ਦਵਿੰਦਰ ਪਾਲ
ਚੰਡੀਗੜ੍ਹ, 3 ਜੁਲਾਈ
ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਪੱਕੇ ਧਰਨਿਆਂ ਦੇ 276ਵੇਂ ਦਿਨ ਅੱਜ ਕਿਸਾਨ ਭਰਵੇਂ ਜੋਸ਼ ’ਚ ਵੇਖੇ ਗਏ। ਪੰਜਾਬ ਭਰ ’ਚ ਸਵਾ ਸੌ ਤੋਂ ਵੱਧ ਥਾਵਾਂ, ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ਵਿੱਚ ਕਿਸਾਨ ਆਗੂਆਂ ਨੇ ਸੂਬਾ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਦੱਸਿਆ ਕਿ ਖੇਤਾਂ ਦੀ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਅਤੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੰਗ ਸਬੰਧੀ ਪਟਿਆਲਾ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਬਾਗ਼ ਪੈਲੇਸ ਦੇ ਘਿਰਾਓ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ।
ਪਿਛਲੇ 9 ਮਹੀਨਿਆਂ ਤੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਫ਼ੈਸਲਾ ਕਰ ਕੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ 5 ਜੁਲਾਈ ਤੱਕ ਖੇਤੀਬਾੜੀ ਨੂੰ ਘੱਟੋ-ਘੱਟ 8 ਘੰਟੇ ਅਤੇ ਘਰੇਲੂ ਖੇਤਰ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇ ਇਨ੍ਹਾਂ ਮੁੱਦਿਆਂ ’ਤੇ ਸਰਕਾਰ ਨਾ ਜਾਗੀ ਤਾਂ 6 ਜੁਲਾਈ ਨੂੰ ਪੰਜਾਬ ਭਰ ਤੋਂ ਭਾਰੀ ਗਿਣਤੀ ਕਿਸਾਨ- ਮਜ਼ਦੂਰ ਅਤੇ ਆਮ ਲੋਕ ਨਿਊ ਮੋਤੀ ਬਾਗ਼ ਪੈਲੇਸ ਸਾਹਮਣੇ ਧਰਨਾ ਲਾਉਣਗੇ।
ਸੰਯੁਕਤ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਵੱਲੋਂ 8 ਜੁਲਾਈ ਨੂੰ 10 ਤੋਂ 12 ਵਜੇ ਤੱਕ 2 ਘੰਟਿਆਂ ਲਈ ਦੇਸ਼ ਭਰ ’ਚ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੌਰਾਨ ਹਰ ਵਰਗ ਦੇ ਲੋਕਾਂ ਨੂੰ ਆਪਣੇ ਸਕੂਟਰ, ਮੋਟਰਸਾਈਕਲ, ਟਰੈਕਟਰ, ਗੱਡੀਆਂ, ਬੱਸਾਂ, ਟਰੱਕਾਂ ਸਮੇਤ ਅਤੇ ਖਾਲੀ ਗੈਸ ਸਿਲੰਡਰਾਂ ਸਮੇਤ ਰੋਸ ਪ੍ਰਦਰਸ਼ਨ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਲੋਕਾਂ ਨੂੰ ਸੜਕਾਂ ਦੇ ਇੱਕ ਪਾਸੇ ਸ਼ਾਂਤਮਈ ਪ੍ਰਦਰਸ਼ਨ ਕਰਨ ਲਈ ਆਖਿਆ ਗਿਆ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਅਸਿੱਧੇ ਢੰਗ ਨਾਲ ਲਾਗੂ ਕਰਦਿਆਂ ਬਿਜਲੀ ਅਤੇ ਪਾਣੀ ਦਾ ਸੰਕਟ ਖੜ੍ਹਾ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਦੁਖੀ ਹੋ ਕੇ ਝੋਨੇ ਅਤੇ ਕਣਕ ਦੀ ਕਾਸ਼ਤ ਨੂੰ ਛੱਡ ਦੇਣ, ਜਦਕਿ ਦੂਜੀਆਂ ਫ਼ਸਲਾਂ ਸਰਕਾਰੀ ਮੁੱਲ ਤੋਂ ਹੇਠਾਂ ਖਰੀਦੀਆਂ ਜਾਂਦੀਆਂ ਹਨ।
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ‘ਕਾਲੀ ਆਜ਼ਾਦੀ ਦਿਵਸ’ ਮਨਾਉਣ ਦਾ ਐਲਾਨ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਜਥੇਬੰਦੀ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜਾ ‘ਕਾਲੀ ਆਜ਼ਾਦੀ ਦਿਵਸ’ ਵਜੋਂ ਮਨਾਇਆ ਜਾਵੇਗਾ। ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਅੱਜ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਾਰ ਭਵਨ ਵਿੱਚ ਹੋਈ, ਜਿਸ ਵਿੱਚ 15 ਅਗਸਤ ਨੂੰ ਪੰਜਾਬ ਅਤੇ ਦਿੱਲੀ ਵਿੱਚ ਕਿਸਾਨ ਮੋਰਚੇ ਦੀ ਸਟੇਜ ’ਤੇ ਕਾਲੇ ਝੰਡੇ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੌਰਾਨ ਸੜਕਾਂ ’ਤੇ ਮਾਰਚ ਕਰ ਕੇ ਸੜਕਾਂ ਜਾਮ ਕੀਤੀਆਂ ਜਾਣਗੀਆਂ ਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ।