ਖੇਤਰੀ ਪ੍ਰਤੀਨਿਧ
ਬਰਨਾਲਾ, 24 ਜੂਨ
ਤੀਹ ਜਥੇਬੰਦੀਆਂ ’ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ’ਤੇ ਲਾਇਆ ਧਰਨਾ ਅੱਜ 267ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਧਰਨਾਕਾਰੀਆਂ ਵੱਲੋਂ ਸ਼ਹਿਰ ਵਿੱਚ ਮਹਿੰਗਾਈ ਵਿਰੁੱਧ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਬਾਅਦ ਕਿਸਾਨ ਧਰਨਾਕਾਰੀ ਸਫਾਈ ਕਰਮਚਾਰੀਆਂ ਦੇ ਧਰਨੇ ਵਿੱਚ ਸ਼ਾਮਲ ਹੋਏ।
ਮਹਿਲ ਕਲਾਂ (ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਖਿਲਾਫ ਮਹਿਲ ਕਲਾਂ ਵਿੱਚ ਪੱਕਾ ਧਰਨਾ ਲਗਾਤਾਰ ਜਾਰੀ ਹੈ, ਅੱਜ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।ਇਸ ਮੌਕੇ ਕਿਸਾਨਾਂ ਨੇ ‘ਗੋਲਡਨ ਹੱਟ’ ਢਾਬਾ ਦੇ ਮਾਲਕ ਰਾਮ ਸਿੰਘ ਰਾਣਾ ਵੱਲੋਂ ਕਿਸਾਨ ਸੰਘਰਸ਼ ਦੇ ਪੱਖ ਵਿੱਚ ਲਏ ਸਟੈਂਡ ਦੀ ਸ਼ਲਾਘਾ ਕੀਤੀ ਗਈ ਤੇ ਹਰ ਮਦਦ ਕਰਨ ਦਾ ਅਹਿਦ ਲਿਆ। ਕਿਸਾਨ ਆਗੂਆਂ ਨੇ ਦੱਸਿਆ ਕਿ 26 ਜੂਨ ਨੂੰ ਮਹਿਲ ਕਲਾਂ ਵੀ ਵੱਡਾ ਇਕੱਠ ਕੀਤਾ ਜਾਵੇਗਾ ਤੇ ਚੰਡੀਗੜ੍ਹ ਲਈ ਵੀ ਵੱਡੀ ਕਿਸਾਨ ਰਵਾਨਾ ਹੋਣਗੇ।
ਬਰੇਟਾ (ਪੱਤਰ ਪ੍ਰੇਰਕ): ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਇੱਥੋਂ ਦੇ ਪੈਟਰੋਲ ਪੰਪ ’ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਧਰਨਾ ਅਤੇ ਸਾਂਝਾ ਕਿਸਾਨ ਮੋਰਚਾ ਵੱਲੋ ਰੇਲਵੇ ਪਾਰਕਿੰਗ ਵਿੱਚ ਔਰਤਾਂ ਦੀ ਸ਼ਮੂਲੀਅਤ ਦੌਰਾਨ ਅੱਜ ਵੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਹੁੰਦੀ ਰਹੀ। ਅੱਜ ਦੇ ਧਰਨਿਆ ਵਿੱਚ ਛੱਜੂ ਸਿੰਘ, ਅਮਰੀਕ ਸਿੰਘ ਬਰੇਟਾ ਸ਼ਾਮਲ ਸਨ।
26 ਜੂਨ ਦੇ ਪ੍ਰੋਗਰਾਮ ਲਈ ਡਿਊਟੀਆਂ ਲਾਈਆਂ
ਤਲਵੰਡੀ ਸਾਬੋ (ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਸੰਘਰਸ਼ ਦੇ 26 ਜੂਨ ਨੂੰ ਸੱਤ ਮਹੀਨੇ ਹੋਣ ’ਤੇ ਸੰਯੁਕਤ ਮੋਰਚੇ ਦੇ ਸੱਦੇ ’ਤੇ ਮਨਾਏ ਜਾ ਰਹੇ ਖੇਤੀ ਬਚਾਓ, ਲੋਕਤੰਤਰ ਬਚਾਓ ਦਿਵਸ ਮੌਕੇ ਰਾਸ਼ਟਰਪਤੀ ਦੇ ਨਾਂ ਦੇਸ਼ ਭਰ ਵਿੱਚ ਸੂਬਿਆਂ ਦੇ ਗਵਰਨਰਾਂ ਨੂੰ ਰੋਸ ਪੱਤਰ ਦੇਣ ਦੇ ਸੱਦੇ ’ਤੇ ਕਿਸਾਨ ਯੂਨੀਅਨਾਂ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਅੱਜ ਇੱਥੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਤੇ ਬਿੰਦਰ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸੂਬਾਈ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾਂ ਅਤੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਸ਼ਾਮਲ ਹੋਏ।ਮੀਟਿੰਗ ਵਿੱਚ ਯੂਨੀਅਨ ਦੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ।