ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 2 ਜੁਲਾਈ
ਅਕਾਲ ਤਖ਼ਤ ਦੇ ਸਥਾਪਨਾ ਦਿਵਸ ਮੌਕੇ ਅੱਜ ਇੱਥੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਅਕਾਲ ਤਖ਼ਤ ਦੇ ਸਿਧਾਂਤਾਂ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਸਥਾਪਨਾ ਦਿਵਸ ਦੇ ਸਬੰਧ ਵਿਚ ਅਕਾਲ ਤਖ਼ਤ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਜਥੇਦਾਰ ਨੇ ਸਿੱਖ ਕੌਮ ਨੂੰ ਅਕਾਲ ਤਖ਼ਤ ਦੇ ਸਿਧਾਂਤ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਦੁੱਖ ਪ੍ਰਗਟਾਇਆ ਕਿ ਸਿੱਖਾਂ ਦੇ ਰੂਪ ਵਿੱਚ ਹੀ ਕੁਝ ਸਿੱਖ ਵਿਰੋਧੀ ਤਾਕਤਾਂ ਵੱਲੋਂ ਇਸ ਸੰਸਥਾ ਦੇ ਸਨਮਾਨ ਅਤੇ ਮਹੱਤਤਾ ਨੂੰ ਢਾਹ ਲਾਈ ਜਾ ਰਹੀ ਹੈ। ਉਨ੍ਹਾਂ ਨੇ ਸਿੱਖ ਕੌਮ ਨੂੰ ਅਜਿਹੀਆਂ ਸਾਜ਼ਿਸ਼ਾਂ ਤੋਂ ਸੁਚੇਤ ਹੋਣ ਅਤੇ ਆਪਸੀ ਮਸਲੇ ਮਿਲ ਬੈਠ ਕੇ ਹੱਲ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੀ ਸਿਰਜਣਾ ਗੁਰੂ ਹਰਗੋਬਿੰਦ ਸਾਹਿਬ ਨੇ ਕੀਤੀ ਸੀ ਅਤੇ ਇਸ ਦੀ ਸਿਰਜਣਾ ਦੇ ਪਹਿਲੇ ਦਿਨ ਤੋਂ ਹੀ ਇਹ ਹਕੂਮਤਾਂ ਦੀਆਂ ਅੱਖਾਂ ਵਿੱਚ ਰੜਕਦਾ ਰਿਹਾ। ਇਹੀ ਕਾਰਨ ਹੈ ਕਿ ਸਮੇਂ ਦੀਆਂ ਹਕੂਮਤਾਂ ਨੇ ਇਸ ਉਪਰ ਹਮਲੇ ਕੀਤੇ। ਉਨ੍ਹਾਂ ਦੇਸ਼ ਵੰਡ ਤੋਂ ਬਾਅਦ 4 ਜੁਲਾਈ 1955 ਨੂੰ ਪਹਿਲੀ ਵਾਰ ਕੀਤੇ ਗਏ ਹਮਲੇ ਦਾ ਵੀ ਜ਼ਿਕਰ ਕੀਤਾ।