ਪੱਤਰ ਪ੍ਰੇਰਕ
ਫਰੀਦਾਬਾਦ, 2 ਜੁਲਾਈ
ਸਰਕਾਰ ਵੱਲੋਂ ਕਰੋਨਾਵਾਇਰਸ ਮਹਾਮਾਰੀ ਦੇ ਖਤਰੇ ਤੇ ਸੰਭਾਵਿਤ ਤੀਜੀ ਲਹਿਰ ਦੇ ਮੱਦੇਨਜ਼ਰ ਦਿੱਲੀ ਨਾਲ ਲੱਗਦੇ ਹਰਿਆਣਾ ਦੇ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 15 ਜੁਲਾਈ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਸਕੂਲਾਂ ਵਿਚ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ। ਕੁਝ ਸਮਾਂ ਪਹਿਲਾਂ ਸਕੂਲ ਮੁੜ ਖੋਲ੍ਹਣ ਬਾਰੇ 1 ਜੁਲਾਈ ਤੋਂ ਵਿਚਾਰ ਕੀਤਾ ਜਾ ਰਿਹਾ ਸੀ ਪਰ ਕਰੋਨਾ ਕਾਰਨ ਇਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਧਿਆਪਕਾਂ ਨੂੰ ਆਨਲਾਈਨ ਕਲਾਸਾਂ ਜਾਰੀ ਰੱਖਣੀਆਂ ਪੈਣਗੀਆਂ ਤੇ ਪੜ੍ਹਾਈ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ। ਮਹਾਮਾਰੀ ਦੇ ਕਾਰਨ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ, ਪਲਵਲ, ਰੇਵਾੜੀ, ਮਹਿੰਦਰਗੜ੍ਹ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ 15 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਐਲਾਨੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਗਰਮੀ ਦੀਆਂ ਛੁੱਟੀਆਂ ਨੂੰ ਹੋਰ 15 ਦਿਨਾਂ ਲਈ ਵਧਾ ਦਿੱਤਾ ਗਿਆ ਹੈ। ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ ਨੂੰ ਸਕੂਲ ਨੂੰ ਰਿਪੋਰਟ ਕਰਨੀ ਪਵੇਗੀ। ਸਕੂਲ ਦਾ ਸਟਾਫ ਸਕੂਲ ਜਾਵੇਗਾ। 1 ਜੁਲਾਈ ਤੋਂ ਦਿੱਲੀ ਨਾਲ ਲੱਗਦੇ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਕੂਲ ਮੁੜ ਖੋਲ੍ਹਣ ਦੀ ਯੋਜਨਾ ਬਣਾਈ ਗਈ ਸੀ, ਜਿਸ ਵਿਚ 9ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਲਈ ਸਕੂਲ ਬੁਲਾਇਆ ਜਾਣਾ ਸੀ।