ਬਟਾਲਾ (ਹਰਜੀਤ ਸਿੰਘ ਪਰਮਾਰ):ਨੇੜਲੇ ਪਿੰਡ ਕੋਟ ਮਜਲਸ ਵਿੱਚ ਇੱਕ ਨਵਵਿਆਹੁਤਾ ਨੇ ਆਪਣੀ ਚੁੰਨੀ ਨਾਲ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਜਸਵਿੰਦਰ ਕੌਰ (22) ਵਾਸੀ ਪਿੰਡ ਕੋਟ ਮਜਲਸ ਵਜੋਂ ਹੋਈ ਹੈ। ਦੂਜੇ ਪਾਸੇ ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਖਿਲਾਫ਼ ਦਾਜ ਕਾਰਨ ਕਤਲ ਕਰਨ ਦੇ ਕਥਿਤ ਦੋਸ਼ ਲਾਏ ਹਨ। ਥਾਣਾ ਕਿਲਾ ਲਾਲ ਸਿੰਘ ਦੀ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿੱਚ ਭੇਜ ਦਿੱਤਾ ਹੈ। ਮ੍ਰਿਤਕਾ ਜਸਵਿੰਦਰ ਕੌਰ ਦੇ ਭਰਾ ਲਵਪ੍ਰੀਤ ਸਿੰਘ ਵਾਸੀ ਪਿੰਡ ਵਰਪਾਲ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ 20 ਮਾਰਚ 2020 ਨੂੰ ਮਲਕੀਤ ਸਿੰਘ ਵਾਸੀ ਪਿੰਡ ਕੋਟ ਮਜਲਸ ਨਾਲ ਹੋਇਆ ਸੀ ਅਤੇ ਉਸ ਦਾ ਜੀਜਾ ਕਾਫੀ ਸਮੇਂ ਤੋਂ ਵਿਦੇਸ਼ ਵਿੱਚ ਰਹਿ ਰਿਹਾ ਹੈ। ਉਸ ਨੇ ਦੋਸ਼ ਲਾਏ ਕਿ ਉਸ ਦੀ ਭੈਣ ਦਾ ਸਹੁਰਾ ਪਰਿਵਾਰ ਉਸ ਨੂੰ ਦਾਜ ਲਿਆਉਣ ਲਈ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਲੰਘੀ ਦੇਰ ਸ਼ਾਮ ਉਸ ਦੇ ਸਹੁਰਿਆਂ ਤੋਂ ਫੋਨ ਆਇਆ ਕਿ ਜਸਵਿੰਦਰ ਕੌਰ ਨੇ ਆਪਣੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਸ ਨੇ ਦੋਸ਼ ਲਾਇਆ ਕਿ ਉਸ ਦੀ ਭੈਣ ਨੇ ਖੁਦਕੁਸ਼ੀ ਨਹੀਂ ਕੀਤੀ ਬਲਕਿ ਉਸ ਦੇ ਸਹੁਰਿਆਂ ਨੇ ਉਸ ਦਾ ਕਤਲ ਕੀਤਾ ਹੈ। ਥਾਣਾ ਕਿਲਾ ਲਾਲ ਸਿੰਘ ਦੇ ਮੁਖੀ ਹਰਮੀਕ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਲਵਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਜਸਵਿੰਦਰ ਕੌਰ ਦੇ ਪਤੀ ਮਲਕੀਤ ਸਿੰਘ, ਸੱਸ ਬਲਵਿੰਦਰ ਕੌਰ, ਜੇਠ ਮੇਜਰ ਸਿੰਘ, ਜੇਠਾਣੀ ਅਮਨਦੀਪ ਕੌਰ, ਨਣਾਨ ਸਿਮਰ ਕੌਰ, ਨਣਾਨ ਕਮਲਜੀਤ ਕੌਰ ਅਤੇ ਇੱਕ ਹੋਰ ਰਿਸ਼ਤੇਦਾਰ ਸੁਖਵੰਤ ਸਿੰਘ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ ਪਰ ਫਿਲਹਾਲ ਸਾਰੇ ਫ਼ਰਾਰ ਹਨ।