ਚੰਡੀਗੜ੍ਹ (ਆਤਿਸ਼ ਗੁਪਤਾ): ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਜਦੋਂ ਇਕ ਬੈਨਰ ਹੇਠ ਸੰਘਰਸ਼ ਕਰ ਰਹੀਆਂ ਹਨ ਤਾਂ ਉਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਮਾਨ) ਨੂੰ ਖੇਤੀ ਕਾਨੂੰਨਾਂ ’ਤੇ ਮਾਣ ਹੋਣ ਲੱਗਾ ਹੈ। ਭਾਰਤੀ ਕਿਸਾਨ ਯੂਨੀਅਨ (ਮਾਨ) ਨੇ ਇਸ ਫ਼ੈਸਲੇ ਨਾਲ ਕਿਸਾਨ ਅੰਦੋਲਨ ਵਿਰੋਧੀ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਹਿਲਾਂ ਯੂਨੀਅਨ ਲੁਕਵੇਂ ਰੂਪ ਵਿੱਚ ਇਹ ਕੰਮ ਕਰ ਰਹੀ ਸੀ ਤੇ ਹੁਣ ਤਾਂ ਉਸ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲ ਕੇ ਖੇਤੀ ਕਾਨੂੰਨਾਂ ਨੂੰ ਕਿਸਾਨ ਹਿਤੈਸ਼ੀ ਦੱਸਣ ਨਾਲ ਬਿੱਲੀ ਥੈਲਿਉਂ ਬਾਹਰ ਆ ਗਈ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਗੁਣੀ ਪ੍ਰਕਾਸ਼ ਠਾਕੁਰ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਨਮਾਨ ਲਈ ਕੁਰੂਕਸ਼ੇਤਰ ਵਿੱਚ ਸਮਾਗਮ ਰੱਖਣ ਦਾ ਐਲਾਨ ਕੀਤਾ ਹੈ। ਸਮਾਗਮ ਦੌਰਾਨ ਕਿਸਾਨਾਂ ਅਤੇ ਸਰਕਾਰ ਵਿਚਕਾਰ ਕਾਨੂੰਨਾਂ ਸਬੰਧੀ ਗ਼ਲਤਫਹਿਮੀ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ (ਮਾਨ) ਦੇ ਪ੍ਰਧਾਨ ਗੁਣੀ ਪ੍ਰਕਾਸ਼ ਠਾਕੁਰ ਨੇ ਕਿਹਾ ਕਿ ਉਹ 1993 ਤੋਂ ਜੋ ਮੰਗ ਕਰਦੇ ਆ ਰਹੇ ਸਨ, ਮੋਦੀ ਸਰਕਾਰ ਨੇ ਉਸ ਨੂੰ ਮੰਨ ਲਿਆ ਹੈ। ਇਹ ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਹਨ। ਪਿਛਲੇ ਲੰਮੇ ਸਮੇਂ ਤੋਂ ਕਿਸਾਨ ਆੜ੍ਹਤੀਆਂ ਦਾ ਵਿਰੋਧ ਕਰਦੇ ਆ ਰਹੇ ਸਨ। ਇਸ ਤੋਂ ਇਲਾਵਾ ਭੰਡਾਰਨ ’ਤੇ ਲਾਈ ਪਾਬੰਦੀ ਨੂੰ ਹਟਾਉਣ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ (ਮਾਨ) ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੂੰ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ’ਤੇ ਮੁੜ ਚਰਚਾ ਲਈ ਬਣਾਈ ਗਈ ਚਾਰ ਮੈਂਬਰੀ ਕਮੇਟੀ ਦਾ ਮੈਂਬਰ ਬਣਾਇਆ ਸੀ, ਜਿਸ ਦਾ ਕਿਸਾਨ ਅੰਦੋਲਨ ਦੇ ਮੋਢੀਆਂ ਨੇ ਵਿਰੋਧ ਕੀਤਾ। ਇਸੇ ਵਿਰੋਧ ਦੇ ਚਲਦਿਆਂ ਭੁਪਿੰਦਰ ਸਿੰਘ ਮਾਨ ਨੇ ਆਪਣਾ ਨਾਮ ਖੁਦ ਵਾਪਸ ਲੈਣ ਦਾ ਫ਼ੈਸਲਾ ਕੀਤਾ ਸੀ।
ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਸੂਬੇ ਵਿੱਚ ਭਾਜਪਾ ਅਤੇ ਜੇਜੇਪੀ ਦੇ ਰਾਜਨੀਤਕ ਅਤੇ ਸਮਾਜਿਕ ਸਮਾਗਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੱਤਾਧਾਰੀ ਪਾਰਟੀ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਜਾਣਬੁਝ ਕੇ ਲੋਕਾਂ ਵਿੱਚ ਜਾਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਲਈ ਹੁਣ ਭਾਰਤੀ ਕਿਸਾਨ ਯੂਨੀਅਨ (ਮਾਨ) ਦਾ ਮੋਢਾ ਵਰਤਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਜਥੇਬੰਦੀ ਦੇ ਐਲਾਨ ਅਨੁਸਾਰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕੁਰੂਕਸ਼ੇਤਰ ਵਿੱਚ ਆਉਂਦੇ ਹਨ ਤਾਂ ਸ੍ਰੀ ਖੱਟਰ ਦਾ ਵਿਰੋਧ ਕੀਤਾ ਜਾਵੇਗਾ।