ਟ੍ਰਿਬਿਊਨ ਿਨਊਜ਼ ਸਰਵਿਸ
ਚੰਡੀਗੜ੍ਹ, 26 ਜੂਨ
ਕੋਟਕਪੂਰਾ ਗੋਲੀ ਕਾਂਡ (2015) ਦੀ ਪੜਤਾਲ ਲਈ ਬਣਾਈ ਨਵੀਂ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੋਂ ਚੰਡੀਗੜ੍ਹ ਦੇ ਸੈਕਟਰ-32 ਸਥਿਤ ‘ਪੰਜਾਬ ਪੁਲੀਸ ਆਫੀਸਰਜ਼ ਇੰਸਟੀਚਿਊਟ’ ਵਿੱਚ ਪੁੱਛ-ਪੜਤਾਲ ਕੀਤੀ। ਟੀਮ ਦੇ ਮੈਂਬਰਾਂ ਨੇ ਅਕਾਲੀ ਦਲ ਦੇ ਪ੍ਰਧਾਨ ਤੋਂ ਕਰੀਬ ਚਾਰ ਘੰਟੇ ਪੁੱਛ-ਪੜਤਾਲ ਕੀਤੀ। ਉਹ ਸਵੇਰੇ 11 ਵਜੇ ਦੇ ਕਰੀਬ ਇੱਥੇ ਪਹੁੰਚੇ ਅਤੇ ਬਾਅਦ ਦੁਪਹਿਰ ਤਿੰਨ ਵਜੇ ਤੱਕ ਪੁੱਛ-ਪੜਤਾਲ ਕੀਤੀ ਗਈ। ਹਾਲਾਂਕਿ ਜਾਂਚ ਟੀਮ ਵੱਲੋਂ ਪੁੱਛੇ ਗਏ ਸਵਾਲਾਂ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ। ਸੂਤਰਾਂ ਅਨੁਸਾਰ ਜਾਂਚ ਟੀਮ ਨੇ ਗੋਲੀ ਚਲਾਉਣ ਦੇ ਹੁਕਮ ਦੇਣ ਬਾਰੇ ਤੇ ਮਾਮਲੇ ਨਾਲ ਸਬੰਧਤ ਹੋਰ ਪਹਿਲੂਆਂ ਬਾਰੇ ਪੁੱਛਗਿੱਛ ਕੀਤੀ ਹੈ। ਇਸ ਮੌਕੇ ਸੁਖਬੀਰ ਬਾਦਲ ਦੇ ਸਮਰਥਨ ਵਿੱਚ ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ, ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਐਨ.ਕੇ. ਸ਼ਰਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਬਰਾੜ ਸਣੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਾਜ਼ਰ ਸਨ। ਇਨ੍ਹਾਂ ਨੂੰ ਪੁਲੀਸ ਨੇ ‘ਆਫੀਸਰਜ਼ ਇੰਸਟੀਚਿਊਟ’ ਤੋਂ ਕੁਝ ਦੂਰੀ ’ਤੇ ਹੀ ਰੋਕ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ 11 ਵਜੇ ਸਿੱਟ ਅੱਗੇ ਹਾਜ਼ਰ ਹੋਏ। ਉਨ੍ਹਾਂ ਦੀ ਕਾਰ ਬਿਕਰਮ ਸਿੰਘ ਮਜੀਠੀਆ ਚਲਾ ਰਹੇ ਸਨ। ਉਹ ਪੁੱਛ-ਪੜਤਾਲ ਤੋਂ ਬਾਅਦ 3.10 ’ਤੇ ਬਾਹਰ ਨਿਕਲੇ। ਉਨ੍ਹਾਂ ਨੇ ਕਾਰ ਦਾ ਦਰਵਾਜ਼ਾ ਖੋਲ੍ਹ ਕੇ ਪਾਰਟੀ ਵਰਕਰਾਂ ਦਾ ਮਗਰੋਂ ਹੱਥ ਹਿਲਾ ਕੇ ਧੰਨਵਾਦ ਕੀਤਾ। ਉਸ ਤੋਂ ਬਾਅਦ ਬਾਦਲ ਨੇ ਆਪਣੇ ਟਵਿੱਟਰ ਹੈਂਡਲ ’ਤੇ ਵੀ ਪਾਰਟੀ ਵਰਕਰਾਂ ਦਾ ਸਤਿਕਾਰ ਦੇਣ ਲਈ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣੀ ਨਵੀਂ ਜਾਂਚ ਟੀਮ ਵੱਲੋਂ ਏਡੀਜੀਪੀ ਐੱਲ.