ਪ੍ਰਭੂ ਦਿਆਲ
ਸਿਰਸਾ, 24 ਜੂਨ
ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਹੁਣ ਤੱਕ ਕਿਸਾਨ ਅੰਦੋਲਨ ਲਈ ਕਿਸੇ ਤਰ੍ਹਾਂ ਦਾ ਕੋਈ ਸਹਿਯੋਗ ਨਹੀਂ ਕੀਤਾ ਗਿਆ ਹੈ ਅਤੇ ਉਹ ਹੁਣ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਆਪਣੀ ਰਾਜਨੀਤਕ ਮਨੋਰਥ ਪੂਰੇ ਕਰਨਾ ਚਾਹੁੰਦੇ ਹਨ। ਕਿਸਾਨ ਆਗੂ ਨੇ ਅੱਜ ਆਪਣੇ ਦਫ਼ਤਰ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਵਿੱਢੇ ਅੰਦੋਲਨ ਦੌਰਾਨ ਦੌਰਾਨ ਦੇਸ਼ ਭਰ ਦੀ ਸੰਗਤ ਵੱਲੋਂ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ, ਟੈਂਟ ਤੇ ਹੋਰ ਕਈ ਚੀਜ਼ਾਂ ਮੁਹੱਈਆ ਕਰਵਾਈਆਂ ਗਈਆਂ ਪਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਅੰਦੋਲਨ ਨੂੰ ਬਿਲਕੁਲ ਸਹਿਯੋਗ ਨਹੀਂ ਦਿੱਤਾ। ਲਖਵਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਬਿਆਨਬਾਜ਼ੀ ਕਰਨ ’ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕਰ ਰਹੇ ਹਨ ਪਰ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਮੁੱਖ ਮੰਤਰੀ ਨਾਲ ਕਿਸਾਨਾਂ ਦੇ ਮੁੱਦੇ ’ਤੇ ਗੱਲ ਕਰਕੇ ਆਪਣੀ ਰਾਜਨੀਤੀ ਚਮਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਜਥੇਦਾਰ ਦਾਦੂਵਾਲ ਸਿੱਖ ਲਿਬਾਸ ਵਿੱਚ ਭਾਜਪਾ ਤੇ ਆਰਐੱਸਐੱਸ ਦੇ ਹਮਾਇਤੀ ਹਨ। ਇਸ ਮੌਕੇ ਭਾਰਤੀ ਕਿਸਾਨ ਏਕਤਾ ਦੇ ਜਨਰਲ ਸਕੱਤਰ ਗੁਰਪ੍ਰੀਤ ਗਿੱਲ, ਸਕੱਤਰ ਗੁਰਮੀਤ ਨਕੌੜਾ, ਯੂਥ ਵਿੰਗ ਦੇ ਜਨਰਲ ਸਕੱਤਰ ਗੁਰੀ ਸੇਖੋਂ, ਸੀਮੂ ਲਾਹੌਰੀਆ ਅਤੇ ਦੀਪਕ ਸਹਿਗਲ ਹਾਜ਼ਰ ਸਨ। ਇਸ ਸਬੰਧੀ ਜਥੇਦਾਰ ਬਲਜੀਤ ਸਿੰਘ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।