ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਜੂਨ
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਹਾਲਾਤ ਦੀ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁਲਾਜ਼ਮਾਂ ਨੂੰ ਤਨਖਾਹਾਂ ਸਮੇਂ ਸਿਰ ਨਹੀਂ ਮਿਲ ਰਹੀਆਂ ਹਨ ਤਾਂ ਉਹ ‘ਆਪ’ ਦੀ ਸਰਕਾਰ ਬਣਨ ’ਤੇ ਮੁਫ਼ਤ ਬਿਜਲੀ ਕਿੱਥੋਂ ਦੇਣਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਸਿਰਫ਼ ਵੋਟਾਂ ਲੈਣ ਤੱਕ ਮਤਲਬ ਹੈ ਤੇ ਉਹ ਪੰਜਾਬ ਦੇ ਵਿੱਤੀ ਹਲਾਤਾਂ ਨੂੰ ਨਹੀਂ ਸਮਝ ਰਹੇ। ਸ੍ਰੀ ਵਿੱਜ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਹੋਣ ਕਰਕੇ ਹਰੇਕ ਪਾਰਟੀ ਵੋਟਾਂ ਹਾਸਲ ਕਰਨ ਲਈ ਝੂਠੇ ਵਾਅਦੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫੰਡਾਂ ਦੀ ਘਾਟ ਕਾਰਨ ਟਰਾਂਸਫਾਰਮਰ ਬਦਲਣ ਦੇ ਵੀ ਪੈਸੇ ਨਹੀਂ ਹਨ ਅਤੇ ਕੇਜਰੀਵਾਲ ਸੂਬੇ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਲਾਰੇ ਲਾ ਰਹੇ ਹਨ।