ਨਿੱਜੀ ਪੱਤਰ ਪ੍ਰੇਰਕ
ਮਜੀਠਾ, 2 ਜੁਲਾਈ
ਤੇਲ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਤੇ ਸੀਨੀੰਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਵਿੱਚ ਹਲਕਾ ਮਜੀਠਾ ਦੇ ਬਲਾਕ ਤਰਸਿੱਕਾ ਦੇ ਪਿੰਡ ਭੋਏ ਮੇਨ ਸੜਕ ਤੇ ਮੋਦੀ ਸਰਕਾਰ ਵਿਰੁੱਧ ਸ਼ਾਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਦੀਨਾਨਗਰ ( ਪੱਤਰ ਪ੍ਰੇਰਕ): ਲਗਾਤਾਰ ਵੱਧਦੇ ਜਾ ਰਹੇ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੇ ਭਾਅ ਖ਼ਿਲਾਫ਼ ਅੱਜ ਕਾਂਗਰਸ ਪਾਰਟੀ ਵੱਲੋਂ ਦੀਨਾਨਗਰ ਦੇ ਬੱਸ ਸਟੈਂਡ ’ਤੇ ਧਰਨਾ ਦੇ ਕੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਐਕਸ਼ਨ ਦੀ ਅਗਵਾਈ ਨਗਰ ਕੌਂਸਲ ਦੇ ਪ੍ਰਧਾਨ ਨੀਟੂ ਚੌਹਾਨ ਅਤੇ ਸਿਟੀ ਕਾਂਗਰਸ ਪ੍ਰਧਾਨ ਸਤਿੰਦਰ ਮਹਾਜਨ ਨੇ ਕੀਤੀ। ਧਰਨੇ ਉਪਰੰਤ ਰੋਸ ਮਾਰਚ ਵੀ ਕੀਤਾ ਗਿਆ। ਸਿਟੀ ਪ੍ਰਧਾਨ ਸਤਿੰਦਰ ਮਹਾਜਨ, ਬਲਾਕ ਪ੍ਰਧਾਨ ਦਲਬੀਰ ਸਿੰਘ ਬਿੱਟੂ, ਐੱਸਸੀ ਮੋਰਚਾ ਦੇ ਚੇਅਰਮੈਨ ਜਿੰਮੀ ਬਰਾੜ ਅਤੇ ਯੂਥ ਪ੍ਰਧਾਨ ਰੰਮੀ ਠਾਕੁਰ ਹਾਜ਼ਰ ਸਨ।
ਕਾਹਨੂੰਵਾਨ(ਪੱਤਰ ਪ੍ਰੇਰਕ): ਇੱਥੇ ਅੱਜ ਸਥਾਨਕ ਖੇਤਰ ਦੇ ਕਾਂਗਰਸੀਆਂ ਨੇ ਬੇਤਹਾਸ਼ਾ ਵੱਧ ਰਹੀਆਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਦੇ ਵਿਰੋਧ ਵਿੱਚ ਰੋਸ ਮਾਰਚ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਸੁਖਪ੍ਰੀਤ ਸਿੰਘ ਰਿਆੜ ਨੇ ਰੋਸ ਮਾਰਚ ਦੀ ਅਗਵਾਈ ਕੀਤੀ। ਆਦਮਪੁਰ ਦੋਆਬਾ (ਪੱਤਰ ਪ੍ਰੇਰਕ): ਬਲਾਕ ਕਾਂਗਰਸ ਪ੍ਰਧਾਨ ਆਦਮਪੁਰ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਮੋਦੀ ਦਾ ਪੁਤਲਾ ਸਾੜਿਆ।
ਬਲਾਚੌਰ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਬਲਾਚੌਰ ਦੇ ਸਮੂਹ ਯੂਥ ਕਾਂਗਰਸ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਹੀਰਾ ਖੇਪੜ ਦੀ ਅਗਵਾਈ ਵਿੱਚ ਅੱਜ ਮੇਨ ਚੌਕ ਬਲਾਚੌਰ ਵਿੱਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਤਲਵਾੜਾ (ਪੱਤਰ ਪ੍ਰੇਰਕ): ਇੱਥੇ ਬਲਾਕ ਕਾਂਗਰਸ ਕਮੇਟੀ ਵੱਲੋਂ ਪ੍ਰਧਾਨ ਠਾ. ਪ੍ਰੀਤਮ ਸਿੰਘ ‘ਪ੍ਰੀਤ’ ਦੀ ਅਗਵਾਈ ਹੇਠ ਮੋਦੀ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਗਿਆ। ਰੋਸ ਪ੍ਰਦਰਸ਼ਨ ‘ਚ ਹਲ਼ਕਾ ਵਿਧਾਇਕ ਅਰੁਣ ਕੁਮਾਰ ਉਰਫ਼ ਮਿੱਕੀ ਡੋਗਰਾ ਨੇ ਵੀ ਸ਼ਿਰਕਤ ਕੀਤੀ। ਸਥਾਨਕ ਡੈਮ ਰੋਡ ਸਥਿਤ ਕਾਂਗਰਸ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਗਈ।
ਐਨਐਸਯੂਆਈ ਨੇ ਕੇਂਦਰ ਸਰਕਾਰ ਦੀ ਅਰਥੀ ਸਾੜੀ
ਤਰਨ ਤਾਰਨ (ਪੱਤਰ ਪ੍ਰੇਰਕ): ਕਾਂਗਰਸ ਪਾਰਟੀ ਨਾਲ ਸਬੰਧਤ ਵਿਦਿਆਰਥੀ ਜਥੇਬੰਦੀ ਐਨਐਸਯੂਆਈ ਵੱਲੋਂ ਨਿਤ ਦਿਨ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਖਿਲਾਫ਼ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਅਤੇ ਕੇਂਦਰ ਸਰਕਾਰ ਦੀ ਅਰਥੀ ਸਾੜੀ| ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਰਿਤਿਕ ਅਰੋੜਾ ਵਲੋਂ ਜਥੇਬੰਦੀ ਦੇ ਵਰਕਰਾਂ ਦੀ ਅਗਵਾਈ ਕੀਤੀ| ਉਨ੍ਹਾਂ ਇਸ ਮੌਕੇ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਸਮਾਜ ਦਾ ਹਰ ਵਰਗ ਦੁਖੀ ਹੈ ਅਤੇ ਪੈਟਰੋਲੀਅਮ ਪਦਾਰਥਾਂ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤਾਂ ਨੇ ਤਾਂ ਆਮ ਕਾਰੋਬਾਰਾਂ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ।