ਜਗਤਾਰ ਅਨਜਾਣ
ਮੌੜ ਮੰਡੀ, 23 ਜੂਨ
ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖ਼ਿਲਾਫ਼ ਅਤੇ ਮਾਲ ਭਾੜੇ ਦੇ ਵਾਧੇ ਲਈ ਅੱਜ ਮੌੜ ਦੇ ਟਰੱਕ ਅਪਰੇਟਰਾਂ, ਕੈਂਟਰ ਯੂਨੀਅਨ ਅਤੇ ਪਿੱਕਅੱਪ ਟੈਕਸੀ ਯੂਨੀਅਨ ਵੱਲੋਂ ਕੌਮੀ ਮਾਰਗ 254 ਅਤੇ ਬਠਿੰਡਾ-ਭਵਾਨੀਗੜ੍ਹ ਰਾਜ ਮਾਰਗ ਨੂੰ ਜਾਮ ਕਰ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਟਰੱਕ ਅਪਰੇਟਰ ਸੁਸਾਇਟੀ ਦੇ ਪ੍ਰਧਾਨ ਰੇਸ਼ਮ ਸਿੰਘ, ਕਰਮਜੀਤ ਸਿੰਘ, ਅਮਨਦੀਪ ਸਿੰਘ, ਪਰਦੀਪ ਸਿੰਘ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਮਾਲ ਦੀ ਢੋਆ-ਢੁਆਈ ਲਈ ਮਾਲ ਭਾੜੇ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਜਦਕਿ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਪਿਛਲੇ ਦੋ ਸਾਲਾਂ ਤੋਂ ਮਾਲ ਭਾੜੇ ਨਾਲ ਵਿਆਜ ਦੀਆਂ ਕਿਸ਼ਤਾਂ ਵੀ ਪੂਰੀਆਂ ਨਹੀਂ ਹੋ ਰਹੀਆਂ, ਜਿਸ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਦਸ ਰੋਜ਼ਾ ਹੜਤਾਲ ਸ਼ੁਰੂ ਕੀਤੀ ਹੈ। ਪ੍ਰਦਰਸ਼ਨਕਾਰੀ ਅੱਜ ਦੂਰੋਂ ਆ ਰਹੇ ਸਾਧਨਾਂ ਨੂੰ ਰੋਕਣ ਲਈ ਪੂਰਾ ਦਿਨ ਬਹਿਸਦੇ ਰਹੇ।
ਪ੍ਰਦਰਸ਼ਨਕਾਰੀਆਂ ਨੇ ਠੇਕਾ ਸਿਸਟਮ ਖਤਮ ਕਰਨ ਅਤੇ ਮਾਲ ਦੀ ਢੋਆ ਢੋਆਈ ਲਈ ਟੈਂਡਰ ਟਰੱਕ ਅਪਰੇਟਰਾਂ ਨੂੰ ਦੇਣ ਦੀ ਮੰਗ ਕੀਤੀ। ਧਰਨੇ ਵਿੱਚ ਗੁਰਮੇਲ ਸਿੰਘ ਮੇਲਾ, ਜਗਸੀਰ ਸਿੰਘ, ਜਸਵੰਤ ਸਿੰਘ, ਕਰਮਜੀਤ ਸਿੰਘ ਮਾਨ ਨੇ ਵੀ ਸੰਬੋਧਨ ਕੀਤਾ।
ਬਰਨਾਲਾ (ਰਵਿੰਦਰ ਰਵੀ): ਡੀਜ਼ਲ ਅਤੇ ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਸਬੰਧੀ ਅੱਜ ਟਰੱਕ ਅਪਰੇਟਰਾਂ ਨੇ ਸੜਕਾਂ ’ਤੇ ਉਤਰ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਟਰੱਕ ਅਪਰੇਟਰ ਕੁਲਦੀਪ ਸਿੰਘ, ਜਸਪਾਲ ਸਿੰਘ ਅਤੇ ਪ੍ਰਭਜੋਤ ਮਾਨ ਨੇ ਕਿਹਾ ਕਿ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਉਨ੍ਹਾਂ ਦਾ ਕਾਰੋਬਾਰ ਠੱਪ ਹੋ ਗਿਆ ਹੈ। ਡੀਜ਼ਲ ਦੇ ਰੇਟ ਵਧਣ ਕਾਰਨ ਉਨ੍ਹਾਂ ਨੂੰ ਕੋਈ ਬੱਚਤ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ।
ਧਨੌਲਾ (ਪੱਤਰ ਪ੍ਰੇਰਕ): ਤੇਲ ਦੀਆਂ ਵਧ ਰਹੀਆਂ ਕੀਮਤਾਂ ਵਿਰੁੱਧ ਟਰੱਕ ਯੂਨੀਅਨ ਧਨੌਲਾ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਅਰੰਭੀ ਗਈ ਹੈ। ਗੁਰਤੇਜ ਸਿੰਘ ਨੇ ਕਿਹਾ ਕਿ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਾਲ ਟਰੱਕ ਮਾਲਕਾਂ ਅਤੇ ਅਪਰੇਟਰਾਂ ਨੂੰ ਵੱਡਾ ਘਾਟਾ ਪੈ ਰਿਹਾ ਹੈ। ਯੂਨੀਅਨ ਮੈਂਬਰ ਮਲਕੀਤ ਸਿੰਘ, ਗੁਰਜੰਟ ਸਿੰਘ, ਹਰਪਾਲ ਸਿੰਘ ਨੇ ਕਿਹਾ ਕਿ ਸਰਕਾਰ ਤੇਲ ਦੀਆਂ ਵਧ ਰਹੀਆਂ ਕੀਮਤਾਂ ਦਾ ਜਲਦ ਕੋਈ ਹੱਲ ਕਰੇ ਜਾਂ ਫਿਰ ਉਨ੍ਹਾਂ ਨੂੰ ਕਿਰਾਏ ਵਿੱਚ ਵਾਧਾ ਕਰਨਾ ਪਵੇਗਾ। ਇਸ ਮੌਕੇ ਬੂਟਾ ਸਿੰਘ, ਕਾਲਾ ਸਿੰਘ, ਭੋਲਾ ਸਿੰਘ, ਕਰਮਜੀਤ ਸਿੰਘ, ਨਾਜਰ ਸਿੰਘ ਹਾਜ਼ਰ ਸਨ।