ਆਤਿਸ਼ ਗੁਪਤਾ
ਚੰਡੀਗੜ੍ਹ, 27 ਜੂਨ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀ ਹੱਦ ’ਤੇ ਚੱਲ ਰਹੇ ਅੰਦੋਲਨ ਦੇ ਸੱਤ ਮਹੀਨੇ ਪੂਰੇ ਹੋਣ ਉੱਤੇ ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ ਵਿਆਪੀ ਸੱਦੇ ’ਤੇ ਮਨਾਏ ਗਏ ‘ਖੇਤੀ ਬਚਾਓ, ਲੋਕਤੰਤਰ ਬਚਾਓ’ ਦਿਵਸ ਮੌਕੇ ਸਫ਼ਲ ਰੋਸ ਪ੍ਰਦਰਸ਼ਨਾਂ ਨੇ ਕਿਸਾਨਾਂ ਵਿੱਚ ਜੋਸ਼ ਭਰਿਆ ਹੈ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਘਰਾਂ/ਦਫ਼ਤਰਾਂ ਮੂਹਰੇ, ਟੌਲ ਪਲਾਜ਼ਿਆਂ, ਪੂੰਜੀਪਤੀ ਘਰਾਣਿਆਂ ਦੇ ਮਾਲਜ਼, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ ਅਤੇ ਨਿੱਜੀ ਥਰਮਲ ਪਲਾਂਟ ਸਣੇ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਅੱਜ ਵੀ ਜਾਰੀ ਰਹੇ। ਇਨ੍ਹਾਂ ਧਰਨਿਆਂ ਵਿੱਚ ਕਿਸਾਨ-ਮਜ਼ਦੂਰ, ਬਜ਼ੁਰਗ, ਨੌਜਵਾਨ, ਔਰਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਬੀਤੇ ਦਿਨ ਚੰਡੀਗੜ੍ਹ ਪੁਲੀਸ ਵੱਲੋਂ ਸ਼ਾਂਤਮਈ ਰੋਸ ਮਾਰਚ ਕਰਨ ਵਾਲੇ ਕਿਸਾਨ ਆਗੂਆਂ ਅਤੇ ਸਮਰਥਕਾਂ ’ਤੇ ਦਰਜ ਕੀਤੇ ਪਰਚਿਆਂ ਦੀ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।