ਪਰਸ਼ੋਤਮ ਬੱਲੀ
ਬਰਨਾਲਾ, 3 ਜੁਲਾਈ
32 ਜਥੇਬੰਦੀਆਂ ‘ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ‘ਤੇ ਲਾਇਆ ਧਰਨਾ ਅੱਜ 276ਵੇਂ ਦਿਨ ਵੀ ਪੂਰੇ ਜੋਸ਼ ਨਾਲ ਮਘਦਾ ਰਿਹਾ। ਸੰਯੁਕਤ ਕਿਸਾਨ ਮੋਰਚੇ ਨੇ 8 ਜੁਲਾਈ ਨੂੰ ਪੈਟਰੋਲੀਅਮ ਪਦਾਰਥਾਂ ਦੀਆਂ ਵਧੀਆਂ ਹੋਈਆਂ ਕੀਮਤਾਂ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ। ਅੱਜ ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਜਗਸੀਰ ਸਿੰਘ ਸੀਰਾ, ਗੁਰਨਾਮ ਸਿੰਘ ਠੀਕਰੀਵਾਲਾ, ਨਛੱਤਰ ਸਿੰਘ ਸਾਹੌਰ, ਬਾਬੂ ਸਿੰਘ ਖੁੱਡੀ ਕਲਾਂ, ਬਲਜੀਤ ਸਿੰਘ ਚੌਹਾਨਕੇ, ਅਮਰਜੀਤ ਕੌਰ, ਮੇਲਾ ਸਿੰਘ ਕੱਟੂ, ਰਣਧੀਰ ਸਿੰਘ ਰਾਜਗੜ ਤੇ ਹਰਚਰਨ ਸਿੰਘ ਚੰਨਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਨਾਕਸ ਬਿਜਲੀ ਸਪਲਾਈ ਪ੍ਰਬੰਧਾਂ ਤੇ ਮਾੜੀ ਨਹਿਰੀ ਵਿਰੁੱਧ ਸੂਬੇ ਪੱਧਰ ਦਾ ਰੋਸ ਪ੍ਰਦਰਸ਼ਨ 6 ਜੁਲਾਈ ਨੂੰ ਮੋਤੀ ਮਹਿਲ ਦਾ ਘਿਰਾਉ ਕਰਕੇ ਕੀਤਾ ਜਾਵੇਗਾ। ਜਿਲ੍ਹੇ ਪੱਧਰਾਂ ‘ਤੇ ਵੱਖ ਵੱਖ ਦਿਨਾਂ ‘ਤੇ ਪਾਵਰਕਾਮ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ। ਅੱਜ ਰਾਜਵਿੰਦਰ ਸਿੰਘ ਮੱਲੀ ਦੇ ਕਵੀਸ਼ਰੀ ਜਥੇ ਨੇ ਕਿਸਾਨ ਅੰਦੋਲਨ ਬਾਰੇ ਕਵੀਸ਼ਰੀ ਗਾਇਣ ਕੀਤਾ।