ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਜੂਨ
ਭੀਮਾ ਕੋਰੇਗਾਓਂ ਕੇਸ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਬਿਨਾਂ ਮੁਕੱਦਮਾ ਚਲਾਏ ਜੇਲ੍ਹਾਂ ਵਿੱਚ ਬੰਦ ਕੀਤੇ ਬੁੱਧੀਜੀਵੀਆਂ, ਵਕੀਲਾਂ, ਸਮਾਜਿਕ ਕਾਰਕੁਨਾਂ, ਲੇਖਕਾਂ, ਪੱਤਰਕਾਰਾਂ ਅਤੇ ਰੰਗਕਰਮੀਆਂ ਦੀ ਬਿਨਾਂ ਸ਼ਰਤ ਰਿਹਾਈ ਲਈ ਅੱਜ ਜਮਹੂਰੀ ਅਧਿਕਾਰ ਸਭਾ ਨੇ ਆਪਣੀਆਂ ਹਮਖਿਆਲੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਕ ਕੰਪਨੀ ਬਾਗ਼ ਵਿੱਚ ਜਨਤਕ ਕਨਵੈਨਸ਼ਨ ਕੀਤੀ ਅਤੇ ਲਾਰੈਂਸ ਰੋਡ ਤੱਕ ਰੋਸ ਮਾਰਚ ਕੀਤਾ।
ਇਸ ਮੌਕੇ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਕਮੇਟੀ ਮੈਂਬਰ ਡਾ. ਪਰਮਿੰਦਰ ਸਿੰਘ ਨੇ ਦੋਸ਼ ਲਾਇਆ ਕਿ ਮੌਜੂਦਾ ਮੋਦੀ ਹਕੂਮਤ ਨੇ ਹਰ ਤਰ੍ਹਾਂ ਦੀ ਵਿਚਾਰਧਾਰਕ ਅਤੇ ਜਥੇਬੰਦਕ ਆਵਾਜ਼ ਨੂੰ ਕੁਚਲਣ ਦਾ ਰਾਹ ਅਖ਼ਤਿਆਰ ਕੀਤਾ ਹੋਇਆ ਹੈ। ਸਰਕਾਰ ਨੇ ਆਪਣੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਆਰਥਿਕ ਨੀਤੀਆਂ ਨੂੰ ਬੇਰੋਕ ਲਾਗੂ ਕਰਨ ਵਾਸਤੇ ਅਜਿਹਾ ਕੀਤਾ ਹੈ। ਬੀਕੇਯੂ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਭੀਮਾ ਕੋਰੇਗਾਓਂ ਹਿੰਸਾ ਕੇਸ ਵਿੱਚ ਜੇਲ੍ਹਾਂ ’ਚ ਡੱਕੇ ਬੁੱਧੀਜੀਵੀਆਂ ਖ਼ਿਲਾਫ਼ ਹੁਣ ਤੱਕ ਕਿਸੇ ਵੀ ਜਾਂਚ ਏਜੰਸੀ ਨੇ ਅਦਾਲਤ ਵਿੱਚ ਇੱਕ ਵੀ ਦੋਸ਼ ਸਾਬਤ ਨਹੀਂ ਕੀਤਾ ਅਤੇ ਇਨ੍ਹਾਂ ਵਿੱਚੋਂ ਕੁਝ ਗੰਭੀਰ ਬਿਮਾਰੀਆਂ ਨਾਲ ਪੀੜਤ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਕਾਮਰੇਡ ਰਤਨ ਸਿੰਘ ਰੰਧਾਵਾ ਨੇ ਬੁੱਧੀਜੀਵੀਆਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸਰਕਾਰ ਖ਼ਿਲਾਫ਼ ਦੇਸ਼ ਪੱਧਰ ’ਤੇ ਵਿਆਪਕ ਰੋਸ ਫੈਲ ਰਿਹਾ ਹੈ। ਇਸ ਮੌਕੇ ਗੁਰਬਚਨ ਸਿੰਘ, ਬਲਵਿੰਦਰ ਦੁਧਾਲਾ, ਅਮਰਜੀਤ ਭੱਲਾ, ਅਸ਼ਵਨੀ ਅਵਸਥੀ, ਪ੍ਰਮੋਦ ਕੁਮਾਰ, ਸੁਮੀਤ ਸਿੰਘ, ਰਮੇਸ਼ ਯਾਦਵ ਅਤੇ ਯਸ਼ਪਾਲ ਝਬਾਲ ਨੇ ਸੰਬੋਧਨ ਕੀਤਾ। ਇਸ ਮੌਕੇ ਤਰਕਸ਼ੀਲ ਸੁਸਾਇਟੀ ਪੰਜਾਬ, ਜਮਹੂਰੀ ਕਿਸਾਨ ਸਭਾ, ਡੀਟੀਐੱਫ, ਆਲ ਇੰਡੀਆ ਕਿਸਾਨ ਸਭਾ, ਇਪਟਾ, ਫੋਕਲੋਰ ਰਿਸਰਚ ਅਕਾਦਮੀ ਦੇ ਕਾਰਕੁਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਵਿਦਿਆਰਥੀ ਆਗੂਆਂ ਦੀ ਰਿਹਾਈ ਲੋਕ ਆਵਾਜ਼ ਦੀ ਅੰਸ਼ਕ ਜਿੱਤ ਕਰਾਰ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਦੇਸ਼ ਭਗਤ ਯਾਦਗਾਰ ਕਮੇਟੀ ਨੇ ਦਿੱਲੀ ਹਾਈ ਕੋਰਟ ਵੱਲੋਂ ਵਿਦਿਆਰਥੀ ਆਗੂ ਨਤਾਸ਼ਾ ਅਗਰਵਾਲ, ਦੇਵਾਂਗਨਾ ਕਲੀਤਾ ਅਤੇ ਆਸਿਫ਼ ਇਕਬਾਲ ਤਨਹਾ ਦੀ ਜ਼ਮਾਨਤ ਮਨਜ਼ੂਰ ਕਰਨ ਅਤੇ ਨਿਰਆਧਾਰ ਦੋਸ਼ਾਂ ਨੂੰ ਖਾਰਜ ਕਰਦਿਆਂ ਕੀਤੀਆਂ ਮਹੱਤਵਪੂਰਨ ਟਿੱਪਣੀਆਂ ਨੂੰ ਬੁੱਧੀਜੀਵੀਆਂ ਦੀ ਰਿਹਾਈ ਅਤੇ ਜਮਹੂਰੀ ਹੱਕਾਂ ਦੀ ਜਾਮਨੀ ਸਬੰਧੀ ਆਵਾਜ਼ ਦੀ ਅੰਸ਼ਕ ਜਿੱਤ ਕਰਾਰ ਦਿੱਤਾ ਹੈ। ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਸਹਾਇਕ ਸਕੱਤਰ ਡਾ. ਪਰਮਿੰਦਰ ਸਿੰਘ ਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਸਮੂਹ ਬੁੱਧੀਜੀਵੀਆਂ, ਸਾਹਿਤਕਾਰਾਂ, ਲੇਖਕਾਂ, ਕਵੀਆਂ, ਰੰਗਕਰਮੀਆਂ, ਸਮਾਜਿਕ ਅਤੇ ਜਮਹੂਰੀ ਕਾਰਕੁਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ।