ਮਹਿੰਦਰ ਸਿੰਘ ਰੱਤੀਆਂ
ਮੋਗਾ, 5 ਜੁਲਾਈ
ਕਿਸਾਨਾਂ ਨੇ ਜਾਮ ਨਗਰ-ਬਠਿੰਡਾ ਐਕਸਪ੍ਰੈੱਸ ਵੇਅ ਲਈ ਜ਼ਮੀਨਾਂ ਐਕੁਆਇਰ ਕਰ ਕੇ ਬਣਦਾ ਮੁੱਲ ਨਾ ਦੇਣ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਰੋਡ ਸੰਘਰਸ਼ ਕਮੇਟੀ ਦੇ ਬੈਨਰ ਹੇਠ ਰੋਸ ਧਰਨੇ ਮਗਰੋਂ ਰੋਹ ’ਚ ਆਏ ਕਿਸਾਨਾਂ ਨੇ ਬਾਅਦ ਦੁਪਹਿਰ ਜ਼ਿਲ੍ਹਾ ਸਕੱਤਰੇਤ ਦੇ ਦੋਵਾਂ ਗੇਟਾਂ ਅੱਗੇ ਟਰੈਕਟਰ ਖੜ੍ਹੇ ਕੇ ਅੰਦਰ-ਬਾਹਰ ਜਾਣ ਦੇ ਰਸਤੇ ਬੰਦ ਕਰ ਦਿੱਤੇ।
ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਬਲੌਰ ਸਿੰਘ ਘਾਲੀ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸਾਨ ਪਹਿਲਾਂ ਹੀ ਬਹੁਤ ਦੁਖੀ ਸੀ ਅਤੇ ਹੁਣ ਪੂੰਜੀਪਤੀਆਂ ਨੂੰ ਲਾਹਾ ਪਹੁੰਚਾਉਣ ਲਈ ਪੰਜਾਬ ਸਰਕਾਰ ਕੇਂਦਰ ਨਾਲ ਮਿਲ ਕੇ ਐਕਸਪ੍ਰੈੱਸ ਵੇਅ ਕੱਢ ਰਹੀ ਹੈ, ਜਿਸ ਲਈ ਕਿਸਾਨਾਂ ਦੀਆਂ ਜ਼ਮੀਨਾਂ ਕੌਢੀਆਂ ਦੇ ਭਾਅ ਲੈ ਕੇ ਕੇਂਦਰ ਨੂੰ ਦਿੱਤੀਆਂ ਜਾ ਰਹੀਆਂ ਹਨ।
ਰੋਡ ਸੰਘਰਸ਼ ਕਮੇਟੀ ਸੂਬਾਈ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਅਤੇ ਸੁਬਾਈ ਆਗੂ ਤੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਬੁੱਟਰ, ਸੂਬਾਈ ਕੋਆਰਡੀਨੇਟਰ ਹਰਮਨਪ੍ਰ੍ੀਤ ਸਿੰਘ ਡਿੱਕੀ ਜੇਜੀ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਨੇ ਅੱਜ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਪੱਕੇ ਤੌਰ ’ਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਲਾਉਣ ਆਏ ਹਨ ਤੇ ਐਕਸਪ੍ਰੈੱਸ ਵੇਅ ਲਈ ਜ਼ਮੀਨ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਸਾਜ਼ਿਸ਼ ਤਹਿਤ ਪਹਿਲਾਂ ਤਿੰਨ ਖੇਤੀ ਕਾਨੂੰਨ ਲੈ ਕੇ ਆਈ ਤੇ ਹੁਣ ਐਕਸਪ੍ਰੈੱਸ ਵੇਅ ਪ੍ਰਾਜੈਕਟ ਰਾਹੀਂ ਜ਼ਮੀਨਾਂ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਐਕਸਪ੍ਰੈੱਸ ਵੇਅ ਜ਼ਮੀਨ ਤੋਂ 15 ਫੁੱਟ ਦੀ ਉਚਾਈ ’ਤੇ ਬਣਾਇਆ ਜਾਣਾ ਹੈ, ਜਿਸ ਕਾਰਨ ਐਕਸਪ੍ਰੈੱਸ ਵੇਅ ਦੇ ਦੋਵੇਂ ਪਾਸਿਆਂ ਦੇ ਜ਼ਮੀਨੀ ਮਾਲਕਾਂ ਦੀ ਬਾਕੀ ਜ਼ਮੀਨ ਵੀ ਬਰਬਾਦ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਮੀਨਾਂ ਨਾ ਦੇਣ ਦਾ ਐਲਾਨ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਦੇ ਅਧਿਕਾਰੀ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਨਹੀਂ ਰੋਕ ਰਹੇ।
ਸਹੀ ਮੁਆਵਜ਼ਾ ਨਾ ਮਿਲਿਆ ਤਾਂ ਜ਼ਮੀਨਾਂ ਨਹੀਂ ਦਿਆਂਗੇ: ਕਿਸਾਨ
ਭੁਲੱਥ (ਦਲੇਰ ਸਿੰਘ ਚੀਮਾ): ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਤੋਂ ਪੀੜਤ ਹਲਕਾ ਭੁਲੱਥ ਨਾਲ ਸਬੰਧਤ 11 ਪਿੰਡਾਂ ਦੇ ਕਿਸਾਨਾਂ ਨੇ ਅੱਜ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿੱਚ ਭਰਵਾਂ ਇਕੱਠ ਕਰਕੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਐਕੁਆਇਰ ਕੀਤੀ ਜਾਣ ਵਾਲੀ ਉਨ੍ਹਾਂ ਦੀ ਜ਼ਮੀਨ ਦਾ ਸਹੀ ਮੁਆਵਜ਼ਾ ਨਾ ਦਿੱਤਾ ਤਾਂ ਉਹ ਜ਼ਮੀਨ ਨਹੀਂ ਦੇਣਗੇ ਅਤੇ ਇਸ ਦੇ ਵਿਰੋਧ ਵਿਚ ਖੜ੍ਹੇ ਹੋਣਗੇ। ਇਸ ਸਬੰਧੀ ਜਲਦੀ ਹੀ ਕਿਸਾਨਾਂ ਦੀ ਇੱਕ ਐਕਸ਼ਨ ਕਮੇਟੀ ਵੀ ਬਣਾਈ ਜਾ ਰਹੀ ਹੈ। ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਗੁਰਸੇਵਕ ਸਿੰਘ ਸਰਪੰਚ ਰਾਏਪੁਰ ਰਾਜਪੂਤਾਂ, ਸਤਨਾਮ ਸਿੰਘ ਚੀਮਾ ਸਰਪੰਚ ਦਮੂਲੀਆਂ, ਜਗਤਾਰ ਸਿੰਘ ਕਾਹਲੋਂ ਦਮੂਲੀਆਂ, ਨੰਬਰਦਾਰ ਬਲਵਿੰਦਰ ਸਿੰਘ ਕਾਹਲੋਂ ਹੁੱਸੇਵਾਲ, ਬਲਕਾਰ ਸਿੰਘ ਬੁੱਲੇਵਾਲ ਤੇ ਅਮਰੀਕ ਸਿੰਘ ਘੱਗ ਨੇ ਦੱਸਿਆ ਕਿ ਸਰਕਾਰ ਵੱਲੋਂ ਮਾਰਕੀਟ ਰੇਟ ਤੋਂ ਬਹੁਤ ਹੀ ਘੱਟ ਨਿਗੂਣਾ ਜਿਹਾ ਮੁਆਵਜ਼ਾ ਦੇ ਕੇ ਸਾਰਿਆ ਜਾ ਰਿਹਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਮਾਰਕੀਟ ਰੇਟ ਦੇ ਹਿਸਾਬ 4 ਗੁਣਾ ਵੱਧ ਰੇਟ ਦਿੱਤਾ ਜਾਵੇ ਅਤੇ ਜੇਕਰ ਅਜਿਹਾ ਨਾ ਹੋਇਆ ਤਾਂ ਸੰਘਰਸ਼ ਦਾ ਰਾਹ ਅਖਤਿਆਰ ਕਰਨਗੇ, ਇਸ ਸਬੰਧੀ ਭਾਵੇਂ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਕਿਉਂ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਜਲਦੀ ਹੀ ਉਹ ਕਿਸਾਨ ਜਥੇਬੰਦੀਆਂ ਨੂੰ ਲੈ ਕੇ ਮੀਟਿੰਗ ਕਰਨਗੇ ਅਤੇ ਇਸ ਲਈ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੋਂ ਵੀ ਸਹਿਯੋਗ ਮੰਗਿਆ ਜਾਵੇਗਾ। ਇਸ ਸਬੰਧੀ ਐੱਸਡੀਐੱਮ ਭੁਲੱਥ ਨੂੰ ਮਿਲਣ ਮਗਰੋਂ ਅਗਲਾ ਪ੍ਰੋਗਰਾਮ ਐਲਾਨਿਆ ਜਾਵੇਗਾ।