ਪੱਤਰ ਪ੍ਰੇਰਕ
ਭਿੱਖੀਵਿੰਡ, 24 ਜੂਨ
ਤਰਨ ਤਾਰਨ ਦੇ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਪੱਧਰੀ ਕਲਾਂ ਵਿਚ ਕੁੱਝ ਦਿਨ ਪਹਿਲਾਂ ਛੱਪੜ ਵਿਚ ਮੱਛੀ ਪਾਲਣ ਪਲਾਂਟ ਲਈ ਜਗ੍ਹਾ ਦੀ ਚੋਣ ਕਰਦੇ ਦੋ ਧਿਰਾਂ ਆਪਸ ਵਿਚ ਉਲਝ ਗਈਆਂ ਸਨ ਜਿਸ ਵਿਚ ਪਿੰਡ ਦੇ ਮੌਜੂਦਾ ਸਰਪੰਚ ਰਸ਼ਪਾਲ ਕੌਰ ਦਾ ਪੁੱਤਰ ਸ਼ਗਨਦੀਪ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਪੁਲੀਸ ਵਲੋਂ ਇਸ ਮਾਮਲੇ ਵਿਚ ਮੁਲਜ਼ਮਾਂ ਨੂੰ ਕਾਬੂ ਨਾ ਕੀਤੇ ਜਾਣ ਅਤੇ ਮੁਲਜ਼ਮਾਂ ਵੱਲੋਂ ਪੀੜਤ ਧਿਰ ਨੂੰ ਧਮਕੀਆਂ ਦੇਣ ਦੀ ਸ਼ਿਕਾਇਤ ਐੱਸਸੀ ਕਮਿਸ਼ਨ ਕੋਲ ਕੀਤੀ। ਜਿਸ ਦੇ ਚੱਲਦੇ ਅੱਜ ਐੱਸਸੀ ਕਮਿਸ਼ਨ ਦੇ ਮੈਂਬਰ ਤਰਸੇਮ ਸਿੰਘ ਸਿਆਲਕਾ ਪਿੰਡ ਪੱਧਰੀ ਕਲਾਂ ਪੁੱਜੇ ਜਿੱਥੇ ਉਨ੍ਹਾਂ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ੍ਰੀ ਸਿਆਲਕਾ ਨੇ ਕਿਹਾ ਕਿ ਉਨ੍ਹਾਂ ਤਰਨ ਤਾਰਨ ਦੇ ਐੱਸਐੱਸਪੀ ਨੂੰ ਫੋਨ ਤੇ ਉਕਤ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਕਹਿ ਦਿੱਤਾ ਹੈ ਅਤੇ ਪੁਲੀਸ ਨੇ ਇਕ ਮੁੱਖ ਮੁਲਜ਼ਮ ਨੂੰ ਕਾਬੂ ਵੀ ਕਰ ਲਿਆ ਹੈ ਉਨ੍ਹਾਂ ਪੀੜਿਤ ਪਰਿਵਾਰ ਨੂੰ ਸੁਰੱਖਿਆ ਦੇਣ ਲਈ ਵੀ ਉੱਚ ਅਧਿਕਾਰੀਆਂ ਨੂੰ ਕਿਹਾ। ਮੌਕੇ ‘ਤੇ ਪੁੱਜੇ ਐੱਸਐਚਓ ਝਬਾਲ ਜਸਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਇਸ ਮਾਮਲੇ ਵਿਚ ਚਾਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਸੀ ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।