ਕੁਲਦੀਪ ਸਿੰਘ
ਚੰਡੀਗੜ੍ਹ, 23 ਜੂਨ
ਪੰਜਾਬ ਸਰਕਾਰ ਵੱਲੋਂ ਪਾਸ ਕੀਤੀ ਗਈ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਵਿਰੁੱਧ ਮੁਲਾਜ਼ਮ ਜਥੇਬੰਦੀ ਪੀਐੱਸਐੱਮਐੱਸਯੂ ਦੇ ਸੱਦੇ ’ਤੇ ਅੱਜ ਮੁਲਾਜ਼ਮਾਂ ਨੇ ਪੰਜ ਰੋਜ਼ਾ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਪੰਜਾਬ ਸਿਵਲ ਸਕੱਤਰੇਤ ਤੋਂ ਲੈ ਕੇ ਸੂਬੇ ਦੇ ਸਾਰੇ ਡੀਸੀ ਦਫ਼ਤਰ, ਪਟਵਾਰ ਦਫ਼ਤਰ ਅਤੇ ਹੋਰ ਖੇਤਰੀ ਦਫ਼ਤਰਾਂ ਵਿੱਚ ਕੰਮ-ਕਾਜ ਠੱਪ ਕਰ ਕੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਸੂਬਾ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪੀਐੱਸਐੱਮਐੱਸਯੂ ਦੇ ਸੱਦੇ ’ਤੇ ਮੁਕੰਮਲ ‘ਕੰਮ ਛੱਡੋ’ ਹੜਤਾਲ ਕੀਤੀ ਗਈ ਅਤੇ ਮੁਲਾਜ਼ਮ ਦਫ਼ਤਰ ਖਾਲੀ ਕਰ ਕੇ ਬਾਹਰ ਆ ਗਏ। ਇਸ ਦੌਰਾਨ ਪੰਜਾਬ ਸਿਵਲ ਸਕੱਤਰੇਤ ਆਫੀਸਰਜ਼ ਐਸੋਸੀਏਸ਼ਨ ਦੇ ਗੁਰਿੰਦਰ ਸਿੰਘ ਭਾਟੀਆ, ਪੰਜਾਬ ਸਿਵਲ ਸਕੱਤਰੇਤ ਪਰਸਨਲ ਸਟਾਫ਼ ਐਸੋਸੀਏਸ਼ਨ ਦੇ ਮਲਕੀਤ ਸਿੰਘ ਔਜਲਾ, ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਗੁਰਪ੍ਰੀਤ ਸਿੰਘ, ਸਕੱਤਰੇਤ ਦਰਜਾ ਚਾਰ ਐਸੋਸੀਏਸ਼ਨ ਦੇ ਬਲਰਾਜ ਸਿੰਘ ਦਾਊਂ, ਵਿੱਤੀ ਕਮਿਸ਼ਨਰ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਕੁਲਵੰਤ ਸਿੰਘ ਅਤੇ ਪ੍ਰਾਹੁਣਚਾਰੀ ਵਿਭਾਗ ਦੇ ਮਹੇਸ਼ ਚੰਦਰ ਨੇ ਸ਼ਮੂਲੀਅਤ ਕੀਤੀ।
ਜਲ ਸਰੋਤ ਵਿਭਾਗ ਪੰਜਾਬ ਦੇ ਸੈਕਟਰ-18 ਸਥਿਤ ਮੁੱਖ ਦਫ਼ਤਰ ਵਿੱਚ ਮੁਲਾਜ਼ਮ ਜਥੇਬੰਦੀ ਪਿਸਕਾ ਦੇ ਆਗੂਆਂ ਸੁਖਵਿੰਦਰ ਸਿੰਘ ਅਤੇ ਪਵਨ ਕੁਮਾਰ ਦੀ ਅਗਵਾਈ ਹੇਠ ਮੁਜ਼ਾਹਰਾ ਕੀਤਾ ਗਿਆ। ਇਸੇ ਤਰ੍ਹਾਂ ਸੈਕਟਰ-17 ਦਫ਼ਤਰ ਦੇ ਬਾਹਰ ਪਿਸਕਾ ਦੇ ਚੇਅਰਮੈਨ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂਟੀ ਚੰਡੀਗੜ੍ਹ ਦੇ ਕਨਵੀਨਰ ਜਗਦੇਵ ਕੌਲ ਅਤੇ ਆਰਕੀਟੈਕਟ ਵਿਭਾਗ ਦੇ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਲਾਜ਼ਮ ਆਗੂ ਗੁਰਮੇਲ ਸਿੰਘ ਸਿੱਧੂ ਨੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਸੋਧ ਕੇ ਲਾਗੂ ਕਰਨ ਦੀ ਮੰਗ ਕੀਤੀ।
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਛੇਵੇਂ ਤਨਖਾਹ ਕਮਿਸ਼ਨ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਕੀਤੀ ਹੈ ਤਾਂ ਜੋ ਤਨਖਾਹ ਕਮਿਸ਼ਨ ਦੇ ਨਾਂ ’ਤੇ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੀ ਗਈ ਧੋਖਾਧੜੀ ’ਤੇ ਚਰਚਾ ਕੀਤੀ ਜਾ ਸਕੇ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਖ-ਵੱਖ ਵਰਗਾਂ ਦੇ ਮੁਲਾਜ਼ਮਾਂ ਦੇ ਭੱਤੇ ਇੱਕੋ ਵਾਰ ਬੰਦ ਕਰਨ ਅਤੇ ਨਵੇਂ ਭਰਤੀ ਹੋਣ ਵਾਲਿਆਂ ਲਈ ਕੇਂਦਰੀ ਤਨਖਾਹ ਸਕੇਲ ਲਾਗੂ ਕਰ ਕੇ ਮੁਲਾਜ਼ਮਾਂ ਦੇ ਵੱਖ ਵੱਖ ਵਰਗ ਬਣਾਉਣ ਸਬੰਧੀ ਮੁਲਾਜ਼ਮ ਜਥੇਬੰਦੀਆਂ ਵੱਲੋਂ ਚੁੱਕੇ ਗਏ ਸਵਾਲਾਂ ਦੇ ਜਵਾਬ ਦੇਣ। ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਵੀ ਮੰਗ ਕੀਤੀ।