼ਗਾਰਾਂ ਵੱਲੋਂ ਮੋਤੀ ਮਹਿਲ ਦਾ ਘਿਰਾਓ ਕੀਤਾ, ਜਿਸ ਵਿੱਚ ਪੁਲੀਸ ਵੱਲੋਂ ਬੇਰੁਜ਼ਗਾਰਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਜੇ ਵੀ ਬੇਰੁਜ਼ਗਾਰ ਸਾਂਝੇ ਮੋਰਚੇ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ 19 ਜੂਨ ਨੂੰ ਮੁੜ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।