ਚਰਨਜੀਤ ਭੁੱਲਰ
ਚੰਡੀਗੜ੍ਹ, 22 ਜੂਨ
ਪੰਜਾਬ ਸਰਕਾਰ ਨੇ ਦਿਹਾਤੀ ਵਿਕਾਸ ਫੰਡ ਜਾਰੀ ਕਰਾਉਣ ਲਈ ਕੇਂਦਰ ਸਰਕਾਰ ਦਾ ਬੂਹਾ ਮੁੜ ਖੜਕਾਇਆ ਹੈ। ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਦਿੱਲੀ ਵਿਚ ਮੀਟਿੰਗ ਕੀਤੀ ਅਤੇ ਰਾਜ ਦੇ ਦਿਹਾਤੀ ਵਿਕਾਸ ਫੰਡ ਨੂੰ ਜਲਦ ਰਿਲੀਜ਼ ਕਰਨ ਦੀ ਮੰਗ ਉਠਾਈ। ਪਤਾ ਲੱਗਾ ਹੈ ਕਿ ਕੇਂਦਰੀ ਮੰਤਰੀ ਨੇ ਪੁਰਾਣੇ ਫੰਡਾਂ ਦੀ ਵਰਤੋਂ ਆਦਿ ਬਾਰੇ ਕੁਝ ਨੁਕਤੇ ਉਠਾਏ ਸਨ ਜਿਨ੍ਹਾਂ ਬਾਰੇ ਪੰਜਾਬ ਸਰਕਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ। ਚੇਤੇ ਰਹੇ ਕਿ ਪੰਜਾਬ ਦਾ ਕੇਂਦਰ ਸਰਕਾਰ ਵੱਲ ਕਰੀਬ 1539 ਕਰੋੜ ਰੁਪਏ ਦਾ ਦਿਹਾਤੀ ਵਿਕਾਸ ਫੰਡ ਦਾ ਬਕਾਇਆ ਖੜ੍ਹਾ ਹੈ ਜਿਸ ਵਿਚ ਝੋਨੇ ਦੇ ਸੀਜ਼ਨ ਦੇ ਕਰੀਬ 755 ਕਰੋੜ ਰੁਪਏ ਅਤੇ ਕਣਕ ਦੇ ਸੀਜ਼ਨ ਦੇ 783 ਕਰੋੜ ਦੇ ਦਿਹਾਤੀ ਵਿਕਾਸ ਫੰਡ ਸ਼ਾਮਲ ਹਨ। ਝੋਨੇ ਦੇ ਸੀਜ਼ਨ ਮੌਕੇ 400 ਕਰੋੋੜ ਰੁਪਏ ਦਾ ਦਿਹਾਤੀ ਵਿਕਾਸ ਫੰਡ ਰਿਲੀਜ਼ ਕਰ ਦਿੱਤਾ ਸੀ ਜਦੋਂ ਕਿ ਬਾਕੀ ਤੋਂ ਟਾਲਮਟੋਲ ਕੀਤੀ ਜਾ ਰਹੀ ਹੈ। ਕੇਂਦਰੀ ਫੰਡਾਂ ਦੇ ਰੁਕਣ ਕਰਕੇ ਪੰਜਾਬ ਵਿਚ ਵਿਕਾਸ ਕਾਰਜ ਪ੍ਰਭਾਵਿਤ ਹੋਣ ਲੱਗੇ ਹਨ। ਖਾਸ ਕਰਕੇ ਮੰਡੀ ਬੋਰਡ ਪੰਜਾਬ ਦੇ ਕੰਮਾਂ ਨੂੰ ਬਰੇਕ ਲੱਗ ਗਈ ਹੈ। ਖੁਰਾਕ ਤੇ ਸਪਲਾਈ ਮੰਤਰੀ ਆਸ਼ੂ ਨੇ ਦੱਸਿਆ ਕਿ ਅੱਜ ਦਿਹਾਤੀ ਵਿਕਾਸ ਫੰਡ ਨੂੰ ਰਿਲੀਜ਼ ਕਰਾਉਣ ਲਈ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਦਿੱਲੀ ਵਿਚ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਨੇ ਛੇਤੀ ਦਿਹਾਤੀ ਵਿਕਾਸ ਫੰਡ ਰਿਲੀਜ਼ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਅਫਸਰ ਪੱਧਰ ਦੀ ਮੀਟਿੰਗ ਹੋਣੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਵਰਤੇ ਗਏ ਦਿਹਾਤੀ ਵਿਕਾਸ ਫੰਡ ਦਾ ਹਿਸਾਬ ਕਿਤਾਬ ਮੰਗਿਆ ਗਿਆ ਸੀ, ਉਹ ਦੇ ਦਿੱਤਾ ਗਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਲੰਘੇ ਕੱਲ੍ਹ ਦੇ ਪੰਜਾਬ ਕਾਂਗਰਸ ਦੇ ਵਿਵਾਦ ਦੇ ਮੱਦੇਨਜ਼ਰ ਦਿੱਲੀ ਗਏ ਹੋਏ ਹਨ ਪ੍ਰੰਤੂ ਇਹ ਕਿਧਰੋਂ ਵੀ ਕਨਸੋਅ ਨਹੀਂ ਮਿਲੀ ਹੈ ਕਿ ਮੁੱਖ ਮੰਤਰੀ ਕਿ ਪੰਜਾਬ ਦੇ ਕਿਸੇ ਮੁੱਦੇ ਨੂੰ ਲੈ ਕੇ ਕੇਂਦਰੀ ਵਜ਼ੀਰਾਂ ਨੂੰ ਮਿਲੇ ਹੋਣ। ਉਂਜ ਅੱਜ ਮੁੱਖ ਮੰਤਰੀ ਦਿੱਲੀ ਵਿਚਲੇ ਕਾਂਗਰਸੀ ਆਗੂਆਂ ਨਾਲ ਮੁਲਾਕਾਤਾਂ ਕਰਦੇ ਰਹੇ ਹਨ। ਪਤਾ ਲੱਗਾ ਹੈ ਕਿ ਖੁਰਾਕ ਤੇ ਸਪਲਾਈ ਵਿਭਾਗ ਨੇ ਕੇਂਦਰ ਸਰਕਾਰ ਕੋਲ ਹੋਰ ਵੀ ਕਈ ਮੁੱਦੇ ਰੱਖੇ ਹਨ।