ਕੇ. ਯਾਦਵ ਦੀ ਅਗਵਾਈ ਹੇਠ ਐੱਮਐੱਲਏ ਫਲੈਟਸ ਵਿਚਲੀ ਬਾਦਲ ਦੀ ਰਿਹਾਇਸ਼ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ। ਉਸ ਤੋਂ ਪਹਿਲਾਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਸਾਬਕਾ ਡੀਆਈਜੀ ਪਰਮਰਾਜ ਸਿੰਘ ਉਮਰਾਨੰਗਲ, ਰਣਬੀਰ ਸਿੰਘ ਖੱਟੜਾ ਸਣੇ ਹੋਰਨਾਂ ਪੁਲੀਸ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਰਾਹੁਲ, ਜਾਖੜ ਤੇ ਸਿੱਧੂ ਨੇ ‘ਸਿਟ’ ਦੇ ਤਿੰਨ ਮੈਂਬਰਾਂ ਦੀ ਥਾਂ ਲਈ: ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਕਾਂਗਰਸ ਆਗੂ ਰਾਹੁਲ ਗਾਂਧੀ, ਸੁਨੀਲ ਜਾਖੜ ਤੇ ਨਵਜੋਤ ਸਿੱਧੂ ਨੇ ‘ਸਿਟ’ (ਵਿਸ਼ੇਸ਼ ਜਾਂਚ ਟੀਮ) ਦੇ ਤਿੰਨ ਮੈਂਬਰਾਂ ਦੀ ਥਾਂ ਲੈ ਲਈ ਹੈ। ਇਸ ਨੂੰ 10 ਜਨਪਥ ਤੋਂ ਰਿਮੋਟ ਰਾਹੀਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਘਟਨਾ ਦੁਨੀਆ ਦੀ ਸ਼ਾਇਦ ਇਕਲੌਤੀ ਅਜਿਹੀ ਘਟਨਾ ਹੈ ਜਿੱਥੇ ‘ਸਿਟ’ ਫਾਇਰਿੰਗ ਦਾ ਹੁਕਮ ਦੇਣ ਵਾਲੀ ਅਥਾਰਿਟੀ ਐੱਸਡੀਐਮ ਵੱਲੋਂ ਫਾਇਰਿੰਗ ਦਾ ਹੁਕਮ ਆਪ ਦਿੱਤੇ ਹੋਣ ਦਾ ਐਲਾਨ ਕਰਨ ਤੋਂ ਬਾਅਦ ਵੀ ਇਹ ਜਾਨਣਾ ਚਾਹੁੰਦੀ ਹੈ ਕਿ ਫਾਇਰਿੰਗ ਦਾ ਹੁਕਮ ਕਿਸ ਨੇ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤੋਂ ਅਜਿਹਾ ਜਾਪਦਾ ਹੈ ਜਿਵੇਂ ‘ਸਿਟ’ ਐੱਸਡੀਐਮ ਨੂੰ ਇਹ ਕਹਿ ਰਹੀ ਹੋਵੇ ਕਿ ਤੁਸੀਂ ਇਹ ਨਾ ਕਹੋ ਕਿ ਤੁਸੀਂ ਫਾਇਰਿੰਗ ਦਾ ਹੁਕਮ ਦਿੱਤਾ ਸੀ ਕਿਉਂਕਿ ਉਹ ਇਸ ਲਈ ਬਾਦਲ ਪਰਿਵਾਰ ਨੂੰ ਦੋਸ਼ੀ ਠਹਿਰਾਉਣਾ ਚਾਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਦੇ ਖ਼ਿਲਾਫ਼ ਵੀ ਕੋਟਕਪੂਰਾ ਫਾਇਰਿੰਗ ਕੇਸ ਵਿਚ ਬਾਦਲ ਪਰਿਵਾਰ ਨੂੰ ਫਸਾਉਣ ਲਈ ਜਾਅਲੀ ਦਸਤਾਵੇਜ਼ ਤਿਆਰ ਕਰਨ ਦਾ ਕੇਸ ਦਰਜ ਹੋਣਾ ਚਾਹੀਦਾ ਹੈ। -ਟਨਸ