ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 17 ਜੂਨ
ਸਥਾਨਕ ਜਲ ਸਰੋਤ ਵਿਭਾਗ ਦੇ ਮਨਿਸਟੀਰੀਅਲ ਕਰਮਚਾਰੀਆਂ ਵਲੋਂ ਪੰਜਾਬ ਇਰੀਗੇਸ਼ਨ ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਕੁਮਾਰ ਸੂਦ ਅਤੇ ਗੁਰਵੇਲ ਸਿੰਘ ਸੇਖੋਂ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ ਕੀਤੀ ਗਈ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ। ਡੀਏ ਦੀਆਂ ਕਿਸ਼ਤਾਂ ਰੋਕ ਕੇ ਰੱਖਣਾ, ਬਣਦਾ ਬਕਾਇਆ ਨਾ ਦੇਣਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨਾ, ਕੱਚੇ ਮੁਲਾਜ਼ਮ ਪੱਕੇ ਨਾ ਕਰਨਾ, ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨਾ ਅਤੇ ਟਾਲ-ਮਟੋਲ ਕਰਕੇ ਮੁਲਾਜ਼ਮ ਵਰਗ ਨੂੰ ਬੇਹੱਦ ਜ਼ਲੀਲ ਪ੍ਰੇਸ਼ਾਨ ਕਰਨਾ ਸਰਕਾਰ ਦੀ ਪਾਲਸੀ ਬਣ ਚੁੱਕੀ ਹੈ, ਜਿਸ ਦਾ ਖਮਿਆਜ਼ਾ ਸਰਕਾਰ ਨੂੰ 2022 ਦੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਵਲੋਂ 15 ਜੂਨ ਤੋਂ 18 ਜੂਨ ਤੱਕ ਉਲੀਕੇ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਕਮੇਟੀਆਂ ਵੱਲੋਂ ਗੇਟ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਬਾਅਦ ਸੂਬਾ ਕਮੇਟੀ ਵਲੋਂ ਸਰਕਾਰ ਵਿਰੁੱਧ ਉਲੀਕੇ ਹਰੇਕ ਪ੍ਰੋਗਰਾਮ ਨੂੰ ਜ਼ਿਲ੍ਹਾ ਕਮੇਟੀ ਅੰਮ੍ਰਿਤਸਰ ਵਲੋਂ ਪਹਿਲ ਦੇ ਆਧਾਰ ’ਤੇ ਵੱਡੇ ਪੱਧਰ ’ਤੇ ਲਾਗੂ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਜਮਹਿੰਦਰ ਸਿੰਘ ਮਜੀਠਾ, ਸੁਸਪਾਲ ਠਾਕੁਰ, ਰਾਕੇਸ਼ ਕੁਮਾਰ ਬਾਬੋਵਾਲ, ਹਰਜੀਤ ਸਿੰਘ ਗਿੱਲ ਅਤੇ ਵਿਪਨ ਕੁਮਾਰ ਸੁਪਰਡੈਂਟ, ਗੁਰਦਿਆਲ ਮੁਹਾਵਾ, ਕਮਲਦੀਪ ਸਿੰਘ, ਬਾਬਾ ਜੋਗਿੰਦਰ ਸਿੰਘ, ਵਿਜੈ ਕੁਮਾਰ, ਰਾਜੇਸ਼ ਕੁਮਾਰ, ਸਰਬਜੀਤ ਸਿੰਘ, ਸਰਦਾਰੀ ਲਾਲ, ਰਮਨ ਕੁਮਾਰ, ਰਕੇਸ਼ ਕੁਮਾਰ, ਸਰੋਜ ਸ਼ਰਮਾ, ਨੀਲਮ ਸਣੇ ਵੱਡੀ ਗਿਣਤੀ ’ਚ ਮੁਲਾਜ਼ਮ ਹਾਜ਼ਰ ਸਨ।