ਪਾਲ ਸਿੰਘ ਨੌਲੀ
ਜਲੰਧਰ, 17 ਜੂਨ
ਬਰਸਾਤ ਦੇ ਮੌਸਮ ਕਾਰਨ ਕਿਸੇ ਵੀ ਹੜ੍ਹ ਵਰਗੇ ਹਾਲਾਤ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ 7.51 ਕਰੋੜ ਰੁਪਏ ਦੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਜਲੰਧਰ ਦੇ ਹੜ੍ਹ ਸੰਭਾਵੀ ਇਲਾਕਿਆਂ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਨੇ ਅੱਜ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਨਾਜ਼ੁਕ ਥਾਵਾਂ ਦੇ ਮਜ਼ਬੂਤੀਕਰਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਸੰਭਾਵਨਾ ਨਾ ਰਹੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵੱਡੇ ਪੱਧਰ ’ਤੇ ਮਜ਼ਬੂਤੀਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਉਦੇਸ਼ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਹੜ੍ਹਾਂ ਤੋਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਜੇਕਰ ਲੋੜ ਪਈ ਤਾਂ ਫੰਡਾਂ ਦੇ ਨਾਲ-ਨਾਲ ਵਧੇਰੇ ਸਰੋਤ ਵੀ ਜੁਟਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।