ਜੋਗਿੰਦਰ ਕੁੱਲੇਵਾਲ
ਗੜ੍ਹਸ਼ੰਕਰ, 2 ਜੁਲਾਈ
ਲੱਗ ਰਹੇ ਲੰਮੇ-ਲੰਮੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਸਾਂਝੇ ਤੌਰ ਤੇ ਸਥਾਨਕ ਅਨੰਦਪੁਰ ਸਾਹਿਬ ਰੋਡ ’ਤੇ ਸਥਿਤ ਪਾਵਰਕੌਮ ਦੇ ਦਫ਼ਤਰ ਕੰਪਲੈਕਸ ਵਿਚ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਵਿਚ ਰੋਸ ਧਰਨਾ ਦਿੱਤਾ। ਬੁਲਾਰਿਆਂ ਬਿਜਲੀ ਸਪਲਾਈ ਨਿਰਵਿਘਨ ਜਾਰੀ ਕਰਨ ਦੀ ਮੰਗ ਕੀਤੀ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਗੁਰਲਾਲ ਸੈਲਾ, ਹਰਪ੍ਰੀਤ ਸਿੰਘ ਰਿੰਕੂ ਬੇਦੀ, ਹਰਜੀਤ ਸਿੰਘ ਭਾਤਪੁਰੀ, ਤਰਲੋਕ ਸਿੰਘ ਨਾਗਪਾਲ, ਹਾਜ਼ਰ ਸਨ। ਇਸੇ ਦੌਰਾਨ ਕਿਰਤੀ ਕਿਸਾਨ ਯੂਨੀਅਨ ਗੜ੍ਹਸ਼ੰਕਰ ਵੱਲੋਂ ਸਥਾਨਕ ਐੱਸਡੀਐਮ ਦਫਤਰ ਕੰਪਲੈਕਸ ਅੰਦਰ ਬਿਜਲੀ ਦੀ ਮਾੜੀ ਸਪਲਾਈ ਤੋਂ ਦੁਖੀ ਹੋਏ ਲੋਕਾਂ ਰੋਹ ਭਰਪੂਰ ਧਰਨਾ ਦਿੱਤਾ।
ਭੁਲੱਥ (ਦਲੇਰ ਸਿੰਘ ਚੀਮਾ): ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਰਕਰਾਂ ਨੇ ਬਿਜਲੀ ਘਰ ਨਡਾਲਾ ਵਿਚ ਰੋਸ ਧਰਨਾ ਦਿੱਤਾ। ਉਨ੍ਹਾਂ ਨੇ ਘਰੇਲੂ ਬਿਜਲੀ ਦੇ ਲੰਮੇ ਕੱਟਾਂ ਅਤੇ ਵਾਅਦਿਆਂ ਦੇ ਬਾਵਜੂਦ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਨਾ ਦੇਣ ਕਰਕੇ ਕੈਪਟਨ ਅਮਰਿੰਦਰ ਦੀ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ, ਬਸਪਾ ਦੇ ਹਲਕਾ ਇੰਚਾਰਜ ਕਰਨੈਲ ਸਿੰਘ ਮਾਨਾਂ ਤਲਵੰਡੀ, ਸਾਬਕਾ ਪ੍ਰਧਾਨ ਡਾ. ਨਰਿੰਦਰ ਪਾਲ ਬਾਵਾ, ਅਵਤਾਰ ਸਿੰਘ ਮੁਲਤਾਨੀ, ਸਤਾਰ ਮਸੀਹ ਨੇ ਸੰਬੋਧਨ ਕੀਤਾ।
ਜੰਡਿਆਲਾ ਗੁਰੂ (ਸਿਮਰਤ ਪਾਲ ਸਿੰਘ ਬੇਦੀ): ਇੱਥੇ ਅੱਜ ਜੰਡਿਆਲਾ ਗੁਰੂ ਵਿੱਚ ਪਾਵਰਕੌਮ ਦਫਤਰ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਮਲਕੀਤ ਸਿੰਘ ਏਆਰ ਦੀ ਅਗਵਾਈ ਵਿੱਚ ਧਰਨਾ ਦਿੱਤਾ ਗਿਆ। ਬਲਾਚੌਰ (ਗੁਰਦੇਵ ਸਿੰਘ ਗਹੂੰਣ/ਸੁਭਾਸ਼ ਜੋਸ਼ੀ): ਪਾਵਰਕੌਮ ਬਲਾਚੌਰ ਦੇ ਅਧਿਕਾਰੀਆਂ ਵਲੋਂ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੰਤਾਂ ਦੀ ਗਰਮੀ ਦੌਰਾਨ ਲਗਾਏ ਜਾ ਰਹੇ ਲੰਬੇ ਕੱਟਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਲੋਂ ਪਾਵਰਕੌਮ ਦੇ ਦਫਤਰ ਕੰਪਲੈਕਸ ਵਿੱਚ ਧਰਨਾ ਦਿੱਤਾ ਗਿਆ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਚੌਧਰੀ ਬਿਮਲ ਕੁਮਾਰ ਸਿਆਣਾ, ਬ੍ਰਿਗੇਡੀਅਰ ਰਾਜ ਕੁਮਾਰ, ਐਡਵੋਕੇਟ ਰਾਜਵਿੰਦਰ ਲੱਕੀ, ਮੈਡਮ ਸੁਨੀਤਾ ਕੁਮਾਰੀ ਅਤੇ ਤਰਲੋਚਨ ਸਿੰਘ ਰੱਕੜ, ਬਸਪਾ ਤੋਂ ਜਸਵੀਰ ਸਿੰਘ ਔਲੀਆਪੁਰ ਸ਼ਾਮਲ ਹੋਏ।
ਭਿੱਖੀਵਿੰਡ (ਨਰਿੰਦਰ ਸਿੰਘ): ਇੱਥੇ ਅੱਜ ਖੇਮਕਰਨ ਦੇ ਸਮੁੱਚੇ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਸਿੰਘ ਵਲਟੋਹਾ ਦੀ ਅਗਵਾਈ ਵਿਚ ਭਿੱਖੀਵਿੰਡ ਬਿਜਲੀ ਬੋਰਡ ਦਫਤਰ ਅੱਗੇ ਬਿਜਲੀ ਕੱਟਾਂ ਖ਼ਿਲਾਫ਼ 2 ਘੰਟੇ ਲਈ ਧਰਨਾ ਦੇ ਕੇ ਬਿਜਲੀ ਬੋਰਡ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਅਤੇ ਐਸਓਆਈ ਦੇ ਮਾਝਾ ਜ਼ੋਨ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੇ ਸੰਬੋਧਨ ਕੀਤਾ।
ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ):ਪਾਵਰਕੌਮ ਦੇ ਸਥਾਨਕ ਸਬ ਡਿਵੀਜ਼ਨ ਦਫ਼ਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰਾਂ ਨੇ ਮਾੜੀ ਬਿਜਲੀ ਸਪਲਾਈ ਦੇ ਖਿਲਾਫ ਨਾਅਰੇਬਾਜ਼ੀ ਕਰਨ ਤੋਂ ਬਾਅਦ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ, ਗੁਰਪ੍ਰੀਤ ਸਿੰਘ ਰਿਆੜ ਜਸਪਾਲ ਸਿੰਘ, ਪਵਨ ਸਿੰਘ, ਹਰਜਿੰਦਰ ਸਿੰਘ, ਇੰਦਰਜੀਤ ਸਿੰਘ, ਹਰਦੇਵ ਸਿੰਘ ਹਾਜ਼ਰ ਸਨ।
ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਇੱਥੇ ਅੱਜ ਕਾਂਗਰਸੀ ਆਗੂਆਂ ਨੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦੀ ਅਗਵਾਈ ਵਿਚ ਮੇਨ ਚੌਕ ਵਿਚ ਧਰਨਾ ਲਗਾ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਧਰ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਵੱਲੋਂ ਹਲਕਾ ਇੰਚਾਰਜ ਸੇਠ ਸੱਤਪਾਲ ਮੱਲ ਅਤੇ ਬਸਪਾ ਦੇ ਆਗੂ ਬਲਵਿੰਦਰ ਕੁਮਾਰ ਦੀ ਅਗਵਾਈ ਵਿਚ ਕਿਸਾਨਾਂ ਨੂੰ ਬਿਜਲੀ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਲਈ ਨਿਰਵਿਘਨ ਬਿਜਲੀ ਦੀ ਮੰਗ ਕੀਤੀ ਗਈ। ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਹਫ਼ਤੇ ਹੋਰ ਆਗੂਆਂ ਦੀ ਅਗਵਾਈ ਵਿੱਚ ਦੋ ਘੰਟੇ ਤੋਂ ਵੱਧ ਐਕਸੀਅਨ ਦਫਤਰ ਕਰਤਾਰਪੁਰ ਦਾ ਘਿਰਾਓ ਕੀਤਾ ਗਿਆ।
ਆਦਮਪੁਰ ਦੋਆਬਾ (ਹਤਿੰਦਰ ਮਹਿਤਾ): ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਬਿਜਲੀ ਦੇ ਲੱਗ ਰਹੇ ਲੰਬੇ ਲੰਬੇ ਕੱਟਾਂ ਕਰਕੇ ਅਲਾਵਲਪੁਰ ਵਿਚ ਰੋਸ ਧਰਨਾ ਦਿੱਤਾ। ਇਸ ਮੌਕੇ ਹਲਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ।
ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵੱਲੋਂ ਮੁਜ਼ਾਹਰਾ
ਫਤਿਹਗੜ੍ਹ ਚੂੜੀਆਂ (ਹਰਪਾਲ ਸਿੰਘ ਨਾਗਰਾ): ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਬਿਜਲੀ ਦੇ ਮਾੜੀ ਸਪਲਾਈ ਖਿਲਾਫ਼ ਬਿਜਲੀ ਬੋਰਡ ਫ਼ਤਿਹਗੜ੍ਹ ਚੂੜੀਆਂ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕਰਕੇ ਬਿਜਲੀ ਬੋਰਡ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਅਤੇ ਗੁਰਜਿੰਦਰ ਸਿੰਘ ਮੱਲੀ ਦੀ ਅਗਵਾਈ ਹੇਠ ਐੱਸਡੀਓ ਸ਼ਹਿਰੀ ਨੂੰ ਮਿਲ ਕੇ ਮੰਗ ਕੀਤੀ ਕਿ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਵੇ। ਆਮ ਆਦਮੀ ਪਾਰਟੀ ਵਲੋਂ ਬਿਜਲੀ ਦੇ ਕੱਟਾਂ ਦੇ ਵਿਰੋਧ ਵਿੱਚ ਕੈਪਟਨ ਸਰਕਾਰ ਅਤੇ ਬਿਜਲੀ ਬੋਰਡ ਵਿਰੁੱਧ ਨਾਅਰੇਬਾਜ਼ੀ ਕਰਕੇ ਬਜ਼ਾਰਾਂ ਵਿਚ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੀਤਮ ਸਿੰਘ ਬੱਬੂ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਬਲਬੀਰ ਸਿੰਘ ਪੰਨੂ ਨੇ ਸੰਬੋਧਨ ਕੀਤਾ।