ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ/ਨਵੀਂ ਦਿੱਲੀ, 7 ਜੁਲਾਈ
ਦੇਸ਼ ਵਿੱਚ ਲਗਾਤਾਰ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਨੇ ਬੁੱਧਵਾਰ ਨੂੰ ਦੇਸ਼ ਵਿੱਚ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨ ਕੀਤੇ। ਹਰਿਆਣਾ ਦੇ ਕਾਂਗਰਸੀ ਆਗੂਆਂ ਨੇ ਮਹਿੰਗਾਈ ਖ਼ਿਲਾਫ਼ ਰੇਹੜੇ ਚਲਾ ਕੇ ਅਤੇ ਮਹਿਲਾ ਕਾਂਗਰਸੀ ਕਾਰਕੁਨਾਂ ਨੇ ਥਾਲੀਆਂ ਖੜਕਾ ਕੇ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਹਰਿਆਣਾ ਕਾਂਗਰਸ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਹਾਂਸੀ ਦੇ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ।
ਨਾਗਾਲੈਂਡ ਪ੍ਰਦੇਸ਼ ਕਾਂਗਰਸ ਕਮੇਟੀ ਨੇ ਅਸਮਾਨੀ ਪੁੱਜੀਆਂ ਤੇਲ ਕੀਮਤਾਂ ਤੇ ਵਧਦੀ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਕੀਤੇ। ਐੱਨਪੀਸੀਸੀ ਦੇ ਕਾਰਜਕਾਰੀ ਪ੍ਰਧਾਨ ਖਰੀਡੀ ਥਿਊਨਿਊ ਨੇ ਕਿਹਾ ਕਿ ਆਮ ਆਦਮੀ ਕਰੋਨਾ ਮਹਾਮਾਰੀ ਤੋਂ ਪਹਿਲਾਂ ਹੀ ਪ੍ਰੇਸ਼ਾਨ ਸੀ ਜਦੋਂਕਿ ਰਹਿੰਦੀ ਖੂੰਹਦੀ ਕਸਰ ਤੇਲ ਕੀਮਤਾਂ ਤੇ ਜ਼ਰੂਰੀ ਵਸਤਾਂ ਦੀਆਂ ਵਧੀਆਂ ਕੀਮਤਾਂ ਨੇ ਪੂਰੀ ਕਰ ਦਿੱਤੀ ਹੈ। ਪੁਡੂਚੇਰੀ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਵੀ ਨਰਾਇਣਸਾਮੀ ਅਤੇ ਕਾਂਗਰਸ ਦੇ ਵੱਖ-ਵੱਖ ਵਿੰਗਾਂ ਨੇ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕੇਂਦਰੀ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ ਕੀਤਾ। ਕੌਮੀ ਰਾਜਧਾਨੀ ਵਿੱਚ ਪੈਟਰੋਲ 100 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਕਾਂਗਰਸ ਨੇ ਰਾਜਸਥਾਨ, ਉਤਰ ਪ੍ਰਦੇਸ਼, ਜੰਮੂ ਕਸ਼ਮੀਰ ਸਮੇਤ ਹੋਰ ਕਈ ਸੂਬਿਆਂ ਵਿੱਚ ਵੀ ਪ੍ਰਦਰਸ਼ਨ ਕੀਤੇ।
