ਨਿੱਜੀ ਪੱਤਰ ਪ੍ਰੇਰਕ
ਕੋਟਕਪੂਰਾ, 30 ਜੂਨ
ਨਗਰ ਕੌਂਸਲ ਕੋਟਕਪੂਰਾ ਦੀ ਕੌਂਸਲਰ ਪੂਜਾ ਗਰੋਵਰ ਤੇ ਹੋਰਨਾਂ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸਿਵਲ ਰਿਟ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਦੀ ਸੁਣਵਾਈ ਕਰਦਿਆਂ ਜਸਟਿਸ ਰਿਤੂ ਅਤੇ ਜਸਟਿਸ ਅਰਚਨਾ ਪੁਰੀ ਨੇ ਚੋਣ ਅਧਿਕਾਰੀ ਨੂੰ ਨੋਟਿਸ ਜਾਰੀ ਕਰਕੇ ਪਟੀਸ਼ਨਰ ਵੱਲੋਂ ਲਗਾਏ ਦੋਸ਼ਾਂ ਦਾ ਜਵਾਬ ਮੰਗਿਆ ਹੈ। ਕੋਰਟ ਨੇ ਲੰਘੀ 18 ਜੂਨ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਸਬੰਧੀ ਰਿਕਾਰਡ ਤੇ ਵੀਡੀਓਗ੍ਰਾਫ਼ੀ ਕੋਰਟ ਵਿਚ ਪੇਸ਼ ਕਰਨ ਲਈ ਕਿਹਾ ਸੀ। ਇਸ ਤੋਂ ਇਲਾਵਾ ਅਦਾਲਤ ਨੇ ਚੋਣ ਅਧਿਕਾਰੀ ਨੂੂੰ ਅਗਲੇ ਤਿੰਨ ਦਿਨਾਂ ਦੇ ਅੰਦਰ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁੱਕਵਾਉਣ ਤੇ ਨਵੇਂ ਪ੍ਰਧਾਨ ਦੀ ਚੋਣ ਕਰਵਾਉਣ ਦੀ ਹਦਾਇਤ ਕੀਤੀ ਹੈ।
ਪਟੀਸ਼ਨਰ ਨੇ ਦਾਇਰ ਸਿਵਲ ਰਿਟ ਪਟੀਸ਼ਨ 11301/2021 ਰਾਹੀਂ ਕੋਰਟ ਦੇ ਧਿਆਨ ਵਿਚ ਲਿਆਂਦਾ ਕਿ ਚੋਣ ਅਧਿਕਾਰੀ ਨੇ ਲੰਘੀ 18 ਜੂਨ ਨੂੰ ਸਿਰਫ 8 ਕੌਂਸਲਰਾਂ ਦੀ ਹਾਜ਼ਰੀ ਵਿਚ ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਕਰ ਦਿੱਤੀ ਸੀ ਜਦੋਂਕਿ ਬਾਕੀ 21 ਕੌਂਸਲਰਾਂ ਨੂੰ ਅੰਦਰ ਜਾਣ ਨਹੀਂ ਦਿੱਤਾ ਸੀ ਜਿਸ ਕਰਕੇ ਇਹ ਚੋਣ ਗ਼ੈਰ-ਸੰਵਿਧਾਨਿਕ ਕਰਾਰ ਦਿੰਦਿਆਂ ਇਸ ਨੂੰ ਰੱਦ ਕਰਕੇ ਦੁਬਾਰਾ ਚੋਣ ਕਰਵਾਈ ਜਾਵੇ। ਕੌਂਸਲਰਾਂ ਨੇ ਕੋਰਟ ਨੂੰ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਤਕਰੀਬਨ ਸਾਢੇ ਚਾਰ ਮਹੀਨੇ ਜਿੱਤ ਮਗਰੋਂ ਵੀ ਕੌਂਸਲਰ ਵਜੋਂ ਸਹੁੰ ਨਹੀਂ ਚੁਕਵਾਈ ਗਈ।