ਰਵੇਲ ਸਿੰਘ ਭਿੰਡਰ
ਪਟਿਆਲਾ, 26 ਜੂਨ
ਰੁਜ਼ਗਾਰ ਪ੍ਰਾਪਤੀ ਲਈ 98ਵੇਂ ਦਿਨਾਂ ਤੋਂ ਮੋਬਾਈਲ ਟਾਵਰ ’ਤੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਸੁਰਿੰਦਰਪਾਲ ਗੁਰਦਾਸਪੁਰ ਦਾ ਮਰਨ ਵਰਤ ਅੱਜ ਸੱਤਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਲਗਾਤਾਰ ਸੱਤ ਦਿਨ ਕੁੱਝ ਨਾ ਖਾਣ ਕਾਰਨ ਉਸ ਦੀ ਸਿਹਤ ਵੀ ਕਮਜ਼ੋਰ ਹੋ ਗਈ ਹੈ।
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਕੁਲਦੀਪ ਖੋਖਰ, ਜੱਗਾ ਬੋਹਾ, ਬਲਵਿੰਦਰ ਨਾਭਾ ਤੇ ਰਾਜਸੁਖਵਿੰਦਰ ਗੁਰਦਾਸਪੁਰ ਨੇ ਅੱਜ ਇੱਥੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਆਪਣੇ ਕਰੋੜਪਤੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਲਈ ਰੁਜ਼ਗਾਰ ਹੈ, ਪਰ ਅਧਿਆਪਕਾਂ ਲਈ ਨਹੀਂ। ਉਧਰ ਮੋਬਾਈਲ ਟਾਵਰ ਹੇਠ ਪ੍ਰਸ਼ਾਸਨ ਵੱਲੋਂ ਐਂਬੂਲੈਂਸ ਤੇ ਫਾਇਰ ਬ੍ਰਿਗੇਡ ਦੀ ਗੱਡੀ ਖੜ੍ਹੀ ਕੀਤੀ ਹੋਈ ਹੈ, ਪਰ ਅਧਿਆਪਕ ਦੀ ਸਿਹਤ ਜਾਂਚ ਲਈ ਮੈਡੀਕਲ ਟੀਮ ਨਹੀਂ ਹੈ।
ਅਧਿਆਪਕਾਂ ਦੀ ਪ੍ਰਮੁੱਖ ਸਕੱਤਰ ਨਾਲ ਮੀਟਿੰਗ ‘ਹਾਂ ਪੱਖੀ’ ਰਹੀ
ਚੰਡੀਗੜ੍ਹ (ਪੱਤਰ ਪ੍ਰੇਰਕ): ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ ਅੱਜ ਇੱਥੇ ਪੰਜਾਬ ਭਵਨ ਵਿੱਚ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਅਗਵਾਈ ਵਿੱਚ ਵਿੱਤ ਵਿਭਾਗ ਦੇ ਅਧਿਕਾਰੀਆਂ, ਪਰਸੋਨਲ ਵਿਭਾਗ ਦੇ ਅਧਿਕਾਰੀਆਂ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਹੋਈ। ਮੋਰਚੇ ਦੇ ਸੂਬਾਈ ਕਨਵੀਨਰਾਂ ਬਲਕਾਰ ਸਿੰਘ ਵਲਟੋਹਾ, ਬਲਜੀਤ ਸਿੰਘ ਸਲਾਣਾ, ਸੁਖਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਮੀਟਿੰਗ ਵਿੱਚ ਸਮੂਹ ਕੱਚੇ, ਠੇਕਾ ਅਧਾਰਿਤ ਅਤੇ ਸੁਸਾਇਟੀਆਂ ਵਾਲੇ ਅਧਿਆਪਕਾਂ, ਨਾਨ-ਟੀਚਿੰਗ ਅਤੇ ਦਫ਼ਤਰੀ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਸਬੰਧੀ ਮੋਰਚੇ ਨੇ ਬਰਾਬਰ ਕੰਮ ਬਦਲੇ ਬਰਾਬਰ ਤਨਖ਼ਾਹ ਦੇ ਕੇ ਰੈਗੂਲਰ/ਸ਼ਿਫਟਿੰਗ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਅਧਿਆਪਕਾਂ ਦੀਆਂ ਹੋਰ ਮੰਗਾਂ ’ਤੇ ਪ੍ਰਮੁੱਖ ਸਕੱਤਰ ਨੇ ਹਾਂ-ਪੱਖੀ ਹੁੰਗਾਰਾ ਭਰਿਆ।