ਪਵਨ ਗੋਇਲ
ਭੁੱਚੋ ਮੰਡੀ, 20 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਨਥਾਣਾ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਬੈਸਟ ਪ੍ਰਾਈਜ਼ ਭੁੱਚੋ ਖੁਰਦ ਅੱਗੇ 263 ਦਿਨਾਂ ਤੋਂ ਚੱਲ ਰਿਹਾ ਮੋਰਚਾ ਅੱਜ ਵੀ ਜਾਰੀ ਰਿਹਾ, ਜਿਸ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਲਾਕ ਆਗੂ ਜਗਜੀਤ ਸਿੰਘ ਅਤੇ ਕਰਮਜੀਤ ਕੌਰ ਲਹਿਰਾ ਖਾਨਾ ਦੀ ਅਗਵਾਈ ਵਿੱਚ ਔਰਤਾਂ ਦੇ ਵੱਡੇ ਇਕੱਠ ਨੇ ਪਿੰਡ ਚੱਕ ਬਖਤੂ ਵਿੱਚ ਘਰ ਘਰ ਜਾ ਕੇ ਬੀਬੀਆਂ ਨੂੰ ਬੈਸਟ ਪ੍ਰਾਈਜ਼ ਮੋਰਚੇ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਤੇ ਪਿੰਡ ਦੀਆਂ ਬੀਬੀਆਂ ਨੇ ਵੀ ਮੋਰਚੇ ਵਿੱਚ ਪਹੁੰਚਣ ਦੀ ਹਾਮੀ ਭਰੀ।
ਮਹਿਲ ਕਲਾਂ (ਨਵਕਿਰਨ ਸਿੰਘ): ਇਥੇ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਚੱਲ ਰਹੇ ਪੱਕੇ ਮੋਰਚੇ ਦੌਰਾਨ ਕਿਸਾਨਾਂ ਨੇ ਖੇਤੀ ਕਾਨੂੰਨਾਂ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਰਹੀ ਹੈ ਕਿਉਂਕਿ ਪਹਿਲਾਂ ਨੋਟਬੰਦੀ, ਜੀਐੱਸਟੀ ਵਰਗੇ ਫ਼ੈਸਲਿਆਂ ਨੇ ਦੇਸ਼ ਦੇ ਹਰ ਵਰਗ ਨੂੰ ਆਰਥਿਕ ਪੱਖੋਂ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਅਤੇ ਹੁਣ ਕੇਂਦਰ ਸਰਕਾਰ ਵੱਲੋਂ ਥੋਪੇ ਜਾ ਰਹੇ ਖੇਤੀ ਕਾਨੂੰਨਾਂ ਰਾਹੀਂ ਕਿਰਤੀ ਲੋਕਾਂ ਨੂੰ ਉਜਾੜਿਆ ਜਾ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਰਾਏਸਰ, ਗੁਰਮੇਲ ਠੁੱਲੀਵਾਲ, ਜਗਰਾਜ ਹਰਦਾਸਪੁਰਾ ਤੇ ਕਰਨੈਲ ਸਿੰਘ ਛਾਪਾ ਨੇ ਕਿਹਾ ਕਿ 26 ਜੂਨ ਨੂੰ ਕਿਸਾਨ ਸੰਘਰਸ਼ ਦੇ 7 ਮਹੀਨੇ ਪੂਰੇ ਹੋਣ ’ਤੇ ‘ਖੇਤੀ ਬਚਾਓ, ਲੋਕਤੰਤਰ ਬਚਾਓ’ ਦਿਹਾੜੇ ਨੂੰ ਮਹਿਲ ਕਲਾਂ ਖੇਤਰ ਵਿੱਚ ਮਨਾਇਆ ਜਾਵੇਗਾ। ਇਸ ਮੌਕੇ ਕਰਨੈਲ ਸਿੰਘ ਛਾਪਾ ਦੇ ਢਾਡੀ ਜਥੇ ਨੇ ਕਿਸਾਨਾਂ-ਮਜ਼ਦੂਰਾਂ ਦੀ ਜ਼ਿੰਦਗੀ ਨਾਲ ਸਬੰਧਤ ਵਾਰਾਂ ਸੁਣਾਈਆਂ।
ਬਰੇਟਾ (ਸੱਤ ਪ੍ਰਕਾਸ਼ ਸਿੰਗਲਾ): ਖੇਤੀ ਕਾਨੂੰਨਾਂ ਵਿਰੁੱਧ ਇਥੇ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਸਾਂਝਾ ਕਿਸਾਨ ਮੋਰਚਾ ਅਤੇ ਇਕ ਪੈਟਰੋਲ ਪੰਪ ’ਤੇ ਕਿਸਾਨ ਯੂਨੀਅਨ ਉਗਰਾਹਾਂ ਦੇ ਧਰਨੇ ਜਾਰੀ ਹਨ। ਅੱਜ ਦੇ ਬੁਲਾਰਿਆਂ ਵਿੱਚ ਅਮਰਜੀਤ ਕੌਰ, ਸੁਰਜੀਤ ਕੌਰ, ਗੁਰਜੰਟ ਸਿੰਘ, ਮੇਜਰ ਸਿੰਘ ਤੇ ਤਾਰਾ ਚੰਦ ਸਣੇ ਹੋਰ ਆਗੂ ਮੌਜੂਦ ਸਨ।
‘ਖੇਤੀ ਬਚਾਓ, ਲੋਕਤੰਤਰ ਬਚਾਓ’ ਦਿਵਸ ਲਈ ਲਾਮਬੰਦੀ ਦੀ ਅਪੀਲ
ਧਨੌਲਾ (ਪੁਨੀਤ ਮੈਨਨ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬਡਬਰ ਟੌਲ ਪਲਾਜ਼ਾ ’ਤੇ ਲਾਇਆ ਧਰਨਾ ਅੱਜ ਵੀ ਪੂਰੇ ਜੋਸ਼ ਨਾਲ ਜਾਰੀ ਰਿਹਾ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਦਰਸ਼ਨ ਸਿੰਘ, ਗੁਰਮੇਲ ਸਿੰਘ ਨੇ ਕਿਹਾ ਕਿ 26 ਜੂਨ 1975 ਨੂੰ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਮਰਜੈਂਸੀ ਲਾਗੂ ਕਰਕੇ ਭਾਰਤੀ ਨਾਗਰਿਕਾਂ ਦੇ ਸਾਰੇ ਬੁਨਿਆਦੀ ਅਧਿਕਾਰ ਮਨਸੂਖ ਕਰ ਰਾਤੋ ਰਾਤ ਹਜ਼ਾਰਾਂ ਸਿਆਸੀ ਤੇ ਜਮਹੂਰੀ ਕਾਰਕੁਨ ਜੇਲ੍ਹਾਂ ਵਿੱਚ ਬੰਦ ਕਰ ਦਿੱਤੇ। ਇਸੇ ਤਰ੍ਹਾਂ ਤਿੰਨ ਕਾਲੇ ਖੇਤੀ ਕਾਨੂੰਨ ਵੀ ਐਮਰਜੈਂਸੀ ਤੋਂ ਘੱਟ ਖਤਰਨਾਕ ਨਹੀਂ ਹਨ, ਜਿਨ੍ਹਾਂ ਕਾਰਨ ਕਿਸਾਨਾਂ ਦੀ ਹੋਂਦ ਤੱਕ ਖਤਰੇ ਵਿੱਚ ਪੈ ਗਈ ਹੈ। ਇਸ ਤੋਂ ਇਲਾਵਾ 26 ਜੂਨ ਨੂੰ ਦਿੱਲੀ ਕਿਸਾਨ ਮੋਰਚੇ ਦੇ ਸੱਤ ਮਹੀਨੇ ਵੀ ਪੂਰੇ ਹੋ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਨੇ ਇਸ ਦਿਨ ਨੂੰ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ ਵਜੋਂ ਮਨਾਉਣ ਦਾ ਸੱਦਾ ਦਿੱਤਾ ਹੋਇਆ ਹੈ। ਸਟੇਜ ਸਕੱਤਰ ਮੇਘਰਾਜ ਸਿੰਘ ਅਤੇ ਹਮੀਰ ਸਿੰਘ ਕੱਟੂ ਨੇ ਦੱਸਿਆ ਕਿ ਅੱਜ ਧਰਨੇ ਵਿੱਚ ਖੇਤੀ ਬਚਾਓ ਲੋਕਤੰਤਰ ਬਚਾਓ ਦਿਵਸ ਮਨਾਉਣ ਲਈ ਵਿਆਪਕ ਲਾਮਬੰਦੀ ਕਰਨ ਲਈ ਤਿਆਰੀਆਂ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ।