ਮਨੋਜ ਸ਼ਰਮਾ
ਬਠਿੰਡਾ, 30 ਜੂਨ
ਬਠਿੰਡਾ ਜ਼ਿਲ੍ਹੇ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਕਾਰਨ ਇਕ ਮਰੀਜ਼ ਦੀ ਮੌਤ ਹੋਈ ਹੈ ਤੇ 32 ਨਵੇਂ ਕੇਸ ਸਾਹਮਣੇ ਆਏ ਹਨ। ਇਸੇ ਦੌਰਾਨ 49 ਵਿਅਕਤੀ ਠੀਕ ਹੋਣ ਉਪਰੰਤ ਘਰਾਂ ਨੂੰ ਪਰਤੇ ਹਨ। ਇਸ ਸਮੇਂ ਜ਼ਿਲ੍ਹੇ ਅੰਦਰ 213 ਵਿਅਕਤੀ ਘਰੇਲੂ ਇਕਾਂਤਵਾਸ ਵਿੱਚ ਹਨ। ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਮੌਤ ਦਰ, ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿੱਚ ਗਿਰਾਵਟ ਆਈ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਜ਼ਿਲ੍ਹੇ ਵਿੱਚ ਕੋਵਿਡ-19 ਤਹਿਤ ਹੁਣ ਤੱਕ ਕੁੱਲ 4,02,744 ਸੈਂਪਲ ਲਏ ਗਏ ਹਨ ਜਿਨ੍ਹਾਂ ’ਚੋਂ ਕੁੱਲ 41,188 ਪਾਜ਼ੇਟਿਵ ਕੇਸ ਆਏ ਸਨ। ਇਨ੍ਹਾਂ ਵਿੱਚੋਂ 39,881 ਵਿਅਕਤੀ ਕਰੋਨਾ ’ਤੇ ਫ਼ਤਹਿ ਹਾਸਲ ਕਰਕੇ ਘਰ ਪਰਤ ਚੁੱਕੇ ਹਨ। ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 286 ਕੇਸ ਐਕਟਿਵ ਹਨ ਤੇ 1021 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।