ਅਤਾਮੀ: ਜਪਾਨ ਦੀ ਰਾਜਧਾਨੀ ਟੋਕੀਓ ਦੇ ਦੱਖਣ-ਪੱਛਮੀ ਸ਼ਹਿਰ ਅਤਾਮੀ ’ਚ ਮੋਹਲੇਧਾਰ ਮੀਂਹ ਮਗਰੋਂ ਢਿੱਗਾਂ ਡਿੱਗਣ ਕਾਰਨ ਦੋ ਵਿਅਕਤੀ ਮਾਰੇ ਗਏ ਜਦਕਿ 20 ਹੋਰ ਲਾਪਤਾ ਹਨ। ਮਲਬੇ ’ਚ ਕਈ ਘਰ ਅਤੇ ਕਾਰਾਂ ਰੁੜ੍ਹ ਗਈਆਂ ਹਨ। ਬਚਾਅ ਕਾਰਜਾਂ ਲਈ ਇਕ ਹਜ਼ਾਰ ਤੋਂ ਜ਼ਿਆਦਾ ਸੈਨਿਕ, ਅੱਗ ਬੁਝਾਊ ਦਸਤੇ ਅਤੇ ਪੁਲੀਸ ਕਰਮੀਆਂ ਨੂੰ ਲਾਇਆ ਗਿਆ ਹੈ। ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ 19 ਵਿਅਕਤੀਆਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਤਾਮੀ ’ਚ 130 ਘਰਾਂ ਅਤੇ ਹੋਰ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਕੈਬਨਿਟ ਦੀ ਐਮਰਜੈਂਸੀ ਮੀਟਿੰਗ ਮਰਗੋਂ ਉਨ੍ਹਾਂ ਕਿਹਾ ਕਿ ਅਜੇ ਵੀ ਮੋਹਲੇਧਾਰ ਮੀਂਹ ਪੈ ਰਿਹਾ ਹੈ ਪਰ ਬਚਾਅ ਕਾਰਜ ਜਾਰੀ ਰਹਿਣਗੇ।
ਲੋਕਾਂ ਦੀ ਭਾਲ ਲਈ ਫ਼ੌਜ ਨੇ ਛੇ ਡਰੋਨਾਂ ਦੀ ਵਰਤੋਂ ਕੀਤੀ ਹੈ। ਸਰਕਾਰ ਨੇ ਖ਼ਦਸ਼ਾ ਜਤਾਇਆ ਹੈ ਕਿ ਮੌਤਾਂ ਦੀ ਗਿਣਤੀ ਵਧ ਸਕਦੀ ਹੈ। ਮੋਹਲੇਧਾਰ ਮੀਂਹ ਕਾਰਨ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਆਪਣੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ। -ਏਪੀ