ਪੱਤਰ ਪ੍ਰੇਰਕ
ਜ਼ੀਰਾ, 2 ਜੁਲਾਈ
ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਦੇਣ ਕਾਰਨ ਅੱਜ ਅਕਾਲੀ ਦਲ ਵੱਲੋਂ ਪਾਵਰਕੌਮ ਦਫ਼ਤਰ ਜ਼ੀਰਾ ਅੱਗੇ ਕੈਪਟਨ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਮੁੱਖ ਬੁਲਾਰਾ ਡਾ: ਨਿਰਵੈਰ ਸਿੰਘ ਉੱਪਲ, ਸੁਖਦੇਵ ਸਿੰਘ ਲਹੁਕਾ ਸੁਖਚੈਨ ਸਿੰਘ ਸਾਬਕਾ ਸਰਪੰਚ ਕੋਹਾਲਾ, ਬਲਵਿੰਦਰ ਸਿੰਘ ਭੁੱਲਰਰ ਹਾਜ਼ਰ ਸਨ ।
ਗਿੱਦੜਬਾਹਾ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿੱਚ ਸ਼ੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵੱਲੋਂ ਕਿਸਾਨਾਂ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ’ਤੇ ਅੱਜ ਬਿਜਲੀ ਬੋਰਡ ਦੇ ਐਕਸੀਅਨ ਦਫਤਰ ਗਿੱਦੜਬਾਹਾ ਅੱਗੇ ਧਰਨਾ ਲਗਾ ਕੇ ਰੋਸ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਹਰਨੇਕ ਸਿੰਘ ਹਲਕਾ ਪ੍ਰਧਾਨ ਬਸਪਾ, ਦਲੌਰ ਸਿੰਘ ਸਮਾਘ, ਅਸ਼ੋਕ ਬੁੱਟਰ ਸ਼ਹਿਰੀ ਪ੍ਰਧਾਨ ਅਕਾਲੀ ਦਲ ਨੇ ਰੋਸ ਧਰਨੇ ਨੂੰ ਸੰਬੋਧਨ ਕੀਤਾ। ਇਸ ਮੌਕੇਐਕਸੀਅਨ ਦੇ ਨਾਮ ਐੱਸਡੀਓ ਹਰਦੀਪ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ ਗਿਆ।
ਤਲਵੰਡੀ ਸਾਬੋ (ਪੱਤਰ ਪ੍ਰੇਰਕ): ਰਾਜ ਅੰਦਰ ਘਰੇਲੂ ਬਿਜਲੀ ਸਪਲਾਈ ਵਿੱਚ ਲੱਗ ਰਹੇ ਵੱਡੇ ਕੱਟਾਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤੀ ਸੈਕਟਰ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਦੇ ਰੋਸ ਵਿੱਚ ਹਲਕੇ ਦੇ ਅਕਾਲੀ ਤੇ ਬਸਪਾ ਵਰਕਰਾਂ ਨੇ ਸਾਬਕਾ ਅਕਾਲੀ ਵਿਧਾਇਕ ਜੀਤਮੁਹਿੰਦਰ ਸਿੰਘ ਸਿੱਧੂ ਦੇ ਨਿਰਦੇਸ਼ਾਂ ’ਤੇ ਸਥਾਨਕ ਬਿਜਲੀ ਗਰਿੱਡ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ। ਧਰਨੇ ਨੂੰ ਬਸਪਾ ਦੇ ਸੂਬਾ ਆਗੂ ਮਾਸਟਰ ਜਗਦੀਪ ਸਿੰਘ ਗੋਗੀ, ਲਖਵੀਰ ਸਿੰਘ ਨਿੱਕਾ, ਅਕਾਲੀ ਦਲ ਦੇ ਸੁਖਬੀਰ ਸਿੰਘ ਚੱਠਾ, ਰਣਜੀਤ ਸਿੰਘ ਮਲਕਾਣਾ,ਹਲਕਾ ਪ੍ਰਧਾਨ ਜਸਵਿੰਦਰ ਜੈਲਦਾਰ ਨੇ ਸੰਬੋਧਨ ਕੀਤਾ।
ਮਹਿਲ ਕਲਾਂ (ਪੱਤਰ ਪ੍ਰੇਰਕ): ਬਿਜਲੀ ਦੇ ਵੱਡੇ ਵੱਡੇ ਪਾਵਰ ਕੱਟਾਂ ਤੋਂ ਅੱਕੇ ਲੋਕਾਂ ਪਿੰਡ ਗੁੰਮਟੀ ਦੇ ਮਗਨਰੇਗਾ ਮਜ਼ਦੂਰਾਂ ਵੱਲੋਂ ਪਰਮਜੀਤ ਕੌਰ ਗੁੰਮਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਉਹਨਾਂ ਕਿਹਾ ਕਿ ਬਿਜਲੀ ਨਾ ਆਉਣ ਕਾਰਨ ਮਜਦੂਰਾਂ ਦੇ ਘਰਾਂ ਵਿੱਚ ਪਾਣੀ ਵੀ ਪੂਰਾ ਨਹੀਂ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਸਾਬਕਾ ਸੰਸਦੀ ਸਕੱਤਰ ਤੇ ਸੀਨੀਅਰ ਅਕਾਲੀ ਆਗੂ ਸੰਤ ਬਲਬੀਰ ਸਿੰਘ ਘੁੰਨਸ ਦੀ ਅਗਵਾਈ ਹੇਠ ਸਬ ਡਿਵੀਜ਼ਨ ਗਰਿੱਡ ਮਹਿਲ ਕਲਾਂ ਅੱਗੇ ਧਰਨਾ ਦਿੱਤਾ ਗਿਆ।
ਤ ਮੰਡੀ (ਪੱਤਰ ਪ੍ਰੇਰਕ): ਇੱਥੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੈਸ਼ਨਲ ਹਾਈਵੇਅ ’ਤੇ ਸਥਿਤ ਬਿਜਲੀ ਬੋਰਡ ਦੇ ਦਫਤਰ ਅੱਗੇ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਵੱਖੋਂ ਵੱਖ ਕਿਸਾਨ ਜੱਥੇਬੰਦੀਆ ਵੱਲੋਂ ਕਾਂਗਰਸ ਦੀ ਸਰਕਾਰ ਦਾ ਬਿਜਲੀ ਸਪਲਾਈ ਨਿਰਵਿਘਨ ਨਾ ਮਿਲਣ ਕਰਕੇ ਪਿੱਟ ਸਿਆਪਾ ਕਰਦਿਆਂ ਬਿਜਲੀ ਗਰਿੱਡਾਂ ਦੀ ਘੇਰਾਬੰਦੀ ਕੀਤੀ ਗਈ , ਪਰ ਸਰਕਾਰ ਦੇ ਕੰਨਾਂ ’ਤੇ ਜੂ ਨਹੀਂ ਸਰਕੀ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਜੇ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਨਾ ਦਿੱਤੀ ਗਈ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ,ਜਸਵੀਰ ਸਿੰਘ ਧੰਮੀ ਨੇ ਵੀ ਸੰਬੋਧਨ ਕੀਤਾ।