ਚੰਡੀਗੜ੍ਹ (ਆਤਿਸ਼ ਗੁਪਤਾ): ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦੌਰਾਨ ਕਿਸਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਵੱਧ ਰਹੇ ਗੁੱਸੇ ਦਰਮਿਆਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਇਕ ਵਾਰ ਫਿਰ ਦੋ ਟੁਕ ਸ਼ਬਦਾਂ ’ਚ ਸਾਫ਼ ਕਰ ਦਿੱਤਾ ਕਿ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ 7 ਮਹੀਨੇ ਦਾ ਸਮਾਂ ਬੀਤ ਚੁੱਕਿਆ ਹੈ, ਜੇਕਰ ਕੁਝ ਹੋਣਾ ਹੁੰਦਾ ਤਾਂ ਹੁਣ ਤੱਕ ਹੋ ਚੁੱਕਿਆ ਹੁੰਦਾ। ਉਨ੍ਹਾਂ ਕਿਹਾ ਕਿ ਕੁਝ ਲੋਕ ਦੇਸ਼ ਦਾ ਮਾਹੌਲ ਖਰਾਬ ਕਰਨ ਵਿੱਚ ਲੱਗੇ ਹੋਏ ਹਨ ਤੇ ਅੰਦੋਲਨ ਵਿੱਚ ਬੈਠੇ ਲੋਕ ਕਿਸਾਨ ਨਹੀਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਹੋਰ ਸਿਆਸੀ ਪਾਰਟੀਆਂ ਰਾਜਨੀਤਕ ਲਾਹੇ ਲਈ ਸਰਕਾਰ ਨੂੰ ਬਦਨਾਮ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਹਨ ਅਤੇ ਅਸਲ ਕਿਸਾਨ ਇਸ ਗੱਲ ਨੂੰ ਸਮਝਦੇ ਹਨ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਵੰਦ ਦੱਸਿਆ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨ ਕਾਨੂੰਨਾਂ ਵਿੱਚ ਕੋਈ ਕਮੀ ਦੱਸੇ ਬਿਨਾਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਜ਼ਿੱਦ ਕਰ ਰਹੇ ਹਨ। ਇਸ ਮਾਮਲੇ ’ਤੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਕਿਸਾਨਾਂ ਨੂੰ ਅਪੀਲ ਕਰ ਚੁੱਕੇ ਹਨ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ। ਕਿਸਾਨਾਂ ਨੂੰ ਗੱਲਬਾਤ ਲਈ ਅੱਗੇ ਆਉਣਾ ਚਾਹੀਦਾ ਹੈ, ਪਰ ਅੰਦੋਲਨਕਾਰੀ ਖੇਤੀ ਕਾਨੂੰਨਾਂ ’ਚ ਕਮੀਆਂ ’ਤੇ ਗੱਲਬਾਤ ਕਰਨ ਦੀ ਥਾਂ ਇਨ੍ਹਾਂ ਨੂੰ ਰੱਦ ਕਰਨ ਦੀ ਜ਼ਿੱਦ ’ਤੇ ਅੜੇ ਹੋਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ‘ਕਿਸਾਨ’ ਇਕ ਪਵਿੱਤਰ ਸ਼ਬਦ ਹੈ, ਜਿਸ ਲਈ ਸਾਰੇ ਸ਼ਰਧਾ ਅਤੇ ਆਸਥਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਦੀ ਆੜ ਵਿੱਚ ਕੁਝ ਮੁੱਠੀ ਭਰ ਲੋਕ ਦੇਸ਼ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਇਸ ਅੰਦੋਲਨ ਵਿੱਚ ਕੁਝ ਘਟਨਾਵਾਂ ਅਜਿਹੀਆਂ ਵਾਪਰੀਆਂ ਹਨ, ਜੋ ਲੋਕਾਂ ਵਿੱਚ ਫੁੱਟ ਪੁਆ ਰਹੀਆਂ ਹਨ। ਅਜਿਹੀਆਂ ਘਟਨਾਵਾਂ ਹੀ ‘ਕਿਸਾਨ’ ਵਰਗੇ ਪਵਿੱਤਰ ਸ਼ਬਦ ਨੂੰ ਬਦਨਾਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਨਤਾ ਵੱਲੋਂ ਚੁਣੇ ਗਏ ਵਿਧਾਇਕਾਂ ਅਤੇ ਮੰਤਰੀਆਂ ਨੂੰ ਲੋਕਾਂ ਵਿੱਚ ਜਾਣ ਤੋਂ ਰੋਕਿਆ ਜਾ ਰਿਹਾ ਹੈ, ਜੋ ਗੈਰ-ਸੰਵਿਧਾਨਕ ਹੈ। ਇਸ ਨਾਲ ਸੂਬੇ ਦੇ ਵਿਕਾਸ ਦੀ ਰਫ਼ਤਾਰ ’ਤੇ ਅਸਰ ਪਵੇਗਾ।
ਸ੍ਰੀ ਖੱਟਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਲਿਖ ਕੇ ਦਿੱਤਾ ਹੈ ਕਿ ਉਹ ਕੋਈ ਹਿੰਸਾ ਨਹੀਂ ਕਰਨਗੇ ਅਤੇ ਅੰਦੋਲਨ ਨੂੰ ਸ਼ਾਂਤਮਈ ਰੱਖਣਗੇ। ਉਨ੍ਹਾਂ ਕਿਹਾ ਕਿ ਜੇ ਕੋਈ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਸੂਬੇ ਦੇ ਟੌਲ ਪਰਚੀ ਮੁਕਤ ਹੋਣ ’ਤੇ ਇਤਰਾਜ਼ ਜਤਾਇਆ ਹੈ, ਪਰ ਹਰਿਆਣਾ ਨੇ ਸੂਬੇ ਦੇ ਤਿੰਨ ਟੌਲਾਂ ਨੂੰ ਕਿਸਾਨਾਂ ਤੋਂ ਖਾਲੀ ਕਰਵਾ ਲਿਆ ਹੈ।
ਕਿਸਾਨ ਅੰਦੋਲਨ ਦਾ ਲਾਹਾ ਲੈਣਾ ਚਾਹੁੰਦੀਆਂ ਨੇ ਰਾਜਸੀ ਪਾਰਟੀਆਂ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ। ਇਸ ਲਈ ਪੰਜਾਬ ਦੀਆਂ ਰਾਜਸੀ ਪਾਰਟੀਆਂ ਕਿਸਾਨ ਅੰਦੋਲਨ ਦਾ ਲਾਹਾ ਲੈਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਹੋਰ ਸਿਆਸੀ ਪਾਰਟੀਆਂ ਆਪਣੇ ਨਿੱਜੀ ਹਿੱਤਾਂ ਲਈ ਕਿਸਾਨਾਂ ਨੂੰ ਵਰਤ ਰਹੀਆਂ ਹਨ। ਸ੍ਰੀ ਖੱਟਰ ਨੇ ਕਿਹਾ ਕਿ ਅਸਲ ਕਿਸਾਨ ਕਾਨੂੰਨਾਂ ਦਾ ਵਿਰੋਧ ਨਹੀਂ ਕਰ ਰਹੇ ਹਨ। ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕੁਝ ਲੋਕ ਹਨ, ਜੋ ਸਾਰਿਆਂ ਨੂੰ ਗੁੰਮਰਾਹ ਕਰਨ ਲੱਗੇ ਹਨ।