ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਜੁਲਾਈ
ਪੰਜਾਬ ਕਾਂਗਰਸ ਤੋਂ ਬਾਅਦ ਹੁਣ ਹਰਿਆਣਾ ਕਾਂਗਰਸ ਦਾ ਅੰਦਰੁਨੀ ਕਾਟੋ ਕਲੇਸ਼ ਜੱਗ ਜ਼ਾਹਿਰ ਹੋਣ ਲੱਗ ਪਿਆ ਹੈ। ਹਰਿਆਣਾ ਕਾਂਗਰਸ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਧੜੇ ਵਿਚਕਾਰ ਆਪਸੀ ਮੱਤਭੇਦ ਵਧਣ ਲੱਗੇ ਹਨ। ਕਾਂਗਰਸ ਹਾਈਕਮਾਨ ਕੋਲ ਕਾਂਗਰਸੀ ਵਿਧਾਇਕਾਂ ਦੇ ਹਾਜ਼ਰੀ ਭਰਨ ਤੋਂ ਬਾਅਦ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਵੀ ਦਿੱਲੀ ਪਹੁੰਚ ਗਈ ਹੈ। ਜਿੱਥੇ ਬਾਅਦ ਦੁਪਹਿਰ ਕੌਮੀ ਜਨਰਲ ਸਕੱਤਰ ਵੇਣੂ ਗੋਪਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਜਾ ਚੁੱਕੀ ਹੈ, ਜਿਸ ਨੂੰ ਹਾਈਕਮਾਨ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤਾ ਜਾਵੇਗਾ। ਹਰਿਆਣਾ ਵਿੱਚ ਕਾਂਗਰਸ ਦੀ ਮਜ਼ਬੂਤੀ ਲਈ ਸੂਬਾ ਕਾਰਜਕਾਰਨੀ ਦਾ ਐਲਾਨ ਕੀਤਾ ਜਾਣਾ ਹੈ, ਜਿਸ ਵਿੱਚ ਦੋਵਾਂ ਧੜਿਆਂ ਵੱਲੋਂ ਆਪਣੇ ਵਰਕਰਾਂ ਨੂੰ ਸ਼ਾਮਲ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਕੁਮਾਰੀ ਸ਼ੈਲਜਾ ਦਾ ਕਹਿਣਾ ਹੈ ਕਿ ਪਾਰਟੀ ਲਈ ਕੰਮ ਕਰਨ ਵਾਲੇ ਵਰਕਰ ਦੀ ਅਣਦੇਖੀ ਨਹੀਂ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਸ਼ਨਿਚਰਵਾਰ ਦੇਰ ਰਾਤ ਤੱਕ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ, ਪਰ ਖ਼ਬਰ ਲਿਖੇ ਜਾਣ ਤੱਕ ਮੁਲਾਕਾਤ ਨਹੀਂ ਸੀ ਹੋ ਸਕੀ। ਲੰਘੇ ਦਿਨ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਸਮਰਥਨ ਵਿੱਚ ਪਾਰਟੀ ਦੇ 19 ਵਿਧਾਇਕਾਂ ਨੇ ਦਿੱਲੀ ਹਾਈਕਮਾਨ ਨਾਲ ਮੁਲਾਕਾਤ ਕਰਕੇ ਹਰਿਆਣਾ ਕਾਂਗਰਸ ਦੀ ਵਾਗਡੋਰ ਸ੍ਰੀ ਹੁੱਡਾ ਦੇ ਹੱਥ ਦੇਣ ਦੀ ਮੰਗ ਕੀਤੀ ਸੀ, ਜਿਸ ’ਤੇ ਸ੍ਰੀ ਵੇਣੂ ਗੋਪਾਲ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਪਾਰਟੀ ਹਾਈਕਮਾਨ ਦੀ ਮਨਜ਼ੂਰੀ ਤੋਂ ਬਿਨਾਂ ਸੂਬੇ ਵਿੱਚ ਕੋਈ ਵੀ ਫ਼ੈਸਲਾ ਨਹੀਂ ਲਿਆ ਜਾਵੇਗਾ।