ਬਹਾਦਰਜੀਤ ਸਿੰਘ
ਰੂਪਨਗਰ, 3 ਜੁਲਾਈ
ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਰੂਪਨਗਰ ਨੇੜਲੇ ਪਿੰਡ ਪੁਰਖਾਲੀ ਵਿੱਚ ਅਕਾਲੀ-ਬਸਪਾ ਗੱਠਜੋੜ ਦੀ ਪਹਿਲੀ ਮੀਟਿੰਗ ਵਿੱਚ ਸ਼ਾਮਲ ਹੋਣ ਆਏ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦਾ ਵਿਰੋਧ ਕੀਤਾ। ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਅਤੇ ਕਿਰਤੀ ਕਿਸਾਨ ਮੋਰਚੇ ਨਾਲ ਸਬੰਧਤ ਇਲਾਕੇ ਦੇ ਆਗੂਆਂ ਦੀ ਅਗਵਾਈ ਹੇਠ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ ਮੀਟਿੰਗ ਵਾਲੀ ਥਾਂ ਕੋਲ ਪੁੱਜੇ, ਜਿੱਥੇ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ। ਇਸ ਮੌਕੇ ਡਾ. ਚੀਮਾ ਦੇ ਸਾਥੀ ਅਤੇ ਪ੍ਰਦਰਸ਼ਨਕਾਰੀ ਆਪਸ ਵਿੱਚ ਧੱਕਾ- ਮੁੱਕੀ ਵੀ ਹੋਏ।
ਮੀਟਿੰਗ ਵਿੱਚ ਪੁੱਜੇ ਡਾ. ਚੀਮਾ ਨੇ ਕਿਹਾ ਕਿ ਇਹ ਵਿਰੋਧ ਕਿਸਾਨ ਜਥੇਬੰਦੀਆਂ ਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਲੱਖੋਵਾਲ ਤੇ ਰਾਜੇਵਾਲ ਦੇ ਪ੍ਰਧਾਨਾਂ ਅਤੇ ਕਈ ਹੋਰ ਆਗੂਆਂ ਨਾਲ ਫੋਨ ’ਤੇ ਗੱਲ ਹੋਈ ਹੈ ਤੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਭਾਜਪਾ ਨੂੰ ਛੱਡ ਕੇ ਉਨ੍ਹਾਂ ਦਾ ਕਿਸੇ ਹੋਰ ਪਾਰਟੀ ਨਾਲ ਕੋਈ ਵਿਰੋਧ ਨਹੀਂ ਹੈ। ਡਾ. ਚੀਮਾ ਨੇ ਦੋਸ਼ ਲਾਇਆ ਕਿ ਇਹ ਵਿਰੋਧ ਆਮ ਆਦਮੀ ਪਾਰਟੀ ਨਾਲ ਸਬੰਧਤ ਆਗੂਆਂ ਅਤੇ ‘ਆਪ’ ਦੀ ਟਿਕਟ ਦੇ ਚਾਹਵਾਨ ਗ਼ੈਰਕਾਨੂੰਨੀ ਖਣਨ ਵਿੱਚ ਸ਼ਾਮਲ ਇੱਕ ਵਿਅਕਤੀ ਵੱਲੋਂ ਆਪਣੇ ਚਹੇਤਿਆਂ ਦੀ ਮਦਦ ਨਾਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਦੇ ਸਮਝੌਤੇ ਤੋਂ ਬਾਅਦ ਉਨ੍ਹਾਂ ਦੀ ਪੁਰਖਾਲੀ ਵਿੱਚ ਪਹਿਲੀ ਮੀਟਿੰਗ ਸੀ ਪਰ ਇਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਮੀਟਿੰਗ ਨਹੀਂ ਕਰਨ ਦਿੱਤੀ ਅਤੇ ਦਲਿਤਾਂ ਦਾ ਅਪਮਾਨ ਕੀਤਾ ਹੈ। ਡਾ. ਚੀਮਾ ਨੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਪੁਲੀਸ ਦੀ ਕਥਿਤ ਸ਼ਹਿ ਨਾਲ ਸੰਭਵ ਹੋਇਆ ਹੈ। ਉਨ੍ਹਾਂ ਡੀਐੱਸਪੀ (ਆਰ) ਰੂਪਨਗਰ ਦੀ ਭੂਮਿਕਾ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਡੀਜੀਪੀ ਪੰਜਾਬ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਇਸ ਮੌਕੇ ਜਥੇਦਾਰ ਅਜਮੇਰ ਸਿੰਘ ਖੇੜਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਪਰਮਜੀਤ ਸਿੰਘ ਮੱਕੜ, ਗੁਰਵਿੰਦਰ ਸਿੰਘ ਗੋਲਡੀ ਹਾਜ਼ਰ ਸਨ।
ਬਸਪਾ ਵੱਲੋਂ ਪ੍ਰਦਰਸ਼ਨ ਦੀ ਨਿਖੇਧੀ
ਬਹੁਜਨ ਸਮਾਜ ਪਾਰਟੀ ਦੇ ਪੰਜਾਬ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਲੌਂਗੀਆ ਅਤੇ ਜ਼ਿਲ੍ਹਾ ਪ੍ਰਧਾਨ ਮਾਸਟਰ ਰਾਮਪਾਲ ਅਬਿਆਨਾ ਨੇ ਇਸ ਪ੍ਰਦਰਸ਼ਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਅਜਿਹੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰੇਗਾ।