ਸਰਬਜੀਤ ਸਿੰਘ ਭੰਗੂ
ਪਟਿਆਲਾ, 5 ਜੁਲਾਈ
ਬਿਜਲੀ ਦੀ ਨਾਕਸ ਸਪਲਾਈ ਖ਼ਿਲਾਫ਼ ਸੁਰਜੀਤ ਸਿੰਘ ਫੂਲ ਦੀ ਅਗਵਾਈ ਹੇਠਲੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਇੱਥੇ ਪਾਵਰਕੌਮ ਦੇ ਮੁੱਖ ਦਫਤਰ ਵਿੱਚ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਨੇ ਦੱਸਿਆ ਕਿ ਇਹ ਧਰਨਾ ਅਣਮਿੱਥੇ ਸਮੇਂ ਲਈ ਲਾਇਆ ਗਿਆ ਹੈ।
ਯੂਨੀਅਨ ਦਾ ਤਰਕ ਹੈ ਕਿ ਝੋਨੇ ਦੀ ਲਵਾਈ ਲਈ ਕਿਸਾਨਾਂ ਵੱਲੋਂ ਸ਼ੁਰੂ ਤੋਂ ਹੀ ਦੱਸ ਘੰਟੇ ਬਿਜਲੀ ਸਪਲਾਈ ਦੀ ਮੰਗ ਕੀਤੀ ਜਾ ਰਹੀ ਹੈ, ਪਰ ਪਾਵਰਕੌਮ ਵੱਲੋਂ ਅੱਠ ਘੰਟੇ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਬਾਵਜੂਦ ਇਸ ਦੇ ਇਨ੍ਹਾਂ ਅੱਠ ਘੰਟਿਆਂ ਵਿਚੋਂ ਵੀ ਤਿੰਨ ਤੋਂ ਚਾਰ ਘੰਟਿਆਂ ਦਾ ਕੱਟ ਲਾਇਆ ਜਾ ਰਿਹਾ ਹੈ, ਜਿਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਬਿਜਲੀ ਦੀ ਪੂਰਤੀ ਨਹੀਂ ਹੋ ਰਹੀ। ਕਿਸਾਨ ਆਗੂਆਂ ਦਾ ਤਰਕ ਸੀ ਕਿ ਇਸ ਦੌਰਾਨ ਜਿੱਥੇ ਕਿਸਾਨਾਂ ਦਾ ਝੋਨਾ ਸੁੱਕ ਰਿਹਾ ਹੈ, ਉਥੇ ਝੋਨੇ ਦੀ ਲਵਾਈ ਵੀ ਪਛੜ ਰਹੀ ਹੈ। ਇਸ ਤੋਂ ਇਲਾਵਾ ਘਰੇਲੂ ਬਿਜਲੀ ਵਿੱਚ ਵੀ ਵੱਡੇ ਕੱਟ ਲਾਏ ਜਾ ਰਹੇ ਹਨ।