ਹਰਜੀਤ ਸਿੰਘ ਪਰਮਾਰ
ਬਟਾਲਾ, 4 ਜੁਲਾਈ
ਥਾਣਾ ਘੁਮਾਣ ਦੇ ਪਿੰਡ ਬੱਲੜਵਾਲ ਵਿੱਚ ਨਿੱਜੀ ਰੰਜਿਸ਼ ਕਾਰਨ ਇੱਕ ਧਿਰ ਨੇ ਦੂਜੀ ਧਿਰ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ, ਜਦ ਕਿ 2 ਹੋਰ ਜ਼ਖ਼ਮੀ ਹੋਏ ਗਏ। ਘਟਨਾ ਅੱਜ ਸਵੇਰੇ ਤੜਕੇ ਕਰੀਬ ਸਾਢੇ ਪੰਜ ਵਜੇ ਦੀ ਹੈ। ਹਮਲਾਵਰ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਸ੍ਰੀ ਹਰਗੋਬਿੰਦਪੁਰ ਭਾਰੀ ਪੁਲੀਸ ਫੋਰਸ ਸਣੇ ਮੌਕੇ ‘ਤੇ ਪਹੁੰਚੇ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜਿਆ। ਮਰਨ ਵਾਲਿਆਂ ਦੀ ਪਛਾਣ 70 ਸਾਲਾ ਮੰਗਲ ਸਿੰਘ ਪੁੱਤਰ ਉਜਾਗਰ ਸਿੰਘ, 40 ਸਾਲਾ ਸੁਖਵਿੰਦਰ ਸਿੰਘ ਪੁੱਤਰ ਮੰਗਲ ਸਿੰਘ, ਜਸਬੀਰ ਸਿੰਘ ਪੁੱਤਰ ਮੰਗਲ ਸਿੰਘ ਤੇ 21 ਸਾਲਾ ਬੱਬਨਜੀਤ ਸਿੰਘ ਪੁੱਤਰ ਜਸਬੀਰ ਸਿੰਘ ਵਜੋਂ ਹੋਈ ਹੈ। ਘਟਨਾ ਵਿੱਚ ਜਰਮਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਪਹਿਲਾਂ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਪਰ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ। ਘਟਨਾ ਦਾ ਕਾਰਨ ਕਿਸੇ ਨਿੱਜੀ ਰੰਜਿਸ਼ ਨੂੰ ਦੱਸਿਆ ਜਾ ਰਿਹਾ ਹੈ ਪਰ ਅਜੇ ਤੱਕ ਕਿਸੇ ਅਧਿਕਾਰੀ ਨੇ ਅਧਿਕਾਰਤ ਤੌਰ ’ਤੇ ਇਸ ਦੀ ਪੁਸ਼ਟੀ ਨਹੀਂ ਕੀਤੀ। ਇਸ ਸਬੰਧੀ ਪੀੜਤ ਪਰਿਵਾਰ ਨਾਲ ਸਬੰਧਤ ਜਸਪਾਲ ਸਿੰਘ ਵਾਸੀ ਪਿੰਡ ਬੱਲੜਵਾਲ ਨੇ ਦੱਸਿਆ ਕਿ ਅੱਜ ਸਵੇਰੇ ਉਸ ਦੇ ਪਰਿਵਾਰ ਦੇ ਕੁੱਝ ਮੈਂਬਰ ਆਪਣੇ ਖੇਤਾਂ ਵਿੱਚ ਕੰਮ ਕਰ ਰਹੇ ਸਨ ਕਿ ਇਸੇ ਦੌਰਾਨ ਉਨ੍ਹਾਂ ਦੇ ਪਿੰਡ ਦੇ ਹੀ ਇੱਕ ਵਿਅਕਤੀ ਨੇ ਅਚਾਨਕ ਉਨ੍ਹਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਚਾਰ ਜੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦ ਕਿ ਦੋ ਜ਼ਖਮੀ ਹੋ ਗਏ। ਇਨ੍ਹਾਂ ਨੂੰ ਸਿਵਲ ਹਸਪਤਾਲ ਬਟਾਲਾ ਦੇ ਡਾਕਟਰਾਂ ਨੇ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਹੈ। ਇਸ ਸਬੰਧੀ ਡੀਐੱਸਪੀ ਸ੍ਰੀ ਹਰਗੋਬਿੰਦਪੁਰ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਫਾਇਰਿੰਗ ਦੀ ਘਟਨਾ ਦੌਰਾਨ ਚਾਰ ਵਿਅਕਤੀਆਂ ਦੀ ਮੌਤ ਹੋਈ ਹੈ ਅਤੇ ਦੋ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲੀਸ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।