ਪਾਲ ਸਿੰਘ ਨੌਲੀ
ਜਲੰਧਰ, 5 ਜੁਲਾਈ
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 8 ਜੁਲਾਈ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਟਰੱਕਾਂ, ਬੱਸਾਂ, ਟੈਕਸੀਆਂ, ਪੈਟਰੋਲ ਪੰਪਾਂ ਸਮੇਤਾਂ ਗੈਸ ਏਜੰਸੀਆਂ ਨਾਲ ਸਬੰਧਤ ਜਥੇਬੰਦੀਆਂ ਨੇ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਆਲ ਪੰਜਾਬ ਟਰੱਕ ਯੂਨੀਅਨ ਨੇ ਐਲਾਨ ਕੀਤਾ ਕਿ 65 ਹਜ਼ਾਰ ਦੇ ਕਰੀਬ ਟਰੱਕ ਕਿਸਾਨ ਅੰਦੋਲਨ ਦੇ ਹੱਕ ਵਿੱਚ ਦੋ ਘੰਟੇ ਕੌਮੀ ਤੇ ਰਾਜ ਮਾਰਗਾਂ ’ਤੇ ਖੜ੍ਹੇ ਰਹਿਣਗੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਮਨਜੀਤ ਸਿੰਘ ਰਾਏ ਅਤੇ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਡੀਜ਼ਲ ਅਤੇ ਪੈਟਰੋਲ ’ਤੇ ਚੱਲਣ ਵਾਲੀਆਂ ਗੱਡੀਆਂ ਕੌਮੀ ਤੇ ਰਾਜ ਮਾਰਗਾਂ ਦੇ ਕਿਨਾਰੇ ਖੜ੍ਹੀਆਂ ਕੀਤੀਆਂ ਜਾਣਗੀਆਂ।ਇਸ ਮੌਕੇ ਆਲ ਇੰਡੀਆ ਐੱਲਪੀਜੀ ਡਿਸਟੀਬਿਊਟਰ ਫੈਡਰੇਸ਼ਨ ਪੰਜਾਬ ਦੀ ਪ੍ਰਧਾਨ ਸ੍ਰੀਮਤੀ ਹਰਸਿਮਰਜੀਤ ਕੌਰ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਚੇਅਰਮੈਨ ਭੁਪਿੰਦਰ ਸਿੰਘ ਘੁੰਮਣ,ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਜਰਨੈਲ ਸਿੰਘ ਗੜ੍ਹਦੀਵਾਲਾ, ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਬੀਰ ਸਿੰਘ ਚੌਹਾਨ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਸ਼ੁਲਿੰਦਰ ਸਿੰਘ, ਵਾਈਸ ਪ੍ਰਧਾਨ ਮੁਕੇਸ਼ ਚੰਦਰ ਸ਼ਰਮਾ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ, ਪਟੈਟੋ ਗਰੋਅਰ ਐਸੋਸੀਏਸ਼ਨ ਦੇ ਆਗੂ ਜਸਵਿੰਦਰ ਸਿੰਘ ਸੰਘਾ, ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਕੰਬੋਜ, ਪੰਜਾਬ ਬੱਸ ਉਪਰੇਟਰ ਐਸੋਸੀਏਸ਼ਨ ਦੇ ਆਗੂ ਸੰਦੀਪ ਸ਼ਰਮਾ, ਗੁਰਿੰਦਰ ਸਿੰਘ ਸ਼ੇਰੋ ਤੇ ਦਲਵਿੰਦਰ ਸਿੰਘ ਅਤੇ ਪੰਜਾਬ ਟੈਕਸੀ ਯੂਨੀਅਨ ਦੇ ਸਕੱਤਰ ਬਲਬੀਰ ਸਿੰਘ ਥਾਂਦੀ ਸਮੇਤ ਹੋਰ ਆਗੂ ਹਾਜ਼ਰ ਸਨ।