ਸਰਬਜੀਤ ਸਿੰਘ ਭੰਗੂ
ਪਟਿਆਲਾ, 1 ਜੁਲਾਈ
ਨਗਰ ਨਿਗਮ ਪਟਿਆਲਾ ਦੇ ਜਨਰਲ ਹਾਊਸ ਦੀ ਮੀਟਿੰਗ ਅੱਜ ਇਥੇ ਮੇਅਰ ਸੰਜੀਵ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਨਿਗਮ ਦੇ ਕਮਿਸ਼ਨਰ ਪੂਨਮਦੀਪ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਨਗਰ ਨਿਗਮ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਮਤਾ ਪ੍ਰਵਾਨ ਕਰ ਲਿਆ। ਮਰੇ ਹੋਏ ਪਸ਼ੂਆਂ ਦੇ ਨਿਪਟਾਰੇ ਲਈ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਦਕਿ ਡੇਅਰੀ ਪ੍ਰਾਜੈਕਟ ਦੇ ਦੂਜੇ ਫੇਜ਼ ਲਈ ਆਏ 10.36 ਕਰੋੜ ਦਾ ਮਤੇ ’ਤੇ ਵੀ ਮੋਹਰ ਲਗਾ ਦਿੱਤੀ। ਇਸ ਤੋਂ ਇਲਾਵਾ ਵੱਖ ਵੱਖ ਮੱਦਾਂ ਨਾਲ ਸਬੰਧਤ ਕਈ ਹੋਰ ਮਤੇ ਵੀ ਪ੍ਰਵਾਨ ਕੀਤੇ ਗਏ ਹਨ।