ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਜੂਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਇੱਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਰਾਹੀ ਪੰਜਾਬ ਦੇ ਰਾਜਪਾਲ ਅਤੇ ਰਾਸ਼ਟਰਪਤੀ ਨੂੰ ਇੱਕ ਮੰਗ ਪੱਤਰ ਭੇਜਿਆ ਹੈ। ਇਸ ਸਬੰਧ ਵਿਚ ਕਿਸਾਨ ਜਥੇਬੰਦੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਾਹਰ ਭਰਵਾਂ ਇਕੱਠ ਕੀਤਾ ਅਤੇ ਖੇਤੀ ਬਿਲਾਂ ਦਾ ਵਿਰੋਧ ਕਰਦਿਆ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਚਿਹਰੀ ਚੌਕ ਵਿੱਚ ਪੈਦਲ ਰੋਸ ਮਾਰਚ ਤੇ ਮੋਟਰਸਾਈਕਲ ਮਾਰਚ ਵੀ ਕੀਤਾ ਗਿਆ। ਕਿਸਾਨ ਪਹਿਲਾਂ ਸਥਾਨਕ ਗੋਲਡਨ ਗੇਟ ਵਿਖੇ ਇਕੱਠੇ ਹੋਏ ਅਤੇ ਉਨਾਂ ਉਥੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰ ਬਾਲਾ, ਲਖਵਿੰਦਰ ਸਿੰਘ ਵਰਿਆਮ, ਜਰਮਨਜੀਤ ਸਿੰਘ ਬੰਡਾਲਾ ਆਦਿ ਨੇ ਸੰਬੋਧਨ ਕੀਤਾ।
ਹੁਸ਼ਿਆਰਪੁਰ(ਹਰਪ੍ਰੀਤ ਕੌਰ): ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨੀ ਅੰਦੋਲਨ ਦੇ 7 ਮਹੀਨੇ ਪੂਰੇ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਦੇਸ਼ ਭਰ ਵਿੱਚ ਮੋਦੀ ਸਰਕਾਰ ਖਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ। ਇਸੇ ਕੜੀ ਵਿਚ ਹੁਸ਼ਿਆਰਪੁਰ ਵਿਚ ਵੀ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਖਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ। ਸ਼ਹੀਦ ਧੰਨਾ ਸਿੰਘ ਪਾਰਕ ਤੋਂ ਰੋਸ ਮਾਰਚ ਕਰਦੇ ਹੋਏ ਕਿਸਾਨ ਡਿਪਟੀ ਕਮਿਸ਼ਨਰ ਦੇ ਦਫ਼ਤਰ ਮਿੰਨੀ ਸਕੱਤਰੇਤ ਦੇ ਬਾਹਰ ਪੁੱਜੇ ’ਤੇ ਮੋਦੀ ਸਰਕਾਰ ਦੀ ਅਰਥੀ ਫ਼ੂਕੀ। ਉਨ੍ਹਾਂ ਨੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਬੋਲਦਿਆਂ ਕਿਸਾਨ ਆਗੂਆਂ ਗੁਰਦੀਪ ਸਿੰਘ ਖੁਣ-ਖੁਣ, ਗੁਰਮੇਸ਼ ਸਿੰਘ, ਗੁਰਨਾਮ ਸਿੰਘ ਸਿੰਗੜੀਵਾਲਾ, ਗੰਗਾ ਪ੍ਰਸਾਦ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਗੁਰਮੀਤ ਸਿੰਘ, ਮਹਿੰਦਰ ਸਿੰਘ ਭੀਲੋਵਾਲ ਆਦਿ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਅੱਜ ਫ਼ਿਰ ਦੇਸ਼ ਨੂੰ ਉਸ ਹਨ੍ਹੇਰੀ ਗਲੀ ਵਿਚ ਧੱਕਿਆ ਜਾ ਰਿਹਾ ਹੈ ਜਿਸ ਵਿਚ 26 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਨੇ ਐਮਰਜੈਂਸੀ ਦਾ ਐਲਾਨ ਕਰਵਾ ਕੇ ਸੰਵਿਧਾਨ ਤੇ ਜਮਹੂਰੀਅਤ ਦਾ ਘਾਣ ਕੀਤਾ ਸੀ। ਬਾਅਦ ਵਿਚ ਪ੍ਰਸ਼ਾਸਨ ਰਾਹੀਂ ਰਾਸਟਰਪਤੀ ਨੂੰ ਮੰਗ ਪੱਤਰ ਵੀ ਭੇਜਿਆ ਗਿਆ।
ਤਰਨ ਤਾਰਨ(ਗੁਰਬਖਸ਼ਪੁਰੀ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ) ਸਾਹਮਣੇ ਇੱਕ ਵਿਖਾਵਾ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਕਿਸਾਨਾਂ ਵਿਰੋਧੀ ਨੀਤੀਆਂ ਧਾਰਨ ਕਰਨ ਦਾ ਦੋਸ਼ ਲਗਾਇਆ| ਰੋਹ ਵਿੱਚ ਆਏ ਕਿਸਾਨਾਂ-ਮਜਦੂਰਾਂ ਸਰਕਾਰਾਂ ਦੀਆਂ ਅਰਥੀਆਂ ਵੀ ਸਾੜੀਆਂ ਅਤੇ ਡਿਪਟੀ ਕਮਿਸ਼ਨਰ ਦੇ ਦਫਤਰ ਮੰਗ ਪੱਤਰ ਦਿੱਤਾ| ਇਸ ਮੌਕੇ ਕੀਤੇ ਇਕ ਭਰਵੇਂ ਇਕੱਠ ਨੂੰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੋਂ ਇਲਾਵਾ ਦਿਆਲ ਸਿੰਘ ਮੀਆਵਿੰਡ, ਹਰਪ੍ਰੀਤ ਸਿੰਘ ਸਿੱਧਵਾਂ, ਸਤਨਾਮ ਸਿੰਘ ਮਾਣੋਚਾਹਲ, ਫਤਿਹ ਸਿੰਘ ਪਿੱਦੀ, ਧੰਨਾ ਸਿੰਘ ਲਾਲੂਘੁੱਮਣ, ਸਲਵਿੰਦਰ ਸਿੰਘ ਜੀਓਬਾਲਾ, ਸੁਖਵਿੰਦਰ ਸਿੰਘ ਦੁੱਗਲਵਾਲਾ, ਇਕਬਾਲ ਸਿੰਘ ਵੜਿੰਗ, ਜਵਾਹਰ ਸਿੰਘ ਟਾਂਡਾ ਮਨਜਿੰਦਰ ਸਿੰਘ ਗੋਹਲਵੜ ਨੇ ਵੀ ਸੰਬੋਧਨ ਕੀਤਾ|
ਸੁਲਤਾਨਪੁਰ ਲੋਧੀ(ਦੇਸ ਰਾਜ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਖਪ੍ਰੀਤ ਸਿੰਘ ਪੱਸਣ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ ’ਚ ਕਿਸਾਨਾਂ ਨੇ ਇਥੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।ਇਸ ਮੌਕੇ ਨਾਇਬ ਤਹਿਸੀਲਦਾਰ ਵਿਨੋਦ ਕੁਮਾਰ ਨੂੰ ਰਾਜਪਾਲ ਦੇ ਨਾਂ ਕਾਲੇ ਖੇਤੀ ਕਨੂੰਨਾਂ ਨੂੰ ਰੱਦ ਕਰਨ ਲਈ ਮੰਗ ਪੱਤਰ ਦਿੱਤਾ ਅਤੇ ਨਰਿੰਦਰ ਮੋਦੀ ਦਾ ਪਤਲਾ ਸਾੜਿਆ ਗਿਆ।