ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 2 ਜੁਲਾਈ
ਤਰਕਸ਼ੀਲ ਸੁਸਾਇਟੀ ਪੰਜਾਬ ਅੰਮ੍ਰਿਤਸਰ ਇਕਾਈ ਵਲੋਂ ਅੱਜ ਭੀਮਾ ਕੋਰੇਗਾਓਂ ਸਾਜਿਸ਼ ਕੇਸ ਵਿੱਚ ਪਿਛਲੇ ਤਿੰਨ ਸਾਲ ਤੋਂ ਬਿਨਾਂ ਮੁਕੱਦਮਾ ਚਲਾਏ ਜੇਲ੍ਹਾਂ ਵਿਚ ਡੱਕੇ ਦੇਸ਼ ਦੇ ਨਾਮਵਰ ਬੁੱਧੀਜੀਵੀਆਂ, ਵਕੀਲਾਂ, ਸਮਾਜਿਕ ਕਾਰਕੁਨਾਂ, ਲੇਖਕਾਂ, ਪੱਤਰਕਾਰਾਂ ਅਤੇ ਰੰਗਕਰਮੀਆਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਨੂੰ ਲੈ ਕੇ ਸਥਾਨਕ ਕੰਪਨੀ ਬਾਗ਼ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਤਰਕਸ਼ੀਲ ਆਗੂ ਮੇਜਰ ਸਿੰਘ ਨੇ ਕੀਤੀ।ਇਸ ਮੌਕੇ ਇਕਾਈ ਦੇ ਜਥੇਬੰਦਕ ਮੁਖੀ ਜਸਪਾਲ ਬਾਸਰਕਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਆਰਥਿਕ ਨੀਤੀਆਂ ਦਾ ਵਿਰੋਧ ਕਰਨ ਅਤੇ ਲੋਕ ਹੱਕਾਂ ਲਈ ਸੰਘਰਸ਼ ਕਰ ਰਹੇ ਬੁੱਧੀਜੀਵੀਆਂ ਅਤੇ ਹੋਰ ਜਮਹੂਰੀ ਕਾਰਕੁਨਾਂ ਦੀ ਜ਼ੁਬਾਨਬੰਦੀ ਅਤੇ ਨਜ਼ਰਬੰਦੀ ਕਰਕੇ ਦੇਸ਼ ਵਿਚ ਅਨਐਲਾਨੀ ਐਮਰਜੈਂਸੀ ਲਾਗੂ ਕੀਤੀ ਜਾ ਰਹੀ ਹੈ।ਮੀਡੀਆ ਵਿਭਾਗ ਦੇ ਮੁਖੀ ਸੁਮੀਤ ਸਿੰਘ ਨੇ ਕਿਹਾ ਕਿ ਭੀਮਾ ਕੋਰੇਗਾਓਂ ਹਿੰਸਾ ਕੇਸ ਵਿਚ ਇਕ ਸਾਜਿਸ਼ ਹੇਠ ਦੇਸ਼ ਦੇ ਨਾਮਵਰ ਬੁੱਧੀਜੀਵੀਆਂ, ਵਕੀਲਾਂ,ਲੇਖਕਾਂ, ਪੱਤਰਕਾਰਾਂ ਅਤੇ ਜਮਹੂਰੀ ਅਧਿਕਾਰ ਕਾਰਕੁਨਾਂ ਨੂੰ ਦੇਸ਼ ਧ੍ਰੋਹ ਦੇ ਝੂਠੇ ਕੇਸਾਂ ਤਹਿਤ ਬਿਨਾਂ ਸੁਣਵਾਈ ਦੇ ਪਿਛਲੇ ਤਿੰਨ ਸਾਲਾਂ ਤੋਂ ਜੇਲ੍ਹਾਂ ਵਿਚ ਇਸ ਲਈ ਨਾਜਾਇਜ਼ ਡੱਕਿਆ ਹੋਇਆ ਹੈ ਕਿਉਂਕਿ ਉਹ ਮੋਦੀ ਸਰਕਾਰ ਵਲੋਂ ਦੇਸ਼ ਦੇ ਜਲ, ਜੰਗਲ, ਜ਼ਮੀਨ, ਖਾਣਾਂ, ਪਹਾੜਾਂ ਅਤੇ ਹੋਰਨਾਂ ਕੁਦਰਤੀ ਸਰੋਤਾਂ ਨੂੰ ਮੁਨਾਫ਼ਾਖੋਰ ਕਾਰਪੋਰੇਟ ਘਰਾਣਿਆਂ ਕੋਲ ਲੁਟਾਉਣ ਅਤੇ ਆਦਿਵਾਸੀਆਂ ਨੂੰ ਜਬਰੀ ਉਜਾੜਨ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡਟਵਾਂ ਵਿਰੋਧ ਕਰ ਰਹੇ ਸਨ। ਉਨ੍ਹਾਂ ਪੁਲੀਸ ਅਤੇ ਜਾਂਚ ਏਜੰਸੀ ਉਤੇ ਦੋਸ਼ ਲਾਇਆ ਕਿ ਹਿੰਸਾ ਭੜਕਾਉਣ ਲਈ ਜ਼ਿੰਮੇਵਾਰ ਅਸਲ ਭਗਵੇਂ ਦੋਸ਼ੀਆਂ ਮਿਲਿੰਦ ਏਕਬੋਟੇ ਅਤੇ ਸ਼ੰਭਾਜੀ ਭਿੜੇ ਦੇ ਖਿਲਾਫ ਸਪਸ਼ਟ ਸਬੂਤ ਹੋਣ ਦੇ ਬਾਵਜੂਦ ਹਕੂਮਤੀ ਦਬਾਅ ਹੇਠ ਉਨਾਂ ਨੂੰ ਅਜੇ ਤਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ।ਤਰਕਸ਼ੀਲ ਆਗੂ ਮੇਜਰ ਸਿੰਘ ਨੇ ਬੁੱਧੀਜੀਵੀਆਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਕੀਤੀ।ਇਸ ਮੌਕੇ ਮੋਦੀ ਸਰਕਾਰ ਦੀਆਂ ਫਾਸ਼ੀਵਾਦੀ ਨੀਤੀਆਂ ਦੇ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਲੋਕ ਵਿਰੋਧੀ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।