ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਰਨਾਟਕ ਹਾਈ ਕੋਰਟ ਨੂੰ ਗੌਰੀ ਲੰਕੇਸ਼ ਹੱਤਿਆ ਕੇਸ ਦੇ ਇਕ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਬਾਰੇ ਫ਼ੈਸਲਾ ਲੈਣ ਲਈ ਕਿਹਾ ਹੈ। ਸਿਖ਼ਰਲੀ ਅਦਾਲਤ ਨੇ ਕਿਹਾ ਕਿ ਹਾਈ ਕੋਰਟ ਮੁਲਜ਼ਮ ਖ਼ਿਲਾਫ਼ ਦੋਸ਼ ਖਾਰਜ ਕਰਨ ਵਾਲੇ ਇਕ ਫ਼ੈਸਲੇ ਤੋਂ ਪ੍ਰਭਾਵਿਤ ਹੋਏ ਬਿਨਾਂ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਲਏ। ਗੌਰੀ ਲੰਕੇਸ਼ ਦੀ ਭੈਣ ਵੱਲੋਂ ਪਾਈ ਪਟੀਸ਼ਨ ’ਤੇ ਸਿਖ਼ਰਲੀ ਅਦਾਲਤ ਨੇ ਕਰਨਾਟਕ ਸਰਕਾਰ ਤੋਂ ਜਵਾਬ ਮੰਗਿਆ ਹੈ। ਮੁਲਜ਼ਮ ਮੋਹਨ ਨਾਇਕ ਖ਼ਿਲਾਫ਼ ਸੰਗਠਿਤ ਅਪਰਾਧ ਦੇ ਦੋਸ਼ ਹਟਾ ਦਿੱਤਾ ਗਏ ਹਨ ਤੇ ਗੌਰੀ ਦੀ ਭੈਣ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਨੇ ਕਰਨਾਟਕ ਸਰਕਾਰ ਤੇ ਹੋਰਾਂ ਨੂੰ ਨੋਟਿਸ ਜਾਰੀ ਕਰਦਿਆਂ ਮਾਮਲੇ ਉਤੇ ਅਗਲੀ ਸੁਣਵਾਈ 15 ਜੁਲਾਈ ਨੂੰ ਨਿਰਧਾਰਤ ਕਰ ਿਦੱਤੀ ਹੈ। -ਪੀਟੀਆਈ