ਡਾ. ਰਾਜਿੰਦਰ ਸਿੰਘ
ਡੇਰਾ ਬਾਬਾ ਨਾਨਕ, 24 ਜੂਨ
ਹਲਕੇ ਦੇ ਪਿੰਡ ਨਿਕੋਸਰਾਂ ਵਿੱਚ ਚਾਰ ਦਿਨ ਪਹਿਲਾਂ ਪਾਣੀ ਦੇ ਮਾਮੂਲੀ ਤਕਰਾਰ ਨੂੰ ਲੈ ਕੇ ਕਤਲ ਕੀਤੇ ਗਏ ਨੌਜਵਾਨ ਨਰਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਉਸ ਦੀ ਮ੍ਰਿਤਕ ਦੇਹ ਥਾਣੇ ਦੇ ਬਾਹਰ ਰੱਖ ਕੇ ਪੁਲੀਸ ਦੀ ਢਿੱਲੀ ਕਾਰਵਾਈ ਖ਼ਿਲਾਫ਼ ਥਾਣੇ ਦਾ ਘਿਰਾਓ ਕੀਤਾ ਹੈ| ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਕਿਸਾਨਾਂ ਨੇ ਸਾਂਝੇ ਤੌਰ ’ਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਸ ਮੌਕੇ ਦੋਸ਼ ਲਾਇਆ ਹੈ ਪੁਲੀਸ ਸਿਆਸੀ ਦਬਾਅ ਹੇਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ| ਉਨ੍ਹਾਂ ਕਿਹਾ ਕਿ ਜਦੋ ਤੱਕ ਨਰਿੰਦਰ ਸਿੰਘ ਦੇ ਸਾਰੇ ਕਾਤਲ ਗ੍ਰਿਫ਼ਤਾਰ ਨਹੀਂ ਕੀਤੇ ਜਾਂਦੇ ਉਦੋਂ ਤੱਕ ਉਹ ਮ੍ਰਿਤਕ ਦਾ ਸਸਕਾਰ ਨਹੀਂ ਕਰਨਗੇ | ਇਸ ਮੌਕੇ ‘ਆਪ’ ਆਗੂ ਗੁਰਦੀਪ ਸਿੰਘ ਰੰਧਾਵਾ ਅਤੇ ਕਿਸਾਨ ਆਗੂ ਕੰਵਲਜੀਤ ਸਿੰਘ ਖੁਸ਼ਹਾਲਪੁਰ ਨੇ ਵੀ ਸੰਬੋਧਨ ਕੀਤਾ। ਡੇਰਾ ਬਾਬਾ ਨਾਨਕ ਥਾਣੇ ਦੇ ਐੱਸਐੱਚਓ ਅਵਤਾਰ ਸਿੰਘ ਨੇ ਕਿਹਾ ਹੈ ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਬਾਕੀ 5 ਹੋਰਾਂ ਦੀ ਵੀ ਭਾਲ ਜਾਰੀ ਹੈ ਜਿਨ੍ਹਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ| ਧਰਨੇ ਦਾ ਪਤਾ ਲੱਗਣ ਮਗਰੋਂ ਪੁਲੀਸ ਜ਼ਿਲ੍ਹਾ ਬਟਾਲਾ ਦੇ ਐੱਸਪੀ ਜਗਜੀਤ ਸਿੰਘ ਵੀ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਵੱਲੋਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਪਰ ਇਸ ਦੇ ਬਾਵਜੂਦ ਪਰਿਵਾਰ ਵਲੋਂ ਫਿਲਹਾਲ ਧਰਨਾ ਜਾਰੀ ਹੈ |