ਸ਼ਗਨ ਕਟਾਰੀਆ
ਬਠਿੰਡਾ, 2 ਜੁਲਾਈ
ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਅਤੇ ਨਹਿਰੀ ਪਾਣੀ ਤੇ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਲਈ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਅੱਜ ਇੱਥੇ ਮਿਨੀ ਸਕੱਤਰੇਤ ਸਾਹਮਣੇ ਧਰਨਾ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪੇ ਗਏ।
ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਸਾਮਰਾਜੀ ਤੇ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਲੋਕਾਂ ਦਾ ਲੱਕ ਤੋੜ ਰਹੀਆਂ ਹਨ।
ਔਰਤ ਵਿੰਗ ਦੀਆਂ ਆਗੂ ਹਰਵਿੰਦਰ ਕੌਰ ਬਿੰਦੂ, ਪਰਮਜੀਤ ਕੌਰ ਪਿੱਥੋ ਅਤੇ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਖੇਤੀ ਲਈ 8 ਘੰਟੇ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਟੇਲਾਂ ਤੱਕ ਪੂਰਾ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਘਰੇਲੂ ਬਿਜਲੀ ਸਪਲਾਈ ਵਿੱਚ ਅਣਐਲਾਨੇ ਬਿਜਲੀ ਕੱਟ ਬੰਦ ਕੀਤੇ ਜਾਣ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੀਨਾਰ-ਏ- ਮੁਕਤਾ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਡੀਸੀ ਦਫਤਰ ਵਿੱਚ ਮੁਜ਼ਾਹਰਾ ਕਰਦਿਆਂ ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਕੇਂਦਰ ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਲੋਕਾਂ ਲਈ ਮਾਰੂ ਦੱਸਿਆ। ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੇ ਰੇਟ ਥੱਲੇ ਜਾ ਰਹੇ ਹਨ ਪਰ ਲੋਕਾਂ ਨੂੰ ਨਿੱਤ ਮਹਿੰਗੇ ਭਾਅ ਤੇਲ ਦਿੱਤਾ ਜਾ ਰਿਹਾ ਹੈ।
ਮੋਗਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਜ਼ਿਲ੍ਹਾ ਸਕੱਤਰੇਤ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਤੇਲ ਕੀਮਤਾਂ ਅਤੇ ਨਾਕਸ ਬਿਜਲੀ ਪ੍ਰਬੰਧਾਂ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਜਥੇਬੰਦੀ ਦੇ ਸੂਬਾਈ ਆਗੂ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਚ ਖੇਡ ਰਹੀ ਹੈ। ਉਨ੍ਹਾਂ ਸੂਬੇ’ਚ ਨਾਕਸ ਬਿਜਲੀ ਪ੍ਰਬੰਧਾਂ ਲਈ ਬਾਦਲਾਂ ਨੂੰ ਕੋਸਦਿਆਂ ਕਿਹਾ ਕਿ ਪ੍ਰਾਈਵੇਟ ਥਰਮਲਾਂ ਨਾਲ ਸਮਝੌਤੇ ਸੂਬੇ ਦੇ ਲੋਕਾਂ ਉੱਤੇ ਭਾਰੀ ਪੈ ਗਏ ਹਨ।
ਮਾਨਸਾ (ਪੱਤਰ ਪ੍ਰੇਰਕ): ਡੀਜ਼ਲ-ਪੈਟਰੋਲ ਦੇ ਅਸਮਾਨੀਂ ਚਾੜ੍ਹੇ ਰੇਟਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕਿਸਾਨਾਂ-ਮਜ਼ਦੂਰਾਂ ਸਮੇਤ ਹਰ ਵਰਗ ਦੇ ਟਰਾਂਸਪੋਰਟਰਾਂ ਅਤੇ ਹੋਰ ਕਾਰੋਬਾਰੀਆਂ ਵਿੱਚ ਹਾਹਾਕਾਰ ਮੱਚੀ ਹੋਈ ਹੈ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ ਨੇ ਬਿਜਲੀ ਸਪਲਾਈ ਦੇ ਮਾਮਲੇ ਵਿੱਚ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਸਰਕਾਰ ਪੂਰੀ ਤਰ੍ਹਾਂ ਅਵੇਸਲੀ ਹੋਈ ਬੈਠੀ ਹੈ ਜਦੋਂ ਕਿ ਗਰਮੀ ਦੇ ਸੀਜ਼ਨ ਵਿੱਚ ਲੋਕ ਤਰਾਹ-ਤਰਾਹ ਕਰ ਰਹੇ ਹਨ।
ਇਸ ਮੌਕੇ ਜੋਗਿੰਦਰ ਸਿੰਘ ਦਿਆਲਪੁਰਾ, ਬਲਵੰਤ ਸਿੰਘ ਰੜ੍ਹ, ਜਗਦੇਵ ਸਿੰਘ ਭੈਣੀ ਬਾਘਾ, ਜਗਸੀਰ ਸਿੰਘ ਜਵਾਹਰਕੇ, ਬਿੰਦਰ ਸਿੰਘ ਝੰਡਾ ਕਲਾਂ, ਰਾਣੀ ਕੌਰ, ਸਰੋਜ ਰਾਣੀ, ਜਸਵਿੰਦਰ ਕੌਰ ਝੇਰਿਆਂਵਾਲੀ, ਜਸਵਿੰਦਰ ਕੌਰ ਬਹਾਦਰਪੁਰ ਨੇ ਵੀ ਸੰਬੋਧਨ ਕੀਤਾ